- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਨੰਬਰ ਦੀ ਬੌਟਮ-ਆਪ ਸਰਕਾਰ ਸਾਰੇ ਵਰਗਾਂ ਦੇ ਤਿਉਹਾਰਾਂ ਨੂੰ ਸੁਚਾਰੂ ਢੰਗ ਨਾਲ ਮਨਾਉਣ ਲਈ ਵਚਨਬੱਧ-ਅਮਨ ਅਰੋੜਾ

1 ਨੰਬਰ ਦੀ ਬੌਟਮ)
-ਅਰੋੜਾ ਤੇ ਮੁੰਡੀਆਂ ਨੇ ਸਿੱਧਵਾਂ ਨਹਿਰ ਤੇ ਸਤਲੁਜ ਦਰਿਆ ’ਤੇ ਛਠ ਪੂਜਾ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
-15 ਨਵੰਬਰ ਨੂੰ ਮਨਾਏ ਜਾਣ ਵਾਲੇ ਤਿਉਹਾਰ ਸਬੰਧੀ ਸ਼ਰਧਾਲੂਆਂ ਲਈ ਹੈਲਪਲਾਈਨ ਨੰਬਰ 0161-2403100 ਜਾਰੀ
12
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਸਰਕਾਰ ਹਰ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਸਾਰੇ ਤਿਉਹਾਰਾਂ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਮਨਾਉਣ ਲਈ ਵਚਨਬੱਧ ਹੈ। ਇਹ ਗੱਲ ਕੈਬਨਿਟ ਮੰਤਰੀ ਤੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਵੀਰਵਾਰ ਨੂੰ ਲੁਧਿਆਣਾ ਵਿਖੇ ਛਠ ਪੂਜਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕਹੀ। ਉਨ੍ਹਾਂ ਕਿਹਾ ਕਿ 15 ਨਵੰਬਰ ਨੂੰ ਮਨਾਏ ਜਾਣ ਵਾਲੇ ਛਠ ਪੂਜਾ ਤਿਉਹਾਰ ਲਈ ਪੰਜਾਬ ਭਰ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਕੈਬਨਿਟ ਮੰਤਰੀ ਅਰੋੜਾ ਤੇ ਕੈਬਨਿਟ ਹਰਦੀਪ ਸਿੰਘ ਮੁੰਡੀਆ ਨੇ ਪੱਖੋਵਾਲ ਰੋਡ ਸਥਿਤ ਸਿੱਧਵਾਂ ਨਹਿਰ ਦੇ ਪੁਲ ਅਤੇ ਲਾਢੋਵਾਲ ਵਿਖੇ ਸਤਲੁਜ ਦਰਿਆ ਦਾ ਦੌਰਾ ਕਰਕੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਪੂਜਾ ਘਾਟਾਂ ਦੀ ਸਫ਼ਾਈ, ਸੁਰੱਖਿਆ, ਰੌਸ਼ਨੀ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਗੁਰੂਆਂ ਅਤੇ ਪੀਰਾਂ ਦੀ ਧਰਤੀ ਹੈ, ਜਿੱਥੇ ਹਰ ਧਰਮ ਅਤੇ ਭਾਈਚਾਰੇ ਦਾ ਸਤਿਕਾਰ ਕੀਤਾ ਜਾਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇਸ਼ ਦੇ ਦੂਸਰੇ ਰਾਜਾਂ ਤੋਂ ਆਏ ਪਰਿਵਾਰਾਂ ਨੂੰ ਘਰ ਵਰਗਾ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਇਕ ਦਿਨ ਪਹਿਲਾਂ ਵਿਸ਼ੇਸ਼ ਮੀਟਿੰਗ ਕਰਕੇ ਸੂਬੇ ਭਰ ਵਿੱਚ ਛਠ ਪੂਜਾ ਦੇ ਸਮਾਗਮਾਂ ਵਾਲੀਆਂ ਥਾਵਾਂ 'ਤੇ ਤਿਆਰੀਆਂ ਦਾ ਜਾਇਜ਼ਾ ਲਿਆ ਸੀ ਅਤੇ ਅਧਿਕਾਰੀਆਂ ਨੂੰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਸਨ।
ਕੈਬਨਿਟ ਮੰਤਰੀ ਮੁੰਡੀਆ ਨੇ ਕਿਹਾ ਕਿ ਲੁਧਿਆਣਾ ਵਿੱਚ ਛਠ ਪੂਜਾ ਨੂੰ ਸ਼ਾਂਤਮਈ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਘਾਟਾਂ 'ਤੇ ਪੁਲਿਸ ਸੁਰੱਖਿਆ, ਟ੍ਰੈਫਿਕ ਪ੍ਰਬੰਧਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਤਾਇਨਾਤ ਰਹਿਣਗੀਆਂ। ਇਸ ਤੋਂ ਇਲਾਵਾ ਕਿਸੇ ਵੀ ਅਣਸੁਖਾਵੀਂ ਘਟਨਾ ਜਾਂ ਐਮਰਜੈਂਸੀ ਨਾਲ ਨਜਿੱਠਣ ਲਈ ਐੱਸਡੀਆਰਐੱਫ ਦੀਆਂ ਟੀਮਾਂ ਤੇ ਸਿਖਲਾਈ ਪ੍ਰਾਪਤ ਗੋਤਾਖੋਰ ਵੀ ਮੌਜੂਦ ਰਹਿਣਗੇ।
ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਅਤੇ ਪ੍ਰਬੰਧਕਾਂ ਦੀ ਸਹੂਲਤ ਲਈ ਵਿਸ਼ੇਸ਼ ਹੈਲਪਲਾਈਨ ਨੰਬਰ 0161-2403100 ਜਾਰੀ ਕੀਤਾ ਗਿਆ ਹੈ। ਤਿਉਹਾਰ ਤੋਂ ਪਹਿਲਾਂ, ਦੌਰਾਨ ਜਾਂ ਬਾਅਦ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ 'ਤੇ ਇਸ ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਲੋੜ ਪੈਣ 'ਤੇ ਪ੍ਰਸ਼ਾਸਨ ਵੱਲੋਂ ਜੇਸੀਬੀ ਮਸ਼ੀਨਾਂ, ਪਾਣੀ ਦੇ ਟੈਂਕਰ, ਤਰਪਾਲਾਂ ਅਤੇ ਹੋਰ ਲੁੜੀਂਦੀ ਸਮੱਗਰੀ ਵੀ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਜੀਵਨ ਸਿੰਘ ਸੰਗੋਵਾਲ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਖੰਗੂੜਾ, ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਦੋਵਾਂ ਮੰਤਰੀਆਂ ਨੇ ਛਠ ਮਈਆ ਪੂਜਾ ਮਨਾਉਣ ਵਾਲੇ ਪਰਿਵਾਰਾਂ ਨੂੰ ਅਗਾਊਂ ਵਧਾਈ ਦਿੰਦਿਆਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਸ਼ਰਧਾਲੂ ਨੂੰ ਸੁਰੱਖਿਅਤ ਅਤੇ ਸੁਖਾਵੇਂ ਮਾਹੌਲ ਵਿੱਚ ਪੂਜਾ ਕਰਨ ਦੀ ਸਹੂਲਤ ਦੇਣਾ ਹੈ।
-ਬਾਕਸ-
-ਵੋਟਾਂ ਦੇ ਵਰ੍ਹੇ ’ਚ ਆਪ ਨੂੰ ਛਠ ਪੂਜਾ ਲਈ ਸੁਰੱਖਿਆ ਤੇ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਦੇਖਣ ਦੀ ਆਈ ਯਾਦ
ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਵਿੱਚ ਹਰ ਸਾਲ ਛਠ ਪੂਜਾ ਦਾ ਤਿਉਹਾਰ ਮਨਾਇਆ ਜਾਂਦਾ ਹੈ। 2022 ਵਿੱਚ ਪੰਜਾਬ ਅੰਦਰ ਆਮ ਆਦਮੀ ਪਾਰਟਂੀ ਦੀ ਸਰਕਾਰ ਬਣਨ ਤੋਂ ਬਾਅਦ ਏਨੇ ਵੱਡੇ ਪੱਧਰ ’ਤੇ ਛਠ ਪੂਜਾ ਦੀਆਂ ਤਿਆਰੀਆਂ ਸਰਕਾਰੀ ਪੱਧਰ ’ਤੇ ਕਰਨ ਲਈ ਸਰਕਾਰ ਅਤੇ ਆਪ ਆਗੂਆਂ ਨੇ ਦਿਲਚਸਪੀ ਨਹੀਂ ਲਈ ਸੀ, ਪਰ ਚੋਣ ਵਰ੍ਹਾ ਹੋਣ ਕਰਕੇ ਜਿੱਥੇ ਮੁੱਖ ਮੰਤਰੀ ਨੇ ਛਠ ਪੂਜਾ ਦੇ ਪ੍ਰਬੰਧਾਂ ਬਾਰੇ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਮੁਖੀਆਂ ਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉੱਥੇ ਹੀ ਅੱਜ ਕੈਬਨਿਟ ਮੰਤਰੀ ਤੇ ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਤੇ ਕੈਬਨਿਟ ਹਰਦੀਪ ਸਿੰਘ ਮੁੰਡੀਆਂ ਨੇ ਲੁਧਿਆਣਾ ਦਾ ਦੌਰਾ ਕਰਕੇ ਛਠ ਪੂਜਾ ਦਾ ਤਿਉਹਾਰ ਮਨਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਜਾਇਜ਼ਾ ਲਿਆ ਅਤੇ ਸਰਕਾਰ ਵੱਲੋਂ ਲੋੜੀਦੇ ਪ੍ਰਬੰਧ ਕਰਨ ਦੀ ਹਦਾਇਤ ਦਿੱਤੀ। ਛਠ ਪੂਜਾ ਦੇ ਬਹਾਨੇ ‘ਆਪ’ ਵੱਲੋਂ ਉੱਤਰ ਪ੍ਰਦੇਸ਼ ਤੇ ਬਿਹਾਰ ਨਾਲ ਸਬੰਧਤ ਲੁਧਿਆਣਾ ਵਿੱਚ ਰਹਿ ਰਹੇ ਵੋਟਰਾਂ ਦੀਆਂ ਵੋਟਾਂ ਨੂੰ ਆਪਣੇ ਹੱਕ ਵਿੱਚ ਕਰਨ ਦਾ ਯਤਨ ਹੈ। ਸ਼ਹਿਰ ਵਿੱਚ ਚਰਚਾ ਹੈ ਕਿ ਹਰ ਸਾਲ ਛਠ ਪੂਜਾ ਦੇ ਸਮਾਗਮ ਕਰਵਾਉਣ ਵਾਲਿਆਂ ਨੂੰ ਮੰਨਜ਼ੂਰੀਆਂ ਲੈਣ ਲਈ ਹਾੜੇ ਕੱਢਣੇ ਪੈਂਦੇ ਸਨ। ਪਰ ਚੋਣ ਵਰ੍ਹਾ ਹੋਣ ਕਰਕੇ ਸਾਰੇ ਪ੍ਰਬੰਧ ਸਰਕਾਰ ਕਰ ਰਹੀ ਹੈ।