- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਨੰਬਰ ਲਈ-ਲੁਧਿਆਣਾ ਜ਼ਿਲ੍ਹੇ ਦੀ ਮੁੱਢਲੀ ਵੋਟਰ ਸੂਚੀ ਜਾਰੀ, 23.44 ਲੱਖ ਵੋਟਰਾਂ ਦੇ ਨਾਂ ਦਰਜ

1 ਨੰਬਰ ਲਈ)
-11 ਦਸੰਬਰ ਤੱਕ ਦਾਅਵੇ ਤੇ ਇਤਰਾਜ਼ ਦਰਜ ਕਰਵਾ ਸਕਣਗੇ ਵੋਟਰਜ਼
-4 ਜਨਵਰੀ ਨੂੰ ਵੋਟਰ ਸੂਚੀ ਦੀ ਹੋਵੇਗੀ ਅੰਤਿਮ ਪ੍ਰਕਾਸ਼ਨਾ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਭਾਰਤ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਗਹਿਰੀ ਸੋਧ (ਐੱਸਐੱਸਆਰ) ਤਹਿਤ ਯੋਗਤਾ 1 ਜਨਵਰੀ 2027 ਦੇ ਆਧਾਰ 'ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਲਈ ਵੀਰਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੀ ਮੁੱਢਲੀ ਵੋਟਰ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਡੀਸੀ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਵੋਟਰ ਸੂਚੀ ਤੇ ਸੁਧਾਈ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕੀਤੀ।
ਜ਼ਿਲ੍ਹਾ ਚੋਣ ਅਧਿਕਾਰੀ ਅਨੁਸਾਰ ਮੁੱਢਲੀ ਵੋਟਰ ਸੂਚੀ ਵਿੱਚ ਕੁੱਲ 23,44,070 ਵੋਟਰ ਦਰਜ ਹਨ। ਇਨ੍ਹਾਂ ’ਚ 12,16,462 ਪੁਰਸ਼, 11,27,537 ਮਹਿਲਾ ਅਤੇ 71 ਟਰਾਂਸਜੈਂਡਰ ਵੋਟਰ ਸ਼ਾਮਲ ਹਨ। ਇਸ ਤੋਂ ਇਲਾਵਾ 471 ਪ੍ਰਵਾਸੀ ਭਾਰਤੀ (ਐੱਨਆਰਆਈ) ਵੋਟਰ ਵੀ ਸੂਚੀ ਵਿੱਚ ਦਰਜ ਹਨ। ਉਨ੍ਹਾਂ ਦੱਸਿਆ ਕਿ ਐੱਸਐੱਸਆਰ ਤਹਿਤ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤ ਵੰਡ (ਰੈਸ਼ਨਲਾਈਜ਼ੇਸ਼ਨ) ਦੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਜ਼ਿਲ੍ਹੇ ਵਿੱਚ ਕੁੱਲ 3033 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ। ਇਨ੍ਹਾਂ ਵਿੱਚ 1519 ਸ਼ਹਿਰੀ ਅਤੇ 1514 ਪੇਂਡੂ ਪੋਲਿੰਗ ਸਟੇਸ਼ਨ ਸ਼ਾਮਲ ਹਨ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ 'ਤੇ ਤਿਆਰ ਕੀਤੀ ਮੁੱਢਲੀ ਵੋਟਰ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ www.ludhiana.nic.in 'ਤੇ ਅਪਲੋਡ ਕਰ ਦਿੱਤੀ ਹੈ। ਕੋਈ ਵੀ ਵਿਅਕਤੀ ਇਸ ਵੈੱਬਸਾਈਟ 'ਤੇ ਜਾ ਕੇ ਆਪਣੇ ਵੋਟ ਦੇ ਵੇਰਵਿਆਂ ਦੀ ਜਾਂਚ ਕਰ ਸਕਦਾ ਹੈ। ਇਸ ਤੋਂ ਇਲਾਵਾ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ ਦੇ ਦਫ਼ਤਰਾਂ ਵਿੱਚ ਵੋਟਰਾਂ ਦੀ ਸਹੂਲਤ ਲਈ ਹੈਲਪ ਡੈਸਕ ਵੀ ਸਥਾਪਤ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਜਿਹੜੇ ਯੋਗ ਨਾਗਰਿਕ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰ ਲੈਣਗੇ ਅਤੇ ਜਿਨ੍ਹਾਂ ਦਾ ਨਾਂ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਦਰਜ ਨਹੀਂ ਹੈ, ਉਹ ਫਾਰਮ ਨੰਬਰ 6 ਭਰ ਕੇ ਆਪਣਾ ਨਾਂ ਵੋਟਰ ਸੂਚੀ ਵਿੱਚ ਸ਼ਾਮਲ ਕਰਵਾ ਸਕਦੇ ਹਨ। ਵਿਦੇਸ਼ਾਂ ਵਿੱਚ ਰਹਿੰਦੇ ਯੋਗ ਭਾਰਤੀ ਨਾਗਰਿਕ ਫਾਰਮ ਨੰਬਰ 6ਏ ਰਾਹੀਂ ਐੱਨਆਰਆਈ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਇਸੇ ਤਰ੍ਹਾਂ ਕਿਸੇ ਮ੍ਰਿਤਕ ਵਿਅਕਤੀ ਦਾ ਨਾਂ ਵੋਟਰ ਸੂਚੀ ਵਿੱਚੋਂ ਕਟਵਾਉਣ ਲਈ ਫਾਰਮ ਨੰਬਰ 7 ਭਰਿਆ ਜਾ ਸਕਦਾ ਹੈ। ਵੋਟਰ ਸੂਚੀ ਜਾਂ ਵੋਟਰ ਸ਼ਨਾਖਤੀ ਕਾਰਡ ਵਿੱਚ ਦਰਜ ਵੇਰਵਿਆਂ ਦੀ ਦਰੁਸਤੀ, ਰਿਹਾਇਸ਼ ਬਦਲਣ ਕਾਰਨ ਨਵੇਂ ਪੋਲਿੰਗ ਖੇਤਰ ਵਿੱਚ ਨਾਂ ਤਬਦੀਲ ਕਰਵਾਉਣ ਅਤੇ ਡੁਪਲੀਕੇਟ ਵੋਟਰ ਸ਼ਨਾਖਤੀ ਕਾਰਡ ਬਣਵਾਉਣ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ।
ਵੋਟਰਜ਼ ਇਹ ਫਾਰਮ ਸਬੰਧਤ ਪੋਲਿੰਗ ਸਟੇਸ਼ਨ ਦੇ ਬੂਥ ਲੈਵਲ ਅਫ਼ਸਰ ਜਾਂ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੇ ਵੋਟਰ ਸਰਵਿਸ ਪੋਰਟਲ www.voters.eci.gov.in ਜਾਂ ਵੋਟਰ ਹੈਲਪਲਾਈਨ ਮੋਬਾਈਲ ਐਪ ਰਾਹੀਂ ਆਨਲਾਈਨ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ। ਇਸ ਲਈ ਬਿਨੈਕਾਰ ਦੀ ਫੋਟੋ, ਉਮਰ ਅਤੇ ਰਿਹਾਇਸ਼ ਨਾਲ ਸਬੰਧਤ ਲੋੜੀਂਦੇ ਦਸਤਾਵੇਜ਼ ਅਪਲੋਡ ਕਰਨੇ ਹੋਣਗੇ।
ਉਨ੍ਹਾਂ ਦੱਸਿਆ ਕਿ ਜਿਹੜੇ ਨੌਜਵਾਨ ਸਾਲ 2027 ਦੌਰਾਨ 1 ਅਪ੍ਰੈਲ, 1 ਜੁਲਾਈ ਜਾਂ 1 ਅਕਤੂਬਰ ਨੂੰ 18 ਸਾਲ ਦੀ ਉਮਰ ਪੂਰੀ ਕਰਨਗੇ, ਉਹ ਵੀ ਪਹਿਲਾਂ ਹੀ ਫਾਰਮ ਨੰਬਰ 6 ਰਾਹੀਂ ਆਪਣਾ ਨਾਂ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਦਾਅਵਾ ਪੇਸ਼ ਕਰ ਸਕਦੇ ਹਨ। ਅਜਿਹੀਆਂ ਅਰਜ਼ੀਆਂ 'ਤੇ ਸਬੰਧਤ ਤਿਮਾਹੀ ਦੀ ਯੋਗਤਾ ਮਿਤੀ ਅਨੁਸਾਰ ਵਿਚਾਰ ਕਰਕੇ ਫ਼ੈਸਲਾ ਕੀਤਾ ਜਾਵੇਗਾ।
ਜ਼ਿਲ੍ਹਾ ਚੋਣ ਅਧਿਕਾਰੀ ਅਨੁਸਾਰ ਮੁੱਢਲੀ ਵੋਟਰ ਸੂਚੀ ਸਬੰਧੀ 12 ਨਵੰਬਰ ਤੋਂ 11 ਦਸੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ ਵੱਲੋਂ ਇਨ੍ਹਾਂ ਦਾ ਨਿਤਾਰਾ 28 ਦਸੰਬਰ 2026 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ 4 ਜਨਵਰੀ 2027 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। ਉਨ੍ਹਾਂ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਮੁੱਢਲੀ ਵੋਟਰ ਸੂਚੀ ਵਿੱਚ ਆਪਣੇ ਨਾਂ ਅਤੇ ਹੋਰ ਵੇਰਵਿਆਂ ਦੀ ਜਾਂਚ ਜ਼ਰੂਰ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਗ਼ਲਤੀ ਜਾਂ ਸੋਧ ਦੀ ਲੋੜ ਹੋਣ 'ਤੇ ਨਿਰਧਾਰਤ ਸਮੇਂ ਅੰਦਰ ਆਪਣਾ ਦਾਅਵਾ ਜਾਂ ਇਤਰਾਜ਼ ਦਰਜ ਕਰਵਾਉਣ।