- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਵਿਧਾਨਕ ਅਧਿਕਾਰਾਂ ’ਤੇ ਉੱਦਮੀ ਹੁਨਰਾਂ ਬਾਰੇ ਸਿਖਲਾਈ ਸੈਸ਼ਨ ਕਰਵਾਇਆ

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਵਿਦਿਆਰਥੀ ਭਲਾਈ ਨਿਰਦੇਸ਼ਾਲੇ ਵੱਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸੰਵਿਧਾਨਕ ਅਧਿਕਾਰਾਂ ਅਤੇ ਉੱਦਮੀ ਹੁਨਰਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਸਿਖਲਾਈ ਸੈਸ਼ਨ ਕਰਵਾਇਆ ਗਿਆ। ਇਸ ਵਿੱਚ 90 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਪਹਿਲੇ ਸੈਸ਼ਨ ਦੌਰਾਨ ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਲੁਧਿਆਣਾ ਦੀ ਡਾਇਰੈਕਟਰ ਪ੍ਰੋ. (ਡਾ.) ਆਸ਼ੀਸ਼ ਵਿਰਕ ਨੇ 'ਸੰਵਿਧਾਨ ਵਿੱਚ ਅਨੁਸੂਚਿਤ ਜਾਤੀਆਂ ਲਈ ਵਿਸ਼ੇਸ਼ ਉਪਬੰਧ' ਵਿਸ਼ੇ ’ਤੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਮੌਲਿਕ ਅਧਿਕਾਰਾਂ, ਕਰਤੱਵਾਂ, ਅਨੁਸੂਚਿਤ ਜਾਤੀਆਂ ਅੱਤਿਆਚਾਰ ਰੋਕਥਾਮ ਐਕਟ ਅਤੇ ਵੱਖ-ਵੱਖ ਸਰਕਾਰੀ ਵਜ਼ੀਫ਼ਾ ਯੋਜਨਾਵਾਂ ਬਾਰੇ ਜਾਣੂ ਕਰਵਾਇਆ।
ਉਨ੍ਹਾਂ ਡਾ. ਅੰਬੇਡਕਰ ਦੇ ਸੰਦੇਸ਼ 'ਪੜ੍ਹੋ, ਸੰਘਰਸ਼ ਕਰੋ, ਸੰਗਠਿਤ ਹੋਵੋ' ਦਾ ਹਵਾਲਾ ਦਿੰਦਿਆਂ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ। ਦੂਜੇ ਸੈਸ਼ਨ ਵਿੱਚ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਦੇ ਡਾ. ਅਰਵਿੰਦ ਢੀਂਗਰਾ ਨੇ ਵਿਚਾਰਾਂ ਦੀ ਸਿਰਜਣਾ ਅਤੇ ਨਵੀਨਤਮ ਸੋਚ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਆਪਣੇ ਵਿਚਾਰਾਂ ਨੂੰ ਕਾਰੋਬਾਰ ਵਿੱਚ ਬਦਲਣ ਅਤੇ ਉੱਦਮੀ ਬਣਨ ਲਈ ਉਤਸ਼ਾਹਿਤ ਕੀਤਾ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਕਿਹਾ ਕਿ ਸੰਵਿਧਾਨ ਸਨਮਾਨ ਅਤੇ ਬਰਾਬਰੀ ਦਾ ਵਾਅਦਾ ਹੈ ਅਤੇ ਯੂਨੀਵਰਸਿਟੀ ਸਾਰੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਡਾਇਰੈਕਟਰ ਵਿਦਿਆਰਥੀ ਭਲਾਈ ਡਾ. ਜਸਪਾਲ ਸਿੰਘ ਹੁੰਦਲ ਨੇ ਵਿਦਿਆਰਥੀਆਂ ਨੂੰ ਕਿੱਟਾਂ ਵੰਡੀਆਂ ਅਤੇ ਸਿਖਲਾਈ ਦੇ ਮਹੱਤਵ ਬਾਰੇ ਦੱਸਿਆ। ਐੱਨਐੱਸਐੱਸ ਪ੍ਰੋਗਰਾਮ ਕੋਆਰਡੀਨੇਟਰ ਡਾ. ਨਿਧੀ ਸ਼ਰਮਾ ਨੇ ਮੰਚ ਸੰਚਾਲਨ ਕੀਤਾ। ਇਸ ਮੌਕੇ ਡਾ. ਐਸਐਸ. ਹਸਨ, ਡਾ. ਨਿਤਿਨ ਵਾਕਚੌਰੇ, ਐਨਐਸਐਸ ਦੇ ਕਾਰਜਕਰਤਾ ਅਤੇ ਵਲੰਟੀਅਰ ਵੀ ਮੌਜੂਦ ਸਨ। ਸਮਾਗਮ ਦਾ ਸਮਾਪਨ ਸਵਾਲ-ਜਵਾਬ ਤੇ ਵਿਚਾਰ-ਵਟਾਂਦਰੇ ਨਾਲ ਹੋਇਆ।