ਆਪ’ ਦੇ ਰਾਜ 'ਚ ਵਿਕਾਸ ਨੂੰ ਲੱਗੀਆਂ ਬਰੇਕਾਂ : ਦੇਬੀ ਜ਼ਰੂਰੀ ਖ਼ਬਰ-‘ਆਪ’ ਦੇ ਰਾਜ 'ਚ ਵਿਕਾਸ ਨੂੰ ਲੱਗੀਆਂ ਬਰੇਕਾਂ- ਦੇਬੀ
Publish Date: Fri, 13 Nov 2026 08:07 PM (IST)
Updated Date: Sat, 14 Nov 2026 04:06 AM (IST)
44) ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ ਪੰਜਾਬ ਭਾਜਪਾ ਦੇ ਸੂਬਾ ਖ਼ਜ਼ਾਨਚੀ ਤੇ ਵਿਧਾਨ ਸਭਾ ਹਲਕਾ ਕੇਂਦਰੀ ਦੇ ਆਗੂ ਗੁਰਦੇਵ ਸ਼ਰਮਾ ਦੇਬੀ ਨੇ ਸੂਬੇ ਦੀ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਤੇ ਦੂਰਅੰਦੇਸ਼ੀ ਦੀ ਘਾਟ ਕਾਰਨ ਪੰਜਾਬ ਵਿਕਾਸ ਦੇ ਮਾਮਲੇ ਵਿੱਚ ਲਗਾਤਾਰ ਪੱਛੜਦਾ ਜਾ ਰਿਹਾ ਹੈ। ਇੱਕ ਪਾਸੇ ਗੁਆਂਢੀ ਸੂਬਾ ਹਰਿਆਣਾ ਡਬਲ ਇੰਜਣ ਸਰਕਾਰ ਦੀ ਅਗਵਾਈ ਹੇਠ ਤਰੱਕੀ ਦੀਆਂ ਮੰਜ਼ਿਲਾਂ ਸਰ ਕਰ ਰਿਹਾ ਹੈ, ਜਦਕਿ ਦੂਜੇ ਪਾਸੇ ਪੰਜਾਬ ਸਰਕਾਰ ਇਸ਼ਤਿਹਾਰਬਾਜ਼ੀ ਤੇ ਖੋਖਲੇ ਦਾਅਵਿਆਂ ਤੱਕ ਸੀਮਤ ਹੋ ਕੇ ਰਹਿ ਗਈ ਹੈ। ਦੇਬੀ ਨੇ ਆਰਥਿਕ ਅੰਕੜਿਆਂ ਦਾ ਹਵਾਲਾ ਦਿੱਤਾ ਕਿ ਹਰਿਆਣਾ ਦੀ ਵਿਕਾਸ ਦਰ 9.5 ਫ਼ੀਸਦੀ ਦੇ ਮੁਕਾਬਲੇ ਪੰਜਾਬ ਦੀ ਮਹਿਜ਼ 6.1 ਫ਼ੀਸਦੀ ਹੈ। ਉਨ੍ਹਾਂ ਅਨੁਸਾਰ ਹਰਿਆਣਾ ਦੀ ਆਰਥਿਕਤਾ 15.18 ਲੱਖ ਕਰੋੜ ਰੁਪਏ ਤੱਕ ਪਹੁੰਚ ਚੁੱਕੀ ਹੈ, ਜਦਕਿ ਪੰਜਾਬ ਦੀ ਆਰਥਿਕਤਾ 9.81 ਲੱਖ ਕਰੋੜ ਰੁਪਏ ਹੈ। ਇਸੇ ਤਰ੍ਹਾਂ ਹਰਿਆਣਾ ਦੀ ਪ੍ਰਤੀ ਵਿਅਕਤੀ ਆਮਦਨ 3,95,618 ਰੁਪਏ ਦੇ ਮੁਕਾਬਲੇ ਪੰਜਾਬ ਵਿੱਚ 2,30,523 ਰੁਪਏ ਹੋਣ ਦਾ ਦਾਅਵਾ ਕਰਦਿਆਂ ਉਨ੍ਹਾਂ ਇਸ ਸਥਿਤੀ ਨੂੰ ਚਿੰਤਾਜਨਕ ਦੱਸਿਆ। ਦੇਬੀ ਨੇ ਕਿਹਾ ਕਿ ਉਦਯੋਗਾਂ ਦੀ ਮੰਦੀ, ਬੇਰੁਜ਼ਗਾਰੀ ਤੇ ਨਿਵੇਸ਼ ਦੀ ਘਾਟ ਕਾਰਨ ਪੰਜਾਬ ਦੇ ਨੌਜਵਾਨਾਂ ਤੇ ਵਪਾਰੀਆਂ ਵਿੱਚ ਨਿਰਾਸ਼ਾ ਵਧ ਰਹੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਭਾਜਪਾ ਨੂੰ ਮੌਕਾ ਦੇਣਗੇ। ਭਾਜਪਾ ਦੀ ਸਰਕਾਰ ਬਣਨ ’ਤੇ ਰੁਜ਼ਗਾਰ, ਉਦਯੋਗ, ਕਿਸਾਨੀ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਪੰਜਾਬ ਨੂੰ ਮੁੜ ਖੁਸ਼ਹਾਲ ਤੇ ‘ਰੰਗਲਾ ਪੰਜਾਬ’ ਬਣਾਇਆ ਜਾਵੇਗਾ।