- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਪੰਜਾਬ ਮੰਗਦਾ ਇਨਸਾਫ’ ਮੁਹਿੰਮ ਨੂੰ ਹਲਕਾ ਗਿੱਲ ’ਚ ਘਰ-ਘਰ ਪਹੁੰਚਾਏਗੀ ਯੂਥ ਕਾਂਗਰਸ-ਹਰਜੋਤ ਗਰੇਵਾਲ

-ਯੂਥ ਕਾਂਗਰਸੀ ਵਰਕਰ ਲੋਕਾਂ ਨਾਲ ਕਰਨਗੇ ਸਿੱਧਾ ਰਾਬਤਾ, ਸਮੱਸਿਆਵਾਂ ਦੀ ਲਈ ਜਾਵੇਗੀ ਜਾਣਕਾਰੀ
ਫ਼ੋਟੋ ਨੰਬਰ-27
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਸੂਬੇ ਦੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਾਣਨ ਲਈ ‘ਪੰਜਾਬ ਮੰਗਦਾ ਇਨਸਾਫ’ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ ਚਲਾਉਣ ਦੀ ਰੂਪ-ਰੇਖਾ ਤਿਆਰ ਕੀਤੀ ਗਈ। ਇਸ ਸਬੰਧੀ ਗੱਲਬਾਤ ਕਰਦਿਆਂ ਜਿਲਾ ਲੁਧਿਆਣਾ ਦਿਹਾਤੀ ਦੇ ਯੂਥ ਕਾਂਗਰਸ ਦੇ ਜਨਰਲ ਸਕੱਤਰ ਮਨਸੁਖਬੀਰ ਸਿੰਘ ਸੀਲੋਂ, ਵਿਧਾਨ ਸਭਾ ਹਲਕਾ ਗਿੱਲ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਹਰਜੋਤ ਗਰੇਵਾਲ, ਵਾਈਸ ਪ੍ਰਧਾਨ ਗਗਨਦੀਪ ਸਿੰਘ ਅਤੇ ਬਲਾਕ ਪ੍ਰਧਾਨ ਸਨੀ ਦੁੱਗਰੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਨੂੰ ਹਲਕਾ ਗਿੱਲ ਵਿੱਚ ਸਫ਼ਲ ਬਣਾਉਣ ਲਈ ਯੂਥ ਕਾਂਗਰਸ ਵੱਲੋਂ ਵਿਸ਼ੇਸ਼ ਪਹਿਲਕਦਮੀ ਕੀਤੀ ਜਾਵੇਗੀ। ਯੂਥ ਕਾਂਗਰਸ ਦੇ ਵਰਕਰ ਪਹਿਲ ਦੇ ਆਧਾਰ ’ਤੇ ਹਲਕਾ ਗਿੱਲ ਦੇ ਪੇਂਡੂ, ਬੇਟ ਅਤੇ ਸ਼ਹਿਰੀ ਖੇਤਰਾਂ ਵਿੱਚ ਘਰ-ਘਰ ਪਹੁੰਚ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਤੇ ਮੰਗਾਂ ਬਾਰੇ ਜਾਣਕਾਰੀ ਹਾਸਲ ਕਰਨਗੇ। ਉਨ੍ਹਾਂ ਕਿਹਾ ਕਿ ਹਲਕਾ ਗਿੱਲ ਦੇ ਵੱਖ-ਵੱਖ ਇਲਾਕਿਆਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਵੱਖਰੀਆਂ ਹਨ, ਜਿਨ੍ਹਾਂ ਵਿੱਚ ਪੇਂਡੂ ਖੇਤਰਾਂ ਦੇ ਬੁਨਿਆਦੀ ਮਸਲੇ, ਬੇਟ ਇਲਾਕੇ ਦੀਆਂ ਮੁਸ਼ਕਲਾਂ ਅਤੇ ਸ਼ਹਿਰੀ ਖੇਤਰਾਂ ਦੀਆਂ ਜਨਤਕ ਸਮੱਸਿਆਵਾਂ ਸ਼ਾਮਲ ਹਨ। ਯੂਥ ਕਾਂਗਰਸ ਦੇ ਨੌਜਵਾਨ ਵਰਕਰ ਇਨ੍ਹਾਂ ਸਾਰੇ ਖੇਤਰਾਂ ਵਿੱਚ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੇ ਮੁੱਦਿਆਂ ਨੂੰ ਸਮਝਣਗੇ ਅਤੇ ਲੋਕਾਂ ਦੀ ਆਵਾਜ਼ ਬਣਨ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਲੋਕਾਂ ਨਾਲ ਸੰਪਰਕ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।