- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪ੍ਰਭਾਤਫੇਰੀ ਕੱਢੀ

ਸਟਾਫ ਪ੍ਰਤੀਨਿਧ, ਪੰਜਾਬੀ ਜਾਗਰਣ, ਲੁਧਿਆਣਾ
ਵੀਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਪ੍ਰਭਾਤ ਫੇਰੀ ਕੱਢੀ ਗਈ। ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਨਿਊ ਜਨਤਾ ਨਗਰ ਸਥਿਤ ਗੁਰਦੁਆਰਾ ਨਾਮ ਸਿਮਰਨ ਸਾਹਿਬ ਵਿਖੇ ਪਹੁੰਚੀਆਂ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਪ੍ਰਭਾਤ ਵੇਲੇ ਸੰਗਤ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਸ਼ਬਦ ਕੀਰਤਨ ਤੇ ਗੁਰਬਾਣੀ ਦਾ ਜਾਪ ਕੀਤਾ। ਪ੍ਰਭਾਤਫੇਰੀ ਦੌਰਾਨ ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਪੂਰੇ ਮਾਹੌਲ ਨੂੰ ਗੁਰਮਈ ਰੰਗ ਵਿੱਚ ਰੰਗ ਦਿੱਤਾ ਗਿਆ। ਬੀਬੀਆਂ ਨੇ ਗੁਰਬਾਣੀ ਦੇ ਸ਼ਬਦਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨਾਲ ਜੁੜਨ ਤੇ ਨਾਮ ਸਿਮਰਨ ਕਰਨ ਲਈ ਪ੍ਰੇਰਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਮਹਾਨ ਉਪਦੇਸ਼ ਦਿੱਤਾ। ਉਨ੍ਹਾਂ ਨੇ ਜਾਤ-ਪਾਤ, ਊਚ-ਨੀਚ ਅਤੇ ਵਹਿਮਾਂ-ਭਰਮਾਂ ਤੋਂ ਉੱਪਰ ਉੱਠ ਕੇ ਆਪਸੀ ਪਿਆਰ, ਭਾਈਚਾਰੇ ਅਤੇ ਬਰਾਬਰਤਾ ਦਾ ਸੁਨੇਹਾ ਦਿੱਤਾ। ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਅੰਤ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਤੇ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਗਈ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।