- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਹਿਮ ਤੇ ਜ਼ਰੂਰੀ ਖ਼ਬਰ-ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

-ਗੁਰਬਾਣੀ ਕੀਰਤਨ ਸੁਣ ਕੇ ਸੰਗਤ ਹੋਈ ਨਿਹਾਲ
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ
ਸਿੱਖ ਕੌਮ ਦੇ ਮਹਾਨ ਸ਼ਹੀਦ, ਅਨੋਖੀ ਕੁਰਬਾਨੀ ਅਤੇ ਅਦੁੱਤੀ ਬਹਾਦਰੀ ਦੇ ਪ੍ਰਤੀਕ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਵਿਸ਼ਾਲ ਧਾਰਮਿਕ ਗੁਰਮਤਿ ਸਮਾਗਮ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਬਾਬਾ ਦੀਪ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।
ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਪੁੱਜੇ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਰਬਜੀਤ ਸਿੰਘ, ਭਾਈ ਕਰਨੈਲ ਸਿੰਘ, ਭਾਈ ਤਨਵੀਰ ਸਿੰਘ ਰੱਬੀ ਲੁਧਿਆਣਾ ਵਾਲੇ, ਮਾਤਾ ਵਿੱਪਨਪ੍ਰੀਤ ਕੌਰ ਬਾਬਾ ਕੁੰਦਨ ਸਿੰਘ ਭਲਾਈ ਕੇਂਦਰ, ਗਿਆਨੀ ਗੁਰਦੇਵ ਸਿੰਘ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਵਾਲਿਆਂ ਨੇ ਰਸਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਜੀ ਨੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਵੱਲੋਂ ਪੁੱਜੇ ਰਾਗੀ ਜਥਿਆਂ ਅਤੇ ਧਾਰਮਿਕ ਸ਼ਖ਼ਸੀਅਤਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਬਿੰਦਰਾ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਉਹ ਸੁਨਹਿਰੀ ਅਧਿਆਇ ਹੈ, ਜੋ ਸਾਨੂੰ ਧਰਮ, ਸੱਚਾਈ ਅਤੇ ਮਨੁੱਖਤਾ ਦੀ ਰਾਖੀ ਲਈ ਅਡੋਲ ਰਹਿਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਜੀ ਨੇ ਆਪਣਾ ਸਮੁੱਚਾ ਜੀਵਨ ਗੁਰੂ ਸਾਹਿਬ ਦੇ ਸਿਧਾਂਤਾਂ ਨੂੰ ਸਮਰਪਿਤ ਕਰਦਿਆਂ ਧਰਮ ਦੀ ਰੱਖਿਆ ਲਈ ਮਹਾਨ ਕੁਰਬਾਨੀ ਦਿੱਤੀ। ਅੱਜ ਦੀ ਨੌਜਵਾਨ ਪੀੜ੍ਹੀ ਨੂੰ ਬਾਬਾ ਜੀ ਦੇ ਜੀਵਨ, ਸਿੱਖੀ ਸਿਦਕ ਅਤੇ ਕੁਰਬਾਨੀ ਤੋਂ ਸੇਧ ਲੈ ਕੇ ਗੁਰਬਾਣੀ ਅਤੇ ਗੁਰੂ ਘਰ ਨਾਲ ਜੁੜਨਾ ਚਾਹੀਦਾ ਹੈ। ਬਿੰਦਰਾ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਕਰਵਾਉਣ ਦਾ ਮੁੱਖ ਉਦੇਸ਼ ਸੰਗਤਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਦੀਆਂ ਮਹਾਨ ਕੁਰਬਾਨੀਆਂ ਤੋਂ ਜਾਣੂ ਕਰਵਾਉਣਾ ਅਤੇ ਗੁਰਮਤਿ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਸਮਾਗਮ ਵਿੱਚ ਸਹਿਯੋਗ ਦੇਣ ਵਾਲੇ ਸਮੂਹ ਸੇਵਾਦਾਰਾਂ ਅਤੇ ਸੰਗਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਟਰੱਸਟੀ ਮੈਂਬਰ ਸੁਖਵਿੰਦਰਪਾਲ ਸਿੰਘ ਲਾਲੀ ਸਰਨਾ, ਅਮਰਜੀਤ ਸਿੰਘ ਟਿੱਕਾ, ਨਵਨੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਅਮਰਜੀਤ ਸਿੰਘ ਟਿੱਕਾ, ਅਮਰਪਾਲ ਸਿੰਘ ਸਰਨਾ, ਹਰਵਿੰਦਰ ਪਾਲ ਸਿੰਘ ਚਾਵਲਾ, ਜਸਵਿੰਦਰ ਸਿੰਘ ਸੇਠੀ, ਮਨਿੰਦਰ ਸਿੰਘ ਅਹੂਜਾ, ਧਾਰਮਿਕ, ਸਮਾਜਿਕ, ਸਮਾਜਸੇਵੀ ਜੱਥੇਬੰਦੀਆਂ ਅਤੇ ਰਾਜਨੀਤਕ ਆਗੂ ਵੀ ਗੁਰੂ ਘਰ ਨਤਮਸਤਕ ਹੋਏ।