- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਨਰਲ ਲਈ-ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਫ਼ਵਾਹਾਂ ਨਾਲ ਵਿਧਾਇਕ ਬੱਗਾ ਨੂੰ ਲੈ ਕੇ ਸਿਆਸੀ ਹਲਚਲ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ
ਆਮ ਆਦਮੀ ਪਾਰਟੀ ਦੇ ਲੁਧਿਆਣਾ ਉੱਤਰੀ ਹਲਕੇ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੇ ਸ਼ੁੱਕਰਵਾਰ ਦੇਰ ਸ਼ਾਮ ਸ਼ਹਿਰ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ। ਇਕ ਟੀਵੀ ਚੈਨਲ 'ਤੇ ਪ੍ਰਸਾਰਿਤ ਇਸ ਖ਼ਬਰ ਤੋਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ। ਕਈ ਆਗੂ ਇਕ-ਦੂਜੇ ਨੂੰ ਫੋਨ ਕਰਕੇ ਖ਼ਬਰ ਦੀ ਪੁਸ਼ਟੀ ਕਰਨ ਦੀ ਕੋਸ਼ਿਸ਼ ਕਰਦੇ ਰਹੇ। ਹਾਲਾਂਕਿ, ਕੁੱਝ ਸਮੇਂ ਬਾਅਦ ਵਿਧਾਇਕ ਮਦਨ ਲਾਲ ਬੱਗਾ ਨੇ ਵੀਡੀਓ ਜਾਰੀ ਕਰਕੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ਅਫ਼ਵਾਹ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਪਾਰਟੀ ਨੇ ਉਨ੍ਹਾਂ ਨੂੰ ਮਾਣ-ਸਨਮਾਨ ਦਿੱਤਾ ਹੈ। ਉਨ੍ਹਾਂ ਆਪਣੇ ਹਲਕੇ ਵਿੱਚ ਵੀ ਕਾਫ਼ੀ ਵਿਕਾਸ ਕਾਰਜ ਕਰਵਾਏ ਹਨ। ਇਸ ਲਈ ਪਾਰਟੀ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਬੱਗਾ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਮੁੜ ਟਿਕਟ ਦਿੱਤੀ ਹੈ। ਉਹ ਪਾਰਟੀ ਦੀ ਟਿਕਟ 'ਤੇ ਹੀ ਚੋਣ ਲੜਨਗੇ ਅਤੇ ਲੋਕਾਂ ਦੇ ਸਹਿਯੋਗ ਨਾਲ ਦੁਬਾਰਾ ਵਿਧਾਇਕ ਬਣਨਗੇ। ਉਨ੍ਹਾਂ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ਵਿਰੋਧੀ ਧਿਰ ਦੀ ਘਬਰਾਹਟ ਦਾ ਨਤੀਜਾ ਦੱਸਿਆ।