ਨਸ਼ਾ ਤਸਕਰੀ ਤੇ ਹਥਿਆਰਾਂ ਦੇ ਨਾਜਾਇਜ਼ ਕਾਰੋਬਾਰ ਦਾ ਪਰਦਾਫਾਸ਼ ਜ਼ਰੂਰੀ ਖ਼ਬਰ-ਨਸ਼ਾ ਤਸਕਰੀ ਤੇ ਹਥਿਆਰਾਂ ਦੇ ਨਾਜਾਇਜ਼ ਕਾਰੋਬਾਰ ਦਾ ਪਰਦਾਫਾਸ਼
Publish Date: Sat, 14 Nov 2026 08:04 PM (IST)
Updated Date: Sat, 14 Nov 2026 08:06 PM (IST)
160 ਗ੍ਰਾਮ ਆਈਸ ਤੇ ਤਿੰਨ ਪਿਸਤੌਲਾਂ ਸਣੇ ਦੋ ਮੁਲਜ਼ਮ ਗ੍ਰਿਫ਼ਤਾਰ ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ : ਸ਼ਹਿਰ ’ਚ ਨਸ਼ਾ ਤਸਕਰੀ ਤੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਨਾਲ ਜੁੜੀਆਂ ਗਤੀਵਿਧੀਆਂ ਵਿਰੁੱਧ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 160 ਗ੍ਰਾਮ ਆਈਸ (ਮੈਥਾਮਫੈਟਾਮਾਈਨ), ਤਿੰਨ ਨਾਜਾਇਜ਼ ਪਿਸਤੌਲ, 12 ਕਾਰਤੂਸ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦਾ ਪਹਿਲਾਂ ਵੀ ਅਪਰਾਧਿਕ ਰਿਕਾਰਡ ਰਿਹਾ ਹੈ। ਇਨ੍ਹਾਂ ਵਿੱਚੋਂ ਇਕ ਮੁਲਜ਼ਮ ਦੇ ਇੰਸਟਾਗ੍ਰਾਮ ਖਾਤੇ ’ਤੇ ਲਗਭਗ ਦੋ ਲੱਖ ਫਾਲੋਅਰਜ਼ ਹੋਣ ਦਾ ਤੱਥ ਵੀ ਸਾਹਮਣੇ ਆਇਆ ਹੈ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਮੁਲਜ਼ਮ ਨਸ਼ੀਲੇ ਪਦਾਰਥ ਅਤੇ ਹਥਿਆਰ ਕਿੱਥੋਂ ਪ੍ਰਾਪਤ ਕਰਦੇ ਸਨ ਅਤੇ ਇਨ੍ਹਾਂ ਦੀ ਸਪਲਾਈ ਕਿਹੜੇ-ਕਿਹੜੇ ਇਲਾਕਿਆਂ ਵਿੱਚ ਕੀਤੀ ਜਾ ਰਹੀ ਸੀ। ਇਹ ਕਾਰਵਾਈ ਡੀਸੀਪੀ ਇਨਵੈਸਟੀਗੇਸ਼ਨ ਹਰਪਾਲ ਸਿੰਘ ਦੀ ਨਿਗਰਾਨੀ ਹੇਠ ਕ੍ਰਾਈਮ ਬ੍ਰਾਂਚ ਦੀ ਟੀਮ ਵੱਲੋਂ ਕੀਤੀ ਗਈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਟੋਨੀ ਚੌਹਾਨ ਵਾਸੀ ਸੰਤਪੁਰਾ ਨਗਰ ਲੁਧਿਆਣਾ ਅਤੇ ਬਲਰਾਮ ਕੁਮਾਰ ਉਰਫ਼ ਵੀਰੂ ਵਾਸੀ ਗੋਪੀ ਕਾਲੋਨੀ, ਤਾਜਪੁਰ ਰੋਡ, ਲੁਧਿਆਣਾ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਲੁਧਿਆਣਾ ਤੋਂ ਬਾਹਰਲੇ ਇਲਾਕਿਆਂ ਤੋਂ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਹਥਿਆਰ ਪ੍ਰਾਪਤ ਕਰਦੇ ਸਨ। ਇਸ ਤੋਂ ਬਾਅਦ ਵੱਖ-ਵੱਖ ਜ਼ਿਲ੍ਹਿਆਂ ਵਿੱਚ ਉਨ੍ਹਾਂ ਦੀ ਸਪਲਾਈ ਕਰਨ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ। ਪੁਲਿਸ ਦੀ ਨਿਗਰਾਨੀ ਤੋਂ ਬਚਣ ਲਈ ਉਹ ਸ਼ਹਿਰ ਦੇ ਬਾਹਰੀ ਇਲਾਕਿਆਂ ਵਿੱਚ ਰਹਿੰਦੇ ਸਨ। ਜਾਂਚ ਏਜੰਸੀ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੈ ਕਿ ਇਸ ਕਾਰੋਬਾਰ ਪਿੱਛੇ ਹੋਰ ਕਿਹੜੇ ਵਿਅਕਤੀ ਸਰਗਰਮ ਹਨ ਅਤੇ ਮੁਲਜ਼ਮਾਂ ਦੇ ਸੰਪਰਕ ਕਿਹੜੇ ਨੈੱਟਵਰਕ ਨਾਲ ਜੁੜੇ ਹੋਏ ਹਨ। ਦੋਵਾਂ ਵਿਰੁੱਧ ਪਹਿਲਾਂ ਵੀ ਦਰਜ ਹਨ ਸੰਗੀਨ ਮਾਮਲੇ ਪੁਲਿਸ ਰਿਕਾਰਡ ਅਨੁਸਾਰ ਟੋਨੀ ਚੌਹਾਨ ਵਿਰੁੱਧ ਥਾਣਾ ਡਿਵੀਜ਼ਨ ਨੰਬਰ 4 ਵਿੱਚ 19 ਜੂਨ 2024 ਨੂੰ ਕੁੱਟਮਾਰ, ਰਸਤਾ ਰੋਕਣ, ਧਮਕੀਆਂ ਦੇਣ, ਦੰਗਾ ਕਰਨ ਅਤੇ ਕਤਲ ਦੀ ਕੋਸ਼ਿਸ਼ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਹੋਇਆ ਸੀ। ਇਸ ਮਾਮਲੇ ਵਿੱਚ ਆਰਮਜ਼ ਐਕਟ ਦੀ ਧਾਰਾ ਵੀ ਸ਼ਾਮਲ ਸੀ। ਦੂਜੇ ਮੁਲਜ਼ਮ ਬਲਰਾਮ ਕੁਮਾਰ ਉਰਫ਼ ਵੀਰੂ ਵਿਰੁੱਧ ਥਾਣਾ ਡਵੀਜ਼ਨ ਨੰਬਰ 2 ਵਿੱਚ 15 ਜੁਲਾਈ 2022 ਨੂੰ ਕਤਲ, ਰਸਤਾ ਰੋਕਣ, ਧਮਕੀਆਂ ਦੇਣ, ਦੰਗਾ ਕਰਨ ਅਤੇ ਸਰਕਾਰੀ ਕਰਮਚਾਰੀਆਂ ਦੇ ਕੰਮ ਵਿੱਚ ਰੁਕਾਵਟ ਪਾਉਣ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਹੋਇਆ ਸੀ। ਇਸ ਤੋਂ ਇਲਾਵਾ ਉਸ ਵਿਰੁੱਧ ਥਾਣਾ ਡਿਵੀਜ਼ਨ ਨੰਬਰ 7 ਵਿੱਚ 18 ਅਗਸਤ 2025 ਨੂੰ ਐੱਨਡੀਪੀਐੱਸ ਐਕਟ ਤਹਿਤ ਵੀ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤਰ੍ਹਾਂ ਦੋਵਾਂ ਮੁਲਜ਼ਮਾਂ ਦਾ ਪਹਿਲਾਂ ਤੋਂ ਹੀ ਅਪਰਾਧਿਕ ਪਿਛੋਕੜ ਸਾਹਮਣੇ ਆਇਆ ਹੈ। ਇੰਸਟਾਗ੍ਰਾਮ ’ਤੇ ਦੋ ਲੱਖ ਫਾਲੋਅਰਜ਼ ਇਸ ਮਾਮਲੇ ਦਾ ਇਕ ਹੋਰ ਅਹਿਮ ਪਹਿਲੂ ਇਹ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਟੋਨੀ ਚੌਹਾਨ ਦੇ ਇੰਸਟਾਗ੍ਰਾਮ ਖਾਤੇ ’ਤੇ ਲਗਭਗ ਦੋ ਲੱਖ ਫਾਲੋਅਰਜ਼ ਹਨ। ਸੋਸ਼ਲ ਮੀਡੀਆ ’ਤੇ ਵੱਡੀ ਗਿਣਤੀ ਵਿੱਚ ਫਾਲੋਅਰਜ਼ ਹੋਣ ਦੇ ਬਾਵਜੂਦ ਉਸ ਦਾ ਨਾਮ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰਾਂ ਦੀ ਬਰਾਮਦਗੀ ਦੇ ਮਾਮਲੇ ਵਿੱਚ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਨੌਜਵਾਨਾਂ ਨੂੰ ਅਜਿਹੇ ਵਿਅਕਤੀਆਂ ਦੀ ਸੋਸ਼ਲ ਮੀਡੀਆ ਤੇ ਮੌਜੂਦਗੀ ਅਤੇ ਪ੍ਰਸਿੱਧੀ ਤੋਂ ਪ੍ਰਭਾਵਿਤ ਨਾ ਹੋਣ ਦੀ ਅਪੀਲ ਕੀਤੀ ਗਈ ਹੈ, ਜਿਨ੍ਹਾਂ ਦੀਆਂ ਗਤੀਵਿਧੀਆਂ ਅਪਰਾਧ ਨਾਲ ਜੁੜੀਆਂ ਹੋਣ। ਸਪਲਾਇਰਾਂ ਤੋਂ ਲੈ ਕੇ ਵਿੱਤੀ ਲੈਣ-ਦੇਣ ਤੱਕ ਹੋਵੇਗੀ ਜਾਂਚ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕਰਦਿਆਂ ਮੁਲਜ਼ਮਾਂ ਦੇ ਅੱਗੇ ਅਤੇ ਪਿੱਛੇ ਦੇ ਸੰਪਰਕਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਇਹ ਪਤਾ ਲਗਾਇਆ ਜਾਵੇਗਾ ਕਿ ਨਸ਼ੀਲੇ ਪਦਾਰਥ ਅਤੇ ਹਥਿਆਰ ਕਿਹੜੇ ਸਪਲਾਇਰਾਂ ਤੋਂ ਪ੍ਰਾਪਤ ਕੀਤੇ ਜਾਂਦੇ ਸਨ, ਇਨ੍ਹਾਂ ਦੀ ਸਪਲਾਈ ਕਿੱਥੇ ਕੀਤੀ ਜਾਂਦੀ ਸੀ ਅਤੇ ਇਸ ਗੈਰ-ਕਾਨੂੰਨੀ ਕਾਰੋਬਾਰ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ। ਇਸ ਦੇ ਨਾਲ ਹੀ ਮੁਲਜ਼ਮਾਂ ਦੇ ਬੈਂਕ ਖਾਤਿਆਂ, ਵਿੱਤੀ ਲੈਣ-ਦੇਣ ਅਤੇ ਜਾਇਦਾਦਾਂ ਦੀ ਵੀ ਜਾਂਚ ਕੀਤੀ ਜਾਵੇਗੀ ਤਾਂ ਜੋ ਨਸ਼ਾ ਤਸਕਰੀ ਰਾਹੀਂ ਇਕੱਠੀ ਕੀਤੀ ਗਈ ਕਮਾਈ ਦਾ ਪਤਾ ਲਗਾਇਆ ਜਾ ਸਕੇ। ਪੁਲਿਸ ਨੂੰ ਉਮੀਦ ਹੈ ਕਿ ਇਸ ਜਾਂਚ ਰਾਹੀਂ ਨਸ਼ੇ ਅਤੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਨਾਲ ਜੁੜੀਆਂ ਹੋਰ ਕੜੀਆਂ ਵੀ ਸਾਹਮਣੇ ਆ ਸਕਦੀਆਂ ਹਨ।