ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਪੰਜਾਬ ਭਰ ’ਚ ਹੜਤਾਲ ਅਹਿਮ ਖ਼ਬਰ-ਐਨਐਚਐਮ ਮੁਲਾਜ਼ਮਾਂ ਵੱਲੋਂ ਪੰਜਾਬ ਭਰ ਵਿੱਚ ਹੜਤਾਲ
Publish Date: Sat, 14 Nov 2026 06:45 PM (IST)
Updated Date: Sun, 15 Nov 2026 04:03 AM (IST)
ਅਹਿਮ ਖ਼ਬਰ- ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ 18 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਕੰਮ ਠੱਪ ਕਰਨ ਦੀ ਚਿਤਾਵਨੀ ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ ਪੰਜਾਬ ਸਰਕਾਰ ਦੇ ਸਿਹਤ ਵਿਭਾਗ ’ਚ ਨੈਸ਼ਨਲ ਹੈਲਥ ਮਿਸ਼ਨ (ਐੱਨਐੱਚਐੱਮ) ਅਧੀਨ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤੀ ਗਈ ਹੜਤਾਲ ਲਗਾਤਾਰ ਜਾਰੀ ਹੈ। ਸੂਬੇ ਭਰ ਦੇ ਐੱਨਐੱਚਐੱਮ.ਮੁਲਾਜ਼ਮਾਂ ਵੱਲੋਂ ਸਰਕਾਰ ਦੀਆਂ ਨੀਤੀਆਂ ਤੇ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਨਾਕਾਰਾਤਮਕ ਰਵੱਈਏ ਦੇ ਵਿਰੋਧ ’ਚ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਸਰਕਾਰ ਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਧਿਆਨ ’ਚ ਲਿਆ ਰਹੇ ਹਨ ਪਰ ਅਜੇ ਤੱਕ ਇਨ੍ਹਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ, ਜਿਸ ਕਰ ਕੇ ਮੁਲਾਜ਼ਮਾਂ ’ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਪੰਜਾਬ ਦੀ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਦੀ ਤਰ੍ਹਾਂ ਲੁਧਿਆਣਾ ਸਥਿਤ ਸਿਵਲ ਸਰਜਨ ਦਫਤਰ ਅੱਗੇ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸੂਬਾ ਪ੍ਰਧਾਨ ਸੰਦੀਪ ਕੌਰ ਨੇ ਦੱਸਿਆ ਕਿ ਯੂਨੀਅਨ ਵੱਲੋਂ ਸਰਕਾਰ ਨਾਲ ਵੱਖ-ਵੱਖ ਪੱਧਰਾਂ ’ਤੇ ਕਈ ਵਾਰ ਮੀਟਿੰਗਾਂ ਕੀਤੀਆਂ ਗਈਆਂ ਹਨ ਤੇ ਹਰ ਵਾਰ ਮੁਲਾਜ਼ਮਾਂ ਦੀਆਂ ਮੰਗਾਂ ਤੇ ਵਿਚਾਰ ਕਰਨ ਤੇ ਹੱਲ ਕਰਨ ਦੇ ਫੋਕੇ ਭਰੋਸੇ ਤੋਂ ਇਲਾਵਾ ਹੋਰ ਕੁੱਝ ਵੀ ਨਹੀਂ ਮਿਲਿਆ। ਵਾਰ-ਵਾਰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਮੁਲਾਜ਼ਮ ਭਲਾਈ ਕਮੇਟੀ ਦੇ ਗਠਨ ਤੇ ਇਸ ਰਾਹੀਂ ਮੰਗਾਂ ’ਤੇ ਵਿਚਾਰ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਪਰ ਲੰਬਾ ਸਮਾਂ ਬੀਤਣ ਦੇ ਬਾਵਜੂਦ ਇਸ ਦਿਸ਼ਾ ’ਚ ਕੋਈ ਠੋਸ ਪ੍ਰਗਤੀ ਨਾ ਹੋਣ ਕਾਰਨ ਮੁਲਾਜ਼ਮਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਸੂਬਾ ਸਕੱਤਰ ਅਮਨਦੀਪ ਸਿੰਘ ਤੇ ਰਾਮ ਸਿੰਘ ਨੇ ਦੱਸਿਆ ਕਿ ਹੁਣ 17 ਨਵੰਬਰ ਨੂੰ ਮੁਲਾਜ਼ਮ ਭਲਾਈ ਕਮੇਟੀ ਦੀ ਹੋਣ ਵਾਲੀ ਅਹਿਮ ਮੀਟਿੰਗ ਤੋਂ ਸਮੂਹ ਮੁਲਾਜ਼ਮਾਂ ਨੂੰ ਕਾਫ਼ੀ ਉਮੀਦਾਂ ਹਨ। ਮੁਲਾਜ਼ਮਾਂ ਨੂੰ ਆਸ ਹੈ ਕਿ ਇਸ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਕੋਈ ਸਾਰਥਕ ਤੇ ਸਥਾਈ ਹੱਲ ਕੱਢਿਆ ਜਾਵੇਗਾ। ਯੂਨੀਅਨ ਨੇ ਉਮੀਦ ਜਤਾਈ ਕਿ ਸਰਕਾਰ ਇਸ ਵਾਰ ਸਿਰਫ਼ ਭਰੋਸਿਆਂ ਤੱਕ ਸੀਮਤ ਰਹਿਣ ਦੀ ਬਜਾਏ ਮੁਲਾਜ਼ਮਾਂ ਦੇ ਹਿੱਤ ’ਚ ਠੋਸ ਫੈਸਲੇ ਲਵੇਗੀ ਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਸਮਾਂਬੱਧ ਕਾਰਵਾਈ ਕਰੇਗੀ। ਇਸ ਮੌਕੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਡਾ. ਸ਼ਿਵਰਾਜ ਨੇ ਸਰਕਾਰ ਨੂੰ ਸਪੱਸ਼ਟ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਕਤ ਮਿਤੀ ਨੂੰ ਹੋਣ ਵਾਲੀ ਮੀਟਿੰਗ ’ਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਸਾਰਥਕ ਨਤੀਜਾ ਨਹੀਂ ਨਿਕਲਦਾ ਤੇ ਕੋਈ ਠੋਸ ਫੈਸਲਾ ਨਹੀਂ ਲਿਆ ਜਾਂਦਾ ਤਾਂ ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਤੇ 18 ਨਵੰਬਰ ਤੋਂ ਮੁਲਾਜ਼ਮ ਹੜਤਾਲ ‘ਤੇ ਚਲੇ ਜਾਣਗੇ ਤੇ ਕੰਮ ਬਿਲਕੁਲ ਠੱਪ ਰੱਖਣਗੇ। ਇਸ ਸੂਰਤ ’ਚ ਸਿਹਤ ਮੰਤਰੀ ਪੰਜਾਬ ਦੀ ਰਿਹਾਇਸ਼ ਮੂਹਰੇ ਪੱਕਾ ਧਰਨਾ ਲਾ ਕੇ ਅਣਮਿੱਥੇ ਸਮੇਂ ਲਈ ਹੜਤਾਲ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਇਕਜੁੱਟ ਹਨ ਤੇ ਜਦੋਂ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਨਹੀਂ ਹੁੰਦਾ, ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਮੁਲਾਜ਼ਮ ਆਗੂ ਦਿਨੇਸ਼ ਕੁਮਾਰ, ਅਮਰਿੰਦਰ ਸਿੰਘ,ਪ੍ਰਿਤਪਾਲ ਸਿੰਘ, ਡਾ. ਕੇਸ਼ਵਰੀ, ਡਾ. ਬਲਬੀਰ ਸਿੰਘ, ਡਾ. ਗੁਰਵਿੰਦਰ ਸਿੰਘ, ਡਾ. ਕਰਨੈਲ ਸਿੰਘ, ਡਾ. ਮਨਜੋਤ ਕੌਰ, ਰਮਨਦੀਪ ਕੌਰ ਤੇ ਆਸ਼ੀਸ਼ ਡੇਵਿਡ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਮੁਲਾਜ਼ਮ ਟਿਕ ਕੇ ਨਹੀਂ ਬੈਠਣਗੇ। ਸਿਹਤ ਕਾਮਿਆਂ ਦੀ ਹੜਤਾਲ ਕਾਰਨ ਸਮੁੱਚੇ ਪੰਜਾਬ ’ਚ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ, ਜਿਸ ਕਰ ਕੇ ਮਰੀਜ਼ਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।