ਉਦਯੋਗਪਤੀਆਂ ਨੇ ਸਮਾਰਟ ਸਿਟੀ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ 4 ਨੰਬਰ ਦਾ ਬੌਟਮ-ਉਦਯੋਗਪਤੀਆਂ ਨੇ ਸਮਾਰਟ ਸਿਟੀ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ
Publish Date: Sat, 14 Nov 2026 06:47 PM (IST)
Updated Date: Sun, 15 Nov 2026 04:03 AM (IST)
4 ਨੰਬਰ ਦਾ ਬੌਟਮ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਦੀ ਕੀਤੀ ਮੰਗ ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਢੰਡਾਰੀ ਇੰਡਸਟਰੀਅਲ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਮੱਕੜ ਨੇ ਲੁਧਿਆਣਾ ਦੇ ਉਦਯੋਗਿਕ ਵਿਕਾਸ, ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ ਅਤੇ ਪੰਜਾਬ ਦੇ ਸੰਵਿਧਾਨਕ ਹੱਕਾਂ ਨਾਲ ਜੁੜੇ ਵੱਖ-ਵੱਖ ਮੁੱਦੇ ਉਠਾਉਂਦਿਆਂ ਕਿਹਾ ਕਿ ਜਿੱਥੇ ਵੀ ਚੰਗਾ ਕੰਮ ਹੋਇਆ ਹੈ, ਉਸ ਦੀ ਸ਼ਲਾਘਾ ਹੋਣੀ ਚਾਹੀਦੀ ਹੈ ਅਤੇ ਜਿੱਥੇ ਕਮੀਆਂ ਹਨ, ਉਨ੍ਹਾਂ ਬਾਰੇ ਸਰਕਾਰ ਤੇ ਪ੍ਰਸ਼ਾਸਨ ਨੂੰ ਜਵਾਬਦੇਹ ਬਣਾਉਣਾ ਚਾਹੀਦਾ ਹੈ। ਉਨ੍ਹਾਂ ਲੁਧਿਆਣਾ ਦੀ ਸਮਾਰਟ ਸਿਟੀ ਵਜੋਂ ਪਛਾਣ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਸ਼ਹਿਰ ਦੀਆਂ ਕਈ ਸੜਕਾਂ ਟੁੱਟੀਆਂ ਹੋਈਆਂ ਹਨ ਅਤੇ ਥਾਂ-ਥਾਂ ਵੱਡੇ ਖੱਡੇ ਪਏ ਹਨ। ਅੰਦਰੂਨੀ ਸੜਕਾਂ ’ਤੇ ਮਿੱਟੀ ਤੇ ਕੂੜੇ ਦੇ ਢੇਰ ਲੱਗੇ ਹੋਏ ਹਨ। ਸਫ਼ਾਈ ਪ੍ਰਬੰਧ ਨਾਲ ਜੁੜੇ ਅਧਿਕਾਰੀਆਂ ਨੂੰ ਦਫ਼ਤਰਾਂ ਤੱਕ ਸੀਮਤ ਰਹਿਣ ਦੀ ਬਜਾਏ ਜ਼ਮੀਨੀ ਪੱਧਰ ’ਤੇ ਜਾ ਕੇ ਹਾਲਾਤਾਂ ਦਾ ਜਾਇਜ਼ਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਇੱਕੋ ਜਿਹੇ ਨਹੀਂ ਹੁੰਦੇ ਅਤੇ ਮਿਹਨਤੀ ਅਧਿਕਾਰੀਆਂ ਦੀ ਸ਼ਲਾਘਾ ਵੀ ਹੋਣੀ ਚਾਹੀਦੀ ਹੈ, ਪਰ ਜਿਹੜੇ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਉਂਦੇ, ਉਨ੍ਹਾਂ ਦੀ ਜਵਾਬਦੇਹੀ ਤੈਅ ਹੋਣੀ ਲਾਜ਼ਮੀ ਹੈ। ਉਨ੍ਹਾਂ ਟ੍ਰੈਫਿਕ ਜਾਮ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਈ ਚੌਕਾਂ ’ਤੇ ਇੱਕ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਹੁੰਦੀਆਂ ਹਨ, ਜਦਕਿ ਦੂਜੇ ਪਾਸੇ ਟ੍ਰੈਫਿਕ ਘੱਟ ਹੁੰਦਾ ਹੈ। ਅਜਿਹੇ ਹਾਲਾਤ ਵਿੱਚ ਰੈੱਡ ਲਾਈਟਾਂ ਦੇ ਸਮੇਂ ਦੀ ਸੈਟਿੰਗ ਟ੍ਰੈਫਿਕ ਦੇ ਦਬਾਅ ਅਨੁਸਾਰ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਸਫ਼ਾਈ, ਟ੍ਰੈਫਿਕ ਅਤੇ ਹੋਰ ਬੁਨਿਆਦੀ ਸਹੂਲਤਾਂ ਲੋਕਾਂ ਦਾ ਅਧਿਕਾਰ ਹਨ, ਕੋਈ ਸਰਕਾਰੀ ਅਹਿਸਾਨ ਨਹੀਂ। ਮੱਕੜ ਨੇ ਕਿਹਾ ਕਿ ਲੁਧਿਆਣਾ ਪੰਜਾਬ ਦੀ ਉਦਯੋਗਿਕ ਅਤੇ ਆਰਥਿਕ ਤਾਕਤ ਹੈ। ਇੱਥੇ ਸਾਈਕਲ ਤੇ ਸਾਈਕਲ ਪਾਰਟਸ, ਟਰੈਕਟਰ ਪਾਰਟਸ, ਆਟੋ ਪਾਰਟਸ ਅਤੇ ਹਵਾਈ ਜਹਾਜ਼ਾਂ ਵਿੱਚ ਵਰਤੇ ਜਾਣ ਵਾਲੇ ਪੁਰਜ਼ਿਆਂ ਸਮੇਤ ਕਈ ਤਰ੍ਹਾਂ ਦਾ ਸਾਮਾਨ ਤਿਆਰ ਹੁੰਦਾ ਹੈ। ਉਦਯੋਗ ਦੂਜੇ ਸੂਬਿਆਂ ਤੋਂ ਕੱਚਾ ਮਾਲ ਅਤੇ ਮਜ਼ਦੂਰ ਮੰਗਵਾਉਂਦੇ ਹਨ ਅਤੇ ਤਿਆਰ ਮਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੱਕ ਪਹੁੰਚਾਉਂਦੇ ਹਨ। ਇਸ ਦੇ ਬਾਵਜੂਦ ਉਦਯੋਗਾਂ ਨੂੰ ਆਵਾਜਾਈ, ਬੁਨਿਆਦੀ ਢਾਂਚੇ ਅਤੇ ਹੋਰ ਖਰਚਿਆਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਬਰ ਦਾ ਬਾਕਸ: ਵਿਧਾਇਕ ਛੀਨਾ ਵੱਲੋਂ ਕਰਵਾਏ ਵਿਕਾਸ ਕਾਰਜਾਂ ਦੀ ਕੀਤੀ ਸ਼ਲਾਘਾ ਫ਼ੋਟੋ ਨੰਬਰ-15,16 ਪ੍ਰਧਾਨ ਸਤਨਾਮ ਸਿੰਘ ਮੱਕੜ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੀ ਵਿਧਾਇਕ ਬੀਬਾ ਰਾਜਿੰਦਰਪਾਲ ਕੌਰ ਛੀਨਾ ਨੇ ਪਿਛਲੇ ਪੰਜ ਸਾਲਾਂ ਦੌਰਾਨ ਇਲਾਕੇ ਵਿੱਚ ਕਈ ਵਿਕਾਸ ਕਾਰਜ ਕਰਵਾਏ ਹਨ। ਖਾਸ ਕਰ ਕੇ ਇੰਡਸਟਰੀਅਲ ਏਰੀਆ-ਸੀ ਵਿੱਚ ਲੰਮੇ ਸਮੇਂ ਤੋਂ ਖਸਤਾ ਹਾਲ ਸੜਕਾਂ ਦਾ ਨਿਰਮਾਣ ਕਰਵਾਉਣ ਅਤੇ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਨਵੀਆਂ ਪਾਈਪਾਂ ਪਵਾਉਣ ਦੇ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਸਿਆਸੀ ਨੁਮਾਇੰਦੇ ਆਪਣੇ ਵੋਟਰਾਂ ਵਾਲੇ ਇਲਾਕਿਆਂ ਨੂੰ ਤਰਜੀਹ ਦਿੰਦੇ ਹਨ, ਪਰ ਛੀਨਾ ਨੇ ਉਦਯੋਗਿਕ ਖੇਤਰ ਦੀਆਂ ਸਮੱਸਿਆਵਾਂ ਵੱਲ ਵੀ ਧਿਆਨ ਦਿੱਤਾ ਹੈ। ਮੱਕੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਇਸ ਵਾਰ ਛੀਨਾ ਨੂੰ ਟਿਕਟ ਨਾ ਦੇਣ ਦਾ ਫੈਸਲਾ ਪਾਰਟੀ ਦਾ ਅੰਦਰੂਨੀ ਮਾਮਲਾ ਹੈ, ਜਿਸ ’ਤੇ ਉਹ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। ਹਾਲਾਂਕਿ, ਉਦਯੋਗਿਕ ਖੇਤਰ ਦੇ ਕਈ ਲੋਕ ਉਨ੍ਹਾਂ ਵੱਲੋਂ ਕਰਵਾਏ ਕੰਮਾਂ ਤੋਂ ਸੰਤੁਸ਼ਟ ਹਨ। ਇਸ ਲਈ ਪਾਰਟੀ ਨੂੰ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਦਿਆਂ ਬੀਬਾ ਛੀਨਾ ਨੂੰ ਦੁਬਾਰਾ ਟਿਕਟ ਦੇਣ ਬਾਰੇ ਸੋਚਣਾ ਚਾਹੀਦਾ ਹੈ।