ਜਵਾਹਰ ਨਗਰ ਕੈਂਪ ’ਚ ਕੂੜੇ ਦੇ ਢੇਰਾਂ ਖ਼ਿਲਾਫ਼ ਮਮਤਾ ਆਸ਼ੂ ਨੇ ਰੋਸ ਪ੍ਰਗਟਾਇਆ 3 ਨੰਬਰ ਲਈ-ਜਵਾਹਰ ਨਗਰ ਕੈਂਪ ’ਚ ਕੂੜੇ ਦੇ ਢੇਰਾਂ ਖ਼ਿਲਾਫ਼ ਮਮਤਾ ਆਸ਼ੂ ਨੇ ਰੋਸ ਪ੍ਰਗਟਾਇਆ
Publish Date: Sat, 14 Nov 2026 07:05 PM (IST)
Updated Date: Sun, 15 Nov 2026 04:03 AM (IST)
3 ਨੰਬਰ ਲਈ ਨਗਰ ਨਿਗਮ ਤੇ ਇਲਾਕਾ ਕੌਂਸਲਰ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ ਨਿਗਮ ਕਮਿਸ਼ਨਰ ਤੋਂ ਤੁਰੰਤ ਸਮੱਸਿਆ ਹੱਲ ਕਰਨ ਦੀ ਮੰਗ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਵਿੱਚ ਸਫ਼ਾਈ ਪ੍ਰਬੰਧਾਂ ਦੀ ਮਾੜੀ ਹਾਲਤ ਨੂੰ ਲੈ ਕੇ ਸਿਆਸੀ ਵਿਰੋਧ ਤੇਜ਼ ਹੋਣ ਲੱਗਾ ਹੈ। ਸ਼ਹਿਰ ਦੇ ਕਈ ਇਲਾਕਿਆਂ ਵਿੱਚ ਕੂੜੇ ਦੇ ਢੇਰ ਲੱਗੇ ਹੋਣ ਅਤੇ ਕੂੜੇ ਦੀ ਚੁਕਾਈ ਦਾ ਕੰਮ ਢਿੱਲੀ ਰਫ਼ਤਾਰ ਨਾਲ ਹੋਣ ਦੇ ਵਿਰੋਧ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਤੇ ਸਾਬਕਾ ਕੌਂਸਲਰ ਮਮਤਾ ਆਸ਼ੂ ਨੇ ਅੱਜ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਜਵਾਹਰ ਨਗਰ ਕੈਂਪ ਵਿੱਚ ਪੰਜਾਬ ਸਰਕਾਰ, ਨਗਰ ਨਿਗਮ ਅਤੇ ਇਲਾਕਾ ਕੌਂਸਲਰ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਮਮਤਾ ਆਸ਼ੂ ਨੇ ਕਿਹਾ ਕਿ ਇਲਾਕੇ ਵਿੱਚ ਕੂੜੇ ਦੀ ਚੁਕਾਈ ਸਮੇਂ ਸਿਰ ਨਾ ਹੋਣ ਕਾਰਨ ਸੜਕਾਂ ਦੇ ਕਿਨਾਰਿਆਂ ’ਤੇ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ। ਹਾਲਾਤ ਇਹ ਹਨ ਕਿ ਕਈ ਥਾਵਾਂ ’ਤੇ ਕੂੜੇ ਨੇ ਸੜਕ ਦਾ ਇੱਕ ਪਾਸਾ ਹੀ ਘੇਰਿਆ ਹੋਇਆ ਹੈ, ਜਿਸ ਕਾਰਨ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਲੰਘਣ ਵਿੱਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਗਰ ਨਿਗਮ ਅਤੇ ਇਲਾਕਾ ਕੌਂਸਲਰ ਦੀ ਕਥਿਤ ਲਾਪਰਵਾਹੀ ਕਾਰਨ ਲੋਕਾਂ ਨੂੰ ਗੰਦਗੀ ਵਿਚਕਾਰ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਕੂੜੇ ਦੇ ਢੇਰਾਂ ਕਾਰਨ ਇਲਾਕੇ ਵਿੱਚ ਬਦਬੂ ਫੈਲ ਰਹੀ ਹੈ ਅਤੇ ਲੋਕਾਂ ਨੂੰ ਵੱਖ-ਵੱਖ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਉਨ੍ਹਾਂ ਨਗਰ ਨਿਗਮ ਲੁਧਿਆਣਾ ਦੇ ਨਵ-ਨਿਯੁਕਤ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਜਵਾਹਰ ਨਗਰ ਕੈਂਪ ਦੀ ਇਸ ਸਮੱਸਿਆ ਦਾ ਤੁਰੰਤ ਨੋਟਿਸ ਲੈਂਦਿਆਂ ਕੂੜੇ ਦੀ ਚੁਕਾਈ ਯਕੀਨੀ ਬਣਾਈ ਜਾਵੇ ਅਤੇ ਇਲਾਕੇ ਵਿੱਚ ਸਫ਼ਾਈ ਪ੍ਰਬੰਧ ਸੁਚਾਰੂ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਨਗਰ ਨਿਗਮ ਦੀ ਮੁੱਢਲੀ ਜ਼ਿੰਮੇਵਾਰੀ ਹੈ। ਮਮਤਾ ਆਸ਼ੂ ਨੇ ਇਲਾਕਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਵਾਰਡ ਦੇ ਕੌਂਸਲਰ ਨੂੰ ਸਫ਼ਾਈ ਪ੍ਰਬੰਧਾਂ ਵੱਲ ਧਿਆਨ ਦੇਣ ਲਈ ਜਾਗਰੂਕ ਕਰਨ ਅਤੇ ਆਪਣੀਆਂ ਸਮੱਸਿਆਵਾਂ ਉਨ੍ਹਾਂ ਦੇ ਸਾਹਮਣੇ ਰੱਖਣ, ਤਾਂ ਜੋ ਲੰਮੇ ਸਮੇਂ ਤੋਂ ਬਣੀ ਇਸ ਸਮੱਸਿਆ ਦਾ ਹੱਲ ਹੋ ਸਕੇ।