ਜਿੱਤਣ ਦੀ ਸਮਰੱਥਾ ਰੱਖਣ ਵਾਲਿਆਂ ਨੂੰ ਮਿਲੇਗੀ ਟਿਕਟ : ਚੰਨੀ ਅਹਿਮ ਤੇ ਜ਼ਰੂਰੀ ਖ਼ਬਰ-ਕਾਂਗਰਸ ਉਮੀਦਵਾਰਾਂ ਦੀ ਸੂਚੀ ਜਲਦ ਐਲਾਨੇਗੀ, ਜਿੱਤਣ ਦੀ ਸਮਰੱਥਾ ਰੱਖਣ ਵਾਲਿਆਂ ਨੂੰ ਮਿਲੇਗੀ ਟਿਕਟ-ਚੰਨੀ
Publish Date: Sat, 14 Nov 2026 07:38 PM (IST)
Updated Date: Sun, 15 Nov 2026 04:03 AM (IST)
ਅਹਿਮ ਤੇ ਜ਼ਰੂਰੀ ਖ਼ਬਰ ਕਿਹਾ- ਕਾਂਗਰਸ ਉਮੀਦਵਾਰਾਂ ਦੀ ਸੂਚੀ ਜਲਦ ਐਲਾਨੇਗੀ ਸਾਥੀਆਂ ਸਮੇਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਮੱਥਾ ਟੇਕ ਕੇ ਤੀਸਰੇ ਦਿਨ ਯਾਤਰਾ ਦੀ ਕੀਤੀ ਸ਼ੁਰੂਆਤ ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਆਪਣੀ ਜਵਾਨੀ ਬਚਾਓ ਯਾਤਰਾ ਦੇ ਤੀਜੇ ਦਿਨ ਦੀ ਸ਼ੁਰੂਆਤ ਲੁਧਿਆਣਾ ਦੇ ਮਾਡਲ ਟਾਊਨ ਐਕਸਟੈਂਸ਼ਨ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਕੀਤੀ। ਇਸ ਮੌਕੇ ਪੰਜਾਬ ਕਾਂਗਰਸ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਕਿਹਾ ਕਿ ਯਾਤਰਾ ਦੇ ਪਿਛਲੇ ਦੋ ਦਿਨਾਂ ਦੌਰਾਨ ਉਨ੍ਹਾਂ ਨੂੰ ਲੋਕਾਂ ਵੱਲੋਂ ਜੋ ਪਿਆਰ ਅਤੇ ਸਤਿਕਾਰ ਮਿਲਿਆ ਹੈ, ਉਸ ਤੋਂ ਇਹ ਵਿਸ਼ਵਾਸ ਹੋਰ ਪੱਕਾ ਹੋ ਗਿਆ ਹੈ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਤਤਪਰ ਹਨ। ਉਨ੍ਹਾਂ ਕਿਹਾ ਕਿ ਯਾਤਰਾ ਨੂੰ ਮਿਲ ਰਿਹਾ ਹੁੰਗਾਰਾ ਲੋਕਾਂ ਦੇ ਕਾਂਗਰਸ ਪ੍ਰਤੀ ਭਰੋਸੇ ਅਤੇ ਸਮਰਥਨ ਨੂੰ ਦਰਸਾਉਂਦਾ ਹੈ। ਚੰਨੀ ਨੇ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਅਜਿਹੇ ਉਮੀਦਵਾਰ ਉਤਾਰੇ ਜਾਣਗੇ, ਜਿਨ੍ਹਾਂ ਵਿੱਚ ਚੋਣ ਜਿੱਤਣ ਦੀ ਸਮਰੱਥਾ ਹੋਵੇਗੀ। ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸਾਈਕਲ ਯਾਤਰਾ ਵਿੱਚ ਲੁਧਿਆਣਾ ਦੇ ਸੰਸਦ ਮੈਂਬਰਾਂ ਅਤੇ ਹਲਕਾ ਇੰਚਾਰਜਾਂ ਦੀ ਗੈਰ-ਹਾਜ਼ਰੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਇਹ ਸਿਰਫ਼ ਲੁਧਿਆਣਾ ਦਾ ਮਸਲਾ ਹੈ। ਬਾਕੀ ਪੰਜਾਬ ਵਿੱਚ ਕਾਂਗਰਸ ਅੰਦਰ ਕਿਸੇ ਤਰ੍ਹਾਂ ਦੀ ਧੜੇਬੰਦੀ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੇ ਸਾਰੇ ਵਰਕਰ ਇਕਜੁੱਟ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪਾਰਟੀ ਦੀ ਮਜ਼ਬੂਤੀ ਲਈ ਇਕੱਠੇ ਕੰਮ ਕਰਦੇ ਰਹਿਣਗੇ। ਆਸ਼ੂ ਨੇ ਕਿਹਾ ਕਿ ਲੁਧਿਆਣਾ ਵਿੱਚ ਵਰਕਰਾਂ ਨੇ ਚੰਨੀ ਦੀ ਸਾਈਕਲ ਯਾਤਰਾ ਦਾ ਹਰ ਥਾਂ ’ਤੇ ਭਰਵਾਂ ਸਵਾਗਤ ਕੀਤਾ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਗੜਵਲ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਟਰੱਸਟੀ ਹਰਪ੍ਰੀਤ ਸਿੰਘ ਰਾਜਧਾਨੀ, ਬਲਜਿੰਦਰ ਸਿੰਘ ਜਿੰਦੂ ਸਮੇਤ ਹੋਰ ਕਈ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।