- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਨੰਬਰ ਲਈ:ਡੇਹਲੋਂ ਬਾਈਪਾਸ ਚੌਕ ਵਿਖੇ ਨਿਹੰਗ ਜਥੇਬੰਦੀਆਂ ਤੇ ਪਿੰਡ ਨੰਗਲ ਵਾਸੀਆਂ ਵੱਲੋਂ ਰੋਸ ਧਰਨਾ, ਲੱਗੇ ਲੰਮੇ ਜਾਮ

1 ਨੰਬਰ ਲਈ)
-ਸਰਪੰਚ ’ਤੇ ਧੱਕਾ-ਮੁੱਕੀ ਕਰਨ ਦੇ ਦੋਸ਼, ਸਰਪੰਚ ਨੇ ਦੋਸ਼ਾਂ ਨਕਾਰੇ, ਰਾਹਗੀਰਾਂ ਨੂੰ ਝੱਲਣੀ ਪਈ ਪਰੇਸ਼ਾਨੀ
38,39
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਪਿੰਡ ਨੰਗਲ ਵਿਖੇ ਨਿਹੰਗ ਸਿੰਘਾਂ ਅਤੇ ਪਿੰਡ ਦੇ ਸਰਪੰਚ ਵਿਚਕਾਰ ਪੈਦਾ ਹੋਏ ਵਿਵਾਦ ਨੇ ਉਸ ਸਮੇਂ ਗੰਭੀਰ ਰੂਪ ਧਾਰ ਲਿਆ, ਜਦੋਂ ਨਿਹੰਗ ਜਥੇਬੰਦੀਆਂ ਦੇ ਆਗੂਆਂ ਤੇ ਪਿੰਡ ਵਾਸੀਆਂ ਵੱਲੋਂ ਡੇਹਲੋਂ ਬਾਈਪਾਸ ਚੌਕ ਵਿਖੇ ਰੋਸ ਧਰਨਾ ਲਗਾ ਕੇ ਲੁਧਿਆਣਾ-ਮਾਲੇਰਕੋਟਲਾ ਮੁੱਖ ਸੜਕ ’ਤੇ ਆਵਾਜਾਈ ਠੱਪ ਕੀਤੀ ਗਈ। ਧਰਨੇ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ, ਜਿਸ ਕਾਰਨ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਕਾਫ਼ੀ ਸਮਾਂ ਪ੍ਰੇਸ਼ਾਨੀ ਝੱਲਣੀ ਪਈ। ਬੀਤੇ ਦਿਨੀਂ ਬਲਾਕ ਡੇਹਲੋਂ ਦੇ ਪਿੰਡ ਨੰਗਲ ਵਿਖੇ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਲੋਕ ਮਿਲਣੀ ਸਮਾਗਮ ਨੂੰ ਸੰਬੋਧਨ ਕਰਨ ਪਹੁੰਚੇ ਹੋਏ ਸਨ। ਨਿਹੰਗ ਬਾਣੇ ਵਿੱਚ ਆਏ ਦੋ ਨੌਜਵਾਨਾਂ ਵੱਲੋਂ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਵਿਧਾਇਕ ਨੂੰ ਸਵਾਲ ਕੀਤੇ ਗਏ। ਨਿਹੰਗ ਸਿੰਘਾਂ ਦਾ ਦੋਸ਼ ਸੀ ਕਿ ਪਿਛਲੇ ਮਹੀਨੇ ਨਿਹੰਗ ਜਥੇਬੰਦੀਆਂ ਵੱਲੋਂ ਨਕਲੀ ਪੁਲਿਸ ਮੁਲਾਜ਼ਮਾਂ ਦੇ ਰੂਪ ਵਿੱਚ ਵਿਚਰ ਰਹੇ ਕਥਿਤ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਡੇਹਲੋਂ ਪੁਲਿਸ ਹਵਾਲੇ ਕੀਤਾ ਗਿਆ ਸੀ, ਪਰ ਉਨ੍ਹਾਂ ਦੀ ਜ਼ਮਾਨਤ ਹੋਣ ਤੋਂ ਬਾਅਦ ਉਕਤ ਤਿੰਨ ਨੌਜਵਾਨਾਂ ਵੱਲੋਂ ਨਿਹੰਗ ਸਿੰਘਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਦੱਸਿਆ ਜਾਂਦਾ ਹੈ ਕਿ ਵਿਧਾਇਕ ਦੇ ਅਗਲੇ ਪ੍ਰੋਗਰਾਮ ਲਈ ਰਵਾਨਾ ਹੋਣ ਤੋਂ ਬਾਅਦ ਮਾਮਲਾ ਉਸ ਸਮੇਂ ਹੋਰ ਭਖ ਗਿਆ, ਜਦੋਂ ਪਿੰਡ ਦੇ ਸਰਪੰਚ ਰਣਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਨਿਹੰਗ ਸਿੰਘਾਂ ਨੂੰ ਵੀਡੀਓ ਬਣਾਉਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਨਿਹੰਗ ਸਿੰਘਾਂ ਵੱਲੋਂ ਸਰਪੰਚ ਅਤੇ ਉਨ੍ਹਾਂ ਦੇ ਸਾਥੀਆਂ ’ਤੇ ਧੱਕਾ-ਮੁੱਕੀ ਕਰਨ ਦੇ ਦੋਸ਼ ਲਗਾਏ ਗਏ। ਇਸ ਮਾਮਲੇ ਨੂੰ ਲੈ ਕੇ ਅੱਜ ਸਵੇਰੇ ਪਿੰਡ ਨੰਗਲ ਵਿਖੇ ਨਿਹੰਗ ਜਥੇਬੰਦੀਆਂ ਦੇ ਆਗੂ ਅਤੇ ਪਿੰਡ ਵਾਸੀ ਇਕੱਠੇ ਹੋਏ, ਪਰ ਕੋਈ ਸਹਿਮਤੀ ਨਾ ਬਣਨ ਕਾਰਨ ਉਨ੍ਹਾਂ ਵੱਲੋਂ ਡੇਹਲੋਂ ਬਾਈਪਾਸ ਚੌਕ ਵਿਖੇ ਧਰਨਾ ਲਾ ਦਿੱਤਾ ਗਿਆ। ਇਸ ਕਾਰਨ ਲੁਧਿਆਣਾ-ਮਾਲੇਰਕੋਟਲਾ ਸੜਕ ’ਤੇ ਆਵਾਜਾਈ ਪ੍ਰਭਾਵਿਤ ਹੋਈ ਅਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਇਸ ਮੌਕੇ ਜਥੇਦਾਰ ਅਮਨਦੀਪ ਸਿੰਘ, ਜਥੇਦਾਰ ਕਰਮਜੀਤ ਸਿੰਘ, ਕਰਨੈਲ ਸਿੰਘ, ਨਰਾਇਣ ਸਿੰਘ, ਭੁਪਿੰਦਰ ਸਿੰਘ, ਗੁਰਸੇਵਕ ਸਿੰਘ, ਲਖਵਿੰਦਰ ਸਿੰਘ, ਕਰਮਜੀਤ ਸਿੰਘ, ਜੀਵਨ ਸਿੰਘ, ਅਵਤਾਰ ਸਿੰਘ, ਹਰਜਿੰਦਰ ਸਿੰਘ, ਸਰਪੰਚ ਕਿਰਪਾਲ ਸਿੰਘ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ, ਜਸਵਿੰਦਰ ਸਿੰਘ, ਗੁਰਬਖਸ਼ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ, ਅਰਸ਼ਦੀਪ ਸਿੰਘ, ਸਰੂਪ ਸਿੰਘ, ਹਰਪਾਲ ਸਿੰਘ, ਜਗਰੂਪ ਸਿੰਘ, ਜਸਵੀਰ ਸਿੰਘ ਸੀਰਾ ਅਤੇ ਲਛਮਣ ਸਿੰਘ ਸਮੇਤ ਹੋਰ ਵਿਅਕਤੀ ਹਾਜ਼ਰ ਸਨ।
-ਬਾਕਸ-
-ਸਰਪੰਚ ਨੇ ਦੋਸ਼ ਨਕਾਰੇ
ਦੂਜੇ ਪਾਸੇ ਪਿੰਡ ਨੰਗਲ ਦੇ ਸਰਪੰਚ ਰਣਜੀਤ ਸਿੰਘ ਨੇ ਆਪਣੇ ਉੱਪਰ ਲਗਾਏ ਗਏ ਦੋਸ਼ਾਂ ਨੂੰ ਮੁੱਢੋਂ ਨਕਾਰਦਿਆਂ ਕਿਹਾ ਕਿ ਉਹ ਨਿਹੰਗ ਬਾਣੇ ਅਤੇ ਸਿੱਖੀ ਸਰੂਪ ਵਿੱਚ ਵਿਚਰਨ ਵਾਲੇ ਹਰ ਵਿਅਕਤੀ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਨਿਹੰਗ ਬਾਣੇ ਵਿੱਚ ਆਏ ਨੌਜਵਾਨਾਂ ਨਾਲ ਧੱਕਾ-ਮੁੱਕੀ ਕਰਨ ਵਾਲੀ ਕੋਈ ਗੱਲ ਨਹੀਂ ਹੋਈ। ਇਸ ਸਬੰਧੀ ਥਾਣਾ ਡੇਹਲੋਂ ਦੇ ਮੁਖੀ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਨਿਹੰਗ ਸਿੰਘਾਂ ਵੱਲੋਂ ਸਰਪੰਚ ਖ਼ਿਲਾਫ਼ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।