- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਨੰਬਰ ਲਈ:ਸਬਜ਼ੀ ਮੰਡੀ ਗੇਟ ਨੰਬਰ ਦੋ ਬਣਿਆ ਲੁੱਟਾਂ-ਖੋਹਾਂ ਦਾ ਅੱਡਾ

1 ਨੰਬਰ ਲਈ)
-ਬਾਹਰੀ ਸੂਬਿਆਂ ਤੋਂ ਆਉਣ ਵਾਲੇ ਡਰਾਈਵਰਾਂ ਨੂੰ ਦੇਹ ਵਪਾਰ ਦੇ ਜਾਲ ’ਚ ਫਸਾ ਕੇ ਕਰਦੇ ਨੇ ਲੁੱਟ-ਖੋਹ
ਗੌਰਵ ਸਲੂਜਾ, ਪੰਜਾਬੀ ਜਾਗਰਣ, ਲੁਧਿਆਣਾ
ਮਹਾਨਗਰ ਦੀ ਸਬਜ਼ੀ ਮੰਡੀ ਗੇਟ ਨੰਬਰ ਦੋ ਦੇ ਨਾਲ ਲੱਗਦੀ ਖਾਲੀ ਜਗ੍ਹਾ ਇਨ੍ਹੀਂ ਦਿਨੀਂ ਬਾਹਰੀ ਸੂਬਿਆਂ ਤੋਂ ਫਲ ਤੇ ਸਬਜ਼ੀਆਂ ਲੈ ਕੇ ਆਉਣ ਵਾਲੇ ਡਰਾਈਵਰਾਂ ਲਈ ਖਤਰੇ ਦਾ ਕਾਰਨ ਬਣਦੀ ਜਾ ਰਹੀ ਹੈ। ਇਲਾਕੇ ਵਿੱਚ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਕਥਿਤ ਤੌਰ 'ਤੇ ਕੁਝ ਸ਼ਰਾਰਤੀ ਅਨਸਰ ਦੇਹ ਵਪਾਰ ਦੇ ਜਾਲ ਵਿੱਚ ਡਰਾਈਵਰਾਂ ਨੂੰ ਫਸਾ ਕੇ ਬਾਅਦ ਵਿੱਚ ਆਪਣੇ ਹੋਰ ਸਾਥੀਆਂ ਨੂੰ ਬੁਲਾ ਲੈਂਦੇ ਹਨ ਤੇ ਡਰਾਈਵਰਾਂ ਨੂੰ ਘੇਰ ਕੇ ਉਨ੍ਹਾਂ ਨਾਲ ਕੁੱਟਮਾਰ ਕਰਨ ਤੋਂ ਬਾਅਦ ਮੋਬਾਈਲ ਫੋਨ ਅਤੇ ਨਕਦੀ ਖੋਹ ਕੇ ਫਰਾਰ ਹੋ ਜਾਂਦੇ ਹਨ। ਹੈਰਾਨੀ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਉਣ ਦੇ ਬਾਵਜੂਦ ਇਲਾਕੇ ’ਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ। ਜਾਣਕਾਰੀ ਅਨੁਸਾਰ ਸਬਜ਼ੀ ਮੰਡੀ ਗੇਟ ਨੰਬਰ੍-2 ਦੇ ਨਾਲ ਪਈ ਖਾਲੀ ਜਗ੍ਹਾ ਵਿੱਚ ਪਿਛਲੇ ਲੰਬੇ ਸਮੇਂ ਤੋਂ ਕਥਿਤ ਤੌਰ 'ਤੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਸ਼ਾਮ ਢਲਦਿਆਂ ਹੀ ਇਹ ਜਗ੍ਹਾ ਅਜਿਹੀਆਂ ਸਰਗਰਮੀਆਂ ਦਾ ਕੇਂਦਰ ਬਣ ਜਾਂਦੀ ਹੈ। ਕਥਿਤ ਤੌਰ 'ਤੇ ਕੁਝ ਲੋਕ ਲੜਕੀਆਂ ਨੂੰ ਅੱਗੇ ਕਰਕੇ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਡਰਾਈਵਰਾਂ ਨੂੰ ਆਪਣੇ ਜਾਲ ਵਿੱਚ ਫਸਾਉਂਦੇ ਹਨ। ਇਸ ਤੋਂ ਬਾਅਦ ਉਨ੍ਹਾਂ ਦੇ ਹੋਰ ਸਾਥੀ ਮੌਕੇ 'ਤੇ ਪਹੁੰਚ ਕੇ ਡਰਾਈਵਰਾਂ ਨੂੰ ਘੇਰ ਲੈਂਦੇ ਹਨ ਤੇ ਉਨ੍ਹਾਂ ਨਾਲ ਕੁੱਟਮਾਰ ਕਰਕੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹਨ।
ਇੱਥੇ ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਵੀ ਪੰਜਾਬੀ ਜਾਗਰਣ ਵੱਲੋਂ ਇਸੇ ਤਰ੍ਹਾਂ ਦੀ ਇੱਕ ਘਟਨਾ ਨੂੰ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤਾ ਗਿਆ ਸੀ। ਉਸ ਸਮੇਂ ਰਾਜਸਥਾਨ ਤੋਂ ਪਪੀਤੇ ਦੀ ਖੇਪ ਲੈ ਕੇ ਆਏ ਇੱਕ ਡਰਾਈਵਰ ਨਾਲ ਕੁਝ ਲੋਕਾਂ ਵੱਲੋਂ ਕੁੱਟਮਾਰ ਕਰਕੇ ਉਸਦਾ ਮੋਬਾਈਲ ਫੋਨ ਅਤੇ ਨਕਦੀ ਖੋਹ ਲਈ ਗਈ ਸੀ। ਹੁਣ ਇੱਕ ਵਾਰ ਫਿਰ ਕਸ਼ਮੀਰ ਤੋਂ ਸੇਬਾਂ ਦੀ ਖੇਪ ਲੈ ਕੇ ਆਏ ਡਰਾਈਵਰ ਮੁਮੇਦ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਤੋਂ ਬਾਅਦ ਮੁਲਜ਼ਮ ਉਸ ਦਾ ਮੋਬਾਈਲ ਫੋਨ ਅਤੇ ਨਕਦੀ ਖੋਹ ਕੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਕਸ਼ਮੀਰ ਤੋਂ ਆਏ ਹੋਰ ਡਰਾਈਵਰਾਂ ਨੇ ਇਕੱਠੇ ਹੋ ਕੇ ਮੰਡੀ ਦੇ ਪ੍ਰਧਾਨ ਨੂੰ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ ਤੇ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ। ਡਰਾਈਵਰਾਂ ਦਾ ਕਹਿਣਾ ਹੈ ਕਿ ਉਹ ਰੋਜ਼ੀ-ਰੋਟੀ ਕਮਾਉਣ ਲਈ ਹਜ਼ਾਰਾਂ ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਮੰਡੀ ਵਿੱਚ ਮਾਲ ਲੈ ਕੇ ਪਹੁੰਚਦੇ ਹਨ, ਪਰ ਇੱਥੇ ਅਜਿਹੀਆਂ ਘਟਨਾਵਾਂ ਕਾਰਨ ਉਨ੍ਹਾਂ ਦੀ ਜਾਨ-ਮਾਲ ਦੀ ਸੁਰੱਖਿਆ ਖਤਰੇ ਵਿੱਚ ਪੈ ਰਹੀ ਹੈ।
-ਬਾਕਸ-
-ਪੁਲਿਸ ਵੱਲੋਂ ਵਿਸ਼ੇਸ਼ ਟੀਮ ਬਣਾ ਕੇ ਸ਼ਾਮ ਸਮੇਂ ਚੈਕਿੰਗ ਕਰਨ ਦਾ ਭਰੋਸਾ
ਦੂਜੇ ਪਾਸੇ ਇਸ ਮਾਮਲੇ ਸਬੰਧੀ ਥਾਣਾ ਬਸਤੀ ਜੋਧੇਵਾਲ ਦੇ ਮੁਖੀ ਅਮਰਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਲੁੱਟ-ਖੋਹ ਦੀ ਇਸ ਤਰ੍ਹਾਂ ਦੀ ਕੋਈ ਵੀ ਘਟਨਾ ਹਾਲੇ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਆਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੁਲਿਸ ਵੱਲੋਂ ਵਿਸ਼ੇਸ਼ ਟੀਮ ਬਣਾਈ ਜਾਵੇਗੀ, ਜੋ ਸ਼ਾਮ ਸਮੇਂ ਮੰਡੀ ਇਲਾਕੇ ਵਿੱਚ ਚੈਕਿੰਗ ਕਰੇਗੀ। ਇਸ ਦੇ ਨਾਲ ਹੀ ਦੇਹ ਵਪਾਰ ਦਾ ਧੰਦਾ ਚਲਾਉਣ ਵਾਲੇ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਦੀ ਵਿਸ਼ੇਸ਼ ਟੀਮ ਕਦੋਂ ਮੈਦਾਨ ਵਿੱਚ ਉਤਰਦੀ ਹੈ ਅਤੇ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਡਰਾਈਵਰਾਂ ਨੂੰ ਲੁੱਟਣ ਵਾਲੇ ਅਨਸਰਾਂ 'ਤੇ ਕਦੋਂ ਸ਼ਿਕੰਜਾ ਕੱਸਿਆ ਜਾਂਦਾ ਹੈ।