- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਨੰਬਰ ਦੀ ਲੀਡ:ਪਿੰਡ ਬੂਥਗੜ੍ਹ ’ਚ ਫੜੇ ਗਏ ਸਨ ਚਿੱਟੇ ਸਮੇਤ ਦੋ ਵਿਅਕਤੀ, ਵੀਡੀਓ ਵਾਇਰਲ ਹੋਣ ਮਗਰੋਂ ਮਾਮਲਾ ਉਜਾਗਰ

1 ਨੰਬਰ ਦੀ ਲੀਡ)
-ਸੜਕ ’ਤੇ ਨੱਕ ਰਗੜਵਾਉਣ ਤੇ ਕੁੱਟਮਾਰ ਦੀ ਵੀਡੀਓ ਵਾਇਰਲ, ਐੱਨਡੀਪੀਐੱਸ ਐਕਟ ਤਹਿਤ ਕੇਸ
ਸੁਸ਼ੀਲ ਕੁਮਾਰ ਸ਼ਸ਼ੀ , ਪੰਜਾਬੀ ਜਾਗਰਣ ਲੁਧਿਆਣਾ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਬਾਵਜੂਦ ਪਿੰਡਾਂ ਵਿੱਚ ਚਿੱਟੇ ਦੀ ਵਿਕਰੀ ਅਤੇ ਵਰਤੋਂ ਦੇ ਮਾਮਲੇ ਸਾਹਮਣੇ ਆਉਣੇ ਜਾਰੀ ਹਨ। ਇਸ ਦੀ ਤਾਜ਼ਾ ਮਿਸਾਲ ਥਾਣਾ ਮੇਹਰਬਾਨ ਅਧੀਨ ਪੈਂਦੇ ਪਿੰਡ ਬੂਥਗੜ੍ਹ ਵਿੱਚ ਦੇਖਣ ਨੂੰ ਮਿਲੀ, ਜਿੱਥੇ ਚਾਰ ਦਿਨ ਪਹਿਲਾਂ ਨਿਹੰਗ ਸਿੰਘਾਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੋ ਵਿਅਕਤੀਆਂ ਨੂੰ 10 ਗ੍ਰਾਮ ਚਿੱਟੇ ਸਮੇਤ ਕਾਬੂ ਕੀਤਾ ਸੀ। ਹਾਲਾਂਕਿ ਇਹ ਘਟਨਾ ਉਸੇ ਸਮੇਂ ਵਾਪਰੀ ਸੀ, ਪਰ ਮੁਲਜ਼ਮਾਂ ਨੂੰ ਸੜਕ ’ਤੇ ਨੱਕ ਰਗੜਵਾਉਣ, ਬੈਠਕਾਂ ਕਢਵਾਉਣ ਤੇ ਇੱਕ ਵਿਅਕਤੀ ਦੀ ਡੰਡਿਆਂ ਨਾਲ ਕੁੱਟਮਾਰ ਕਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਮਾਮਲਾ ਉਜਾਗਰ ਹੋਇਆ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਜਾਣਕਾਰੀ ਅਨੁਸਾਰ ਚਾਰ ਦਿਨ ਪਹਿਲਾਂ ਨਿਹੰਗ ਸਿੰਘ ਇਲਾਕੇ ਵਿੱਚੋਂ ਲੰਘ ਰਹੇ ਸਨ। ਇਸ ਦੌਰਾਨ ਸਕੂਲ ਨੇੜੇ ਉਨ੍ਹਾਂ ਨੇ ਇੱਕ ਵਿਅਕਤੀ ਨੂੰ ਕਥਿਤ ਤੌਰ ’ਤੇ ਸਿਰਿੰਜ ਰਾਹੀਂ ਨਸ਼ਾ ਕਰਦਿਆਂ ਦੇਖਿਆ। ਜਦੋਂ ਉਸ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ ਤਾਂ ਦੂਜੇ ਵਿਅਕਤੀ ਕੋਲੋਂ ਵੀ ਪਾਬੰਦੀਸ਼ੁਦਾ ਪਦਾਰਥ ਮਿਲਣ ਦੀ ਗੱਲ ਸਾਹਮਣੇ ਆਈ। ਇਸ ਤੋਂ ਬਾਅਦ ਦੋਵਾਂ ਨੂੰ ਕਾਬੂ ਕਰ ਲਿਆ। ਘਟਨਾ ਤੋਂ ਬਾਅਦ ਮੁਲਜ਼ਮਾਂ ਨਾਲ ਕੀਤੇ ਵਰਤਾਅ ਦੀ ਵੀਡੀਓ ਹੁਣ ਵਾਇਰਲ ਹੋ ਰਹੀ ਹੈ, ਜਿਸ ਨੇ ਇਸ ਮਾਮਲੇ ਨੂੰ ਚਰਚਾ ਵਿੱਚ ਲਿਆ ਦਿੱਤਾ ਹੈ। ਪਿੰਡ ਦੇ ਸਰਪੰਚ ਤਾਜਪਰਵਿੰਦਰ ਸਿੰਘ ਸੋਨੂੰ ਨੇ ਦੱਸਿਆ ਕਿ ਦੋਵਾਂ ਵਿਅਕਤੀਆਂ ਕੋਲੋਂ ਕੁੱਲ 10 ਗ੍ਰਾਮ ਚਿੱਟਾ ਅਤੇ ਨਸ਼ੇ ਦੀ ਵਰਤੋਂ ਲਈ ਰੱਖੀ ਸਿਰੰਜ ਬਰਾਮਦ ਹੋਈ ਸੀ। ਪਿੰਡ ’ਚ ਨਸ਼ੇ ਦੀ ਵਿਕਰੀ ਸਬੰਧੀ ਕਈ ਵਾਰ ਪੁਲਿਸ ਨੂੰ ਸ਼ਿਕਾਇਤਾਂ ਕੀਤੀਆਂ ਗਈਆਂ ਹਨ ਪਰ ਸਮੱਸਿਆ ਬਰਕਰਾਰ ਹੈ। ਉਨ੍ਹਾਂ ਅਨੁਸਾਰ ਬੀਤੀ 16 ਅਗਸਤ ਨੂੰ ਵੀ ਉਨ੍ਹਾਂ ਨੇ ਲਾਈਵ ਹੋ ਕੇ ਪਿੰਡ ਵਿੱਚ ਨਸ਼ਾ ਵਿਕਣ ਦਾ ਮੁੱਦਾ ਚੁੱਕਿਆ ਸੀ। ਸਰਪੰਚ ਨੇ ਦੋਸ਼ ਲਾਇਆ ਕਿ ਨਸ਼ੇ ਖ਼ਿਲਾਫ਼ ਸ਼ਿਕਾਇਤ ਕਰਨ ਵਾਲੇ ਪਰਿਵਾਰਾਂ ਨੂੰ ਧਮਕੀਆਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਸਰਪੰਚ ਅਨੁਸਾਰ ਨਿਹੰਗ ਸਿੰਘਾਂ ਨੇ ਸਕੂਲ ਨੇੜੇ ਇਕ ਵਿਅਕਤੀ ਨੂੰ ਸਿਰੀਂਜ ਰਾਹੀਂ ਨਸ਼ਾ ਕਰਦਿਆਂ ਦੇਖਿਆ ਸੀ। ਇਸ ਤੋਂ ਬਾਅਦ ਦੂਜੇ ਵਿਅਕਤੀ ਕੋਲੋਂ ਵੀ ਨਸ਼ੀਲਾ ਪਦਾਰਥ ਮਿਲਿਆ। ਉਨ੍ਹਾਂ ਮੁਤਾਬਕ ਪੁਲਿਸ ਨੂੰ ਸੂਚਨਾ ਦਿੱਤੀ ਗਈ ਸੀ, ਪਰ ਪੁਲਿਸ ਦੇ ਮੌਕੇ ’ਤੇ ਨਾ ਪਹੁੰਚਣ ਕਾਰਨ ਦੋਵਾਂ ਨੂੰ ਬਾਅਦ ਵਿੱਚ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।
-ਬਾਕਸ-
-ਇਕ ਮੁਲਜ਼ਮ ਕੋਲੋਂ 2 ਤੇ ਦੂਜੇ ਕੋਲੋਂ 8 ਗ੍ਰਾਮ ਚਿੱਟਾ ਬਰਾਮਦ
ਪੁਲਿਸ ਨੇ ਦੱਸਿਆ ਕਿ ਪੁਲਿਸ ਨੇ ਸਰਬਜੀਤ ਸਿੰਘ ਅਤੇ ਸਤਵਿੰਦਰ ਸਿੰਘ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। ਸਰਬਜੀਤ ਸਿੰਘ ਕੋਲੋਂ 2 ਗ੍ਰਾਮ ਅਤੇ ਦੂਜੇ ਮੁਲਜ਼ਮ ਕੋਲੋਂ 8 ਗ੍ਰਾਮ ਚਿੱਟਾ ਬਰਾਮਦ ਹੋਇਆ ਹੈ।
-ਥਾਣਾ ਮੁਖੀ ਬੋਲੇ, ਮੁਕੱਦਮਾ ਦਰਜ ਕਰਕੇ ਹਰ ਪਹਿਲੂ ਤੋਂ ਕਰ ਰਹੇ ਹਾਂ ਜਾਂਚ
ਥਾਣਾ ਮੇਹਰਬਾਨ ਦੇ ਮੁਖੀ ਇੰਸਪੈਕਟਰ ਜਗਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਪੂਰੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੜਤਾਲ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
-ਬਾਕਸ-
-ਵਾਇਰਲ ਵੀਡੀਓ ਨੇ ਖਿੱਚਿਆ ਧਿਆਨ
ਇਸ ਮਾਮਲੇ ਵਿੱਚ ਮੁਲਜ਼ਮਾਂ ਨੂੰ ਸੜਕ ’ਤੇ ਨੱਕ ਰਗੜਵਾਉਣ, ਬੈਠਕਾਂ ਕਢਵਾਉਣ ਅਤੇ ਇੱਕ ਵਿਅਕਤੀ ਦੀ ਡੰਡਿਆਂ ਨਾਲ ਕੁੱਟਮਾਰ ਕਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਚਾਰ ਦਿਨ ਪਹਿਲਾਂ ਵਾਪਰੀ ਇਸ ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪਿੰਡ ਬੂਥਗੜ੍ਹ ਵਿੱਚ ਨਸ਼ੇ ਦੀ ਸਮੱਸਿਆ ਅਤੇ ਇਸ ਸਬੰਧੀ ਪਹਿਲਾਂ ਕੀਤੀਆਂ ਗਈਆਂ ਸ਼ਿਕਾਇਤਾਂ ਦਾ ਮਾਮਲਾ ਵੀ ਚਰਚਾ ਵਿੱਚ ਆ ਗਿਆ ਹੈ। ਪਿੰਡ ਦੇ ਸਰਪੰਚ ਵੱਲੋਂ ਪਹਿਲਾਂ ਵੀ ਨਸ਼ੇ ਦੀ ਵਿਕਰੀ ਸਬੰਧੀ ਪੁਲਿਸ ਕੋਲ ਸ਼ਿਕਾਇਤਾਂ ਕਰਨ ਦੇ ਦਾਅਵੇ ਕੀਤੇ ਹਨ। ਅਜਿਹੇ ਵਿੱਚ ਹੁਣ ਪੁਲਿਸ ਦੀ ਜਾਂਚ ਦਾ ਅਹਿਮ ਪਹਿਲੂ ਇਹ ਵੀ ਹੋਵੇਗਾ ਕਿ ਫੜੇ ਗਏ ਦੋਵਾਂ ਵਿਅਕਤੀਆਂ ਤੱਕ ਚਿੱਟਾ ਕਿੱਥੋਂ ਪਹੁੰਚਿਆ ਅਤੇ ਇਸ ਪਿੱਛੇ ਕੋਈ ਹੋਰ ਸਪਲਾਈ ਨੈੱਟਵਰਕ ਤਾਂ ਸਰਗਰਮ ਨਹੀਂ।