- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਛੱਠ ਪੂਜਾ ਸਮਾਗਮਾਂ 'ਚ ਪਹੁੰਚੇ ਮੇਅਰ ਇੰਦਰਜੀਤ ਕੌਰ, ਸ਼ਰਧਾਲੂਆਂ ਨੂੰ ਦਿੱਤੀ ਵਧਾਈ

ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਛਠ ਪੂਜਾ ਮੌਕੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਐਤਵਾਰ ਨੂੰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕਰਵਾਏ ਗਏ ਛਠ ਪੂਜਾ ਸਮਾਗਮਾਂ ਵਿੱਚ ਸ਼ਿਰਕਤ ਕਰਕੇ ਸ਼ਰਧਾਲੂਆਂ ਨੂੰ ਵਧਾਈ ਦਿੱਤੀ। ਉਨ੍ਹਾਂ ਸਟਾਰ ਕਲੋਨੀ, ਗਿਆਸਪੁਰਾ, ਸ਼ੇਰਪੁਰ, ਸੁਭਾਸ਼ ਨਗਰ, ਚੀਮਾ ਚੌਕ ਅਤੇ ਪੱਖੋਵਾਲ ਰੋਡ ਸਮੇਤ ਕਈ ਇਲਾਕਿਆਂ ਵਿੱਚ ਪਹੁੰਚ ਕੇ ਪੂਜਾ ਵਿੱਚ ਸ਼ਾਮਲ ਹੋਏ ਸ਼ਰਧਾਲੂਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਇਸ ਮੌਕੇ ਮੇਅਰ ਨੇ ਕਿਹਾ ਕਿ ਛੱਠ ਪੂਜਾ ਕੁਦਰਤ ਅਤੇ ਸੂਰਜ ਦੇਵਤਾ ਪ੍ਰਤੀ ਸ਼ਰਧਾ ਤੇ ਧੰਨਵਾਦ ਪ੍ਰਗਟ ਕਰਨ ਦਾ ਪਵਿੱਤਰ ਤਿਉਹਾਰ ਹੈ। ਇਹ ਤਿਉਹਾਰ ਆਸਥਾ, ਅਨੁਸ਼ਾਸਨ, ਸੰਜਮ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਸਮਾਜ ਵਿੱਚ ਆਪਸੀ ਸਦਭਾਵਨਾ ਅਤੇ ਏਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਛਠ ਮਹਾਪਰਵ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਾਮਨਾ ਕੀਤੀ ਕਿ ਇਹ ਪਵਿੱਤਰ ਤਿਉਹਾਰ ਹਰ ਪਰਿਵਾਰ ਦੇ ਜੀਵਨ ਵਿੱਚ ਸੁੱਖ, ਸ਼ਾਂਤੀ, ਸਿਹਤ ਅਤੇ ਖੁਸ਼ਹਾਲੀ ਲੈ ਕੇ ਆਵੇ। ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਦਿਆਂ ਪਰਿਵਾਰਾਂ ਦੀ ਸੁੱਖ-ਸਮ੍ਰਿੱਧੀ ਅਤੇ ਚੰਗੀ ਸਿਹਤ ਲਈ ਸੂਰਜ ਦੇਵਤਾ ਦੀ ਪੂਜਾ ਕੀਤੀ।