- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਗਤ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

-24 ਨਵੰਬਰ ਨੂੰ ਗੁਰਦੁਆਰਾ ਗੁਰ ਸ਼ਬਦ ਪ੍ਰਚਾਰ ਵਿਖੇ ਸਜਾਏ ਜਾਣਗੇ ਗੁਰਮਤਿ ਸਮਾਗਮ
ਫੋਟੋ ਨੰਬਰ-7,8,9,10,11
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ
ਜਗਤ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿੱਥੇ ਗੁਰਦੁਆਰਾ ਸਾਹਿਬ ਗੁਰ ਸ਼ਬਦ ਪ੍ਰਚਾਰ ਰਾਮ ਨਗਰ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸ਼ਰਧਾ, ਸਤਿਕਾਰ ਅਤੇ ਖਾਲਸਾਈ ਜਾਹੋ-ਜਲਾਲ ਨਾਲ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ-ਛਾਇਆ ਹੇਠ ਸਜਾਇਆ ਗਿਆ ਉੱਥੇ ਗੁਰਦੁਆਰਾ ਭਾਈ ਰਾਮ ਸਿੰਘ ਜੀ ਵਿਸ਼ਵਕਰਮਾ ਕਲੌਨੀ, ਗੁਰਦੁਆਰਾ ਸ਼ਹੀਦਾਂ (1947) ਗੁੱਜਰਖਾਂਨ ਕੈਂਪਸ ਮਾਡਲ ਟਊਨ ਵੱਲੋਂ ਵੀ ਨਗਰ ਕੀਰਤਨ ਸਜਾਏ ਗਏ। ਇਸ ਨਗਰ ਕੀਰਤਨ ਦੌਰਾਨ ਸੰਗਤਾਂ ਵਿੱਚ ਭਾਰੀ ਉਤਸ਼ਾਹ ਅਤੇ ਧਾਰਮਿਕ ਸ਼ਰਧਾ ਦੇਖਣ ਨੂੰ ਮਿਲੀ। ਨਗਰ ਕੀਰਤਨ ਦੌਰਾਨ ਸੁੰਦਰ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ ਰਹੀ। ਬੈਂਡ ਵਾਜਿਆਂ ਦੀਆਂ ਮਨਮੋਹਕ ਧੁਨਾਂ, ਸਕੂਲੀ ਬੈਂਡ ਅਤੇ ਨਗਾਰਿਆਂ ਦੀ ਗੂੰਜ ਨੇ ਨਗਰ ਕੀਰਤਨ ਦੀ ਸ਼ੋਭਾ ਨੂੰ ਹੋਰ ਚਾਰ ਚੰਨ ਲਗਾਏ। ਵੱਖ-ਵੱਖ ਧਾਰਮਿਕ ਜਥੇਬੰਦੀਆਂ, ਸ਼ਬਦੀ ਜਥਿਆਂ, ਸਵਿਤਰੀ ਬਾਲ ਵਿਦਿਆਲਿਆ ਦੇ ਸਕੂਲੀ ਬੱਚਿਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ। ਗੁਰੂ ਕੇ ਦਾਸ ਸੇਵਾ ਮਿਸ਼ਨ ਦੇ ਮੈਂਬਰਾਂ ਵੱਲੋਂ ਜਲ ਛਿੜਕਾਉ ਅਤੇ ਨਗਰ ਕੀਰਤਨ ਦੇ ਰਸਤੇ ਵਿੱਚ ਝਾੜੂ ਮਾਰਨ ਸੇਵਾ ਨਿਭਾਈ ਗਈ। ਵੱਖ-ਵੱਖ ਇਲਾਕਿਆਂ ਵਿੱਚ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮੁਕੇਸ਼ ਸਾਹਨੀ, ਗੁਰਦੁਆਰਾ ਦੂਖ ਨਿਵਾਰਣ ਸਹਿਬ ਦੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਸਮੁੱਚੀ ਮਨੁੱਖਤਾ ਨੂੰ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦਾ ਮਹਾਨ ਸਿਧਾਂਤ ਬਖ਼ਸ਼ ਕੇ ਸੱਚੀ-ਸੁੱਚੀ ਜੀਵਨ ਜਾਚ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਵਿਤਕਰਿਆਂ ਤੋਂ ਉੱਪਰ ਉੱਠ ਕੇ ਮਨੁੱਖੀ ਬਰਾਬਰੀ, ਆਪਸੀ ਭਾਈਚਾਰੇ, ਨਿਮਰਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ। ਅਜੋਕੇ ਸਮੇਂ ਵਿੱਚ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣਾ ਹੀ ਉਨ੍ਹਾਂ ਪ੍ਰਤੀ ਸੱਚੀ ਸ਼ਰਧਾ ਹੈ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਦਿਆਲ ਸਿੰਘ ਧੰਜਲ ਨੇ ਨਗਰ ਕੀਰਤਨ ਵਿੱਚ ਸ਼ਾਮਲ ਹੋਏ ਪਤਵੰਤੇ ਸੱਜਣਾਂ ਅਤੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਸਿਰਫ਼ ਧਾਰਮਿਕ ਪਰੰਪਰਾ ਹੀ ਨਹੀਂ, ਸਗੋਂ ਗੁਰੂ ਸਾਹਿਬ ਦੀਆਂ ਸਰਬਸਾਂਝੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਦਾ ਮਹਾਨ ਉਪਰਾਲਾ ਹੈ। ਉਨ੍ਹਾਂ ਨਗਰ ਕੀਰਤਨ ਦੀ ਸਫਲਤਾ ਲਈ ਸਮੂਹ ਧਾਰਮਿਕ ਜਥੇਬੰਦੀਆਂ, ਸੇਵਾਦਾਰਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਵੀ ਪ੍ਰਗਟਾਇਆ। ਗੁਰਦਿਆਲ ਸਿੰਘ ਧੰਜਲ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਨਵੰਬਰ, ਦਿਨ ਮੰਗਲਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਦੁਪਹਿਰ 1 ਵਜੇ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਦੌਰਾਨ ਪ੍ਰਸਿੱਧ ਰਾਗੀ ਜਥੇ ਸੰਗਤਾਂ ਨੂੰ ਰਸਭਿੰਨੇ ਗੁਰਬਾਣੀ ਕੀਰਤਨ ਰਾਹੀਂ ਗੁਰੂ ਚਰਨਾਂ ਨਾਲ ਜੋੜਨਗੇ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ਕਮਲਜੀਤ ਸਿੰਘ ਕੜਵਲ, ਮਨਰਾਜ ਸਿੰਘ ਠੁਕਰਾਲ, ਕੁੰਦਨ ਸਿੰਘ ਨਾਗੀ, ਤਜਿੰਦਰ ਸਿੰਘ ਬਾਂਗਾ, ਸਤਨਾਮ ਸਿੰਘ ਵਿਰਦੀ, ਹਰਜੀਤ ਸਿੰਘ ਜੰਡੂ, ਅਰਵਿੰਦਰ ਸਿੰਘ ਧੰਜਲ, ਕੁਲਜੀਤ ਸਿੰਘ ਧੰਜਲ, ਵਿਦਰਪਾਲ ਸਿੰਘ ਵਿਰਦੀ, ਹਰਪਾਲ ਸਿੰਘ ਪ੍ਰਿੰਸ, ਵਿਕਰਮਜੀਤ ਸਿੰਘ ਵਿੱਕੀ, ਮਨਜੀਤ ਸਿੰਘ ਘੜਿਆਲ, ਹਕੀਕਤ ਬੱਸੀ, ਸੁਖਵਿੰਦਰ ਸਿੰਘ, ਮਨਜੀਤ ਸਿੰਘ ਵਾਲੀਆ, ਭਾਈ ਬੁੱਧ ਸਿੰਘ, ਜਗਤਾਰ ਸਿੰਘ ਜੱਗਾ, ਰਤਨਦੀਪ ਸਿੰਘ ਵਿਰਦੀ, ਦਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਗਰਚਾ, ਬੀਬੀ ਹਰਜਿੰਦਰ ਕੌਰ ਧੰਜਲ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ ਧੰਜਲ, ਗੁਰਦੀਪ ਕੌਰ, ਨਰਿੰਦਰ ਕੌਰ, ਪਰਮਜੀਤ ਕੌਰ ਆਦਿ ਹਾਜ਼ਰ ਸਨ।
---