- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਲਾ ਰਾਏਪੁਰ ਮੰਡੀ ’ਚ ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਕਿਸਾਨ ਤੇ ਆੜ੍ਹਤੀ ਪ੍ਰੇਸ਼ਾਨ-ਵੈਦ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਸਾਬਕਾ ਵਿਧਾਇਕ ਹਲਕਾ ਗਿੱਲ ਕੁਲਦੀਪ ਸਿੰਘ ਵੈਦ ਨੇ ਕਿਲਾ ਰਾਏਪੁਰ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਮੰਡੀ ਵਿੱਚ ਮੌਜੂਦ ਕਿਸਾਨਾਂ ਅਤੇ ਆੜ੍ਹਤੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਮੰਡੀ ਵਿੱਚ ਝੋਨੇ ਦੀਆਂ ਬੋਰੀਆਂ ਲੰਮੇ ਸਮੇਂ ਤੋਂ ਪਈਆਂ ਹਨ ਅਤੇ ਸਮੇਂ ਸਿਰ ਲਿਫਟਿੰਗ ਨਾ ਹੋਣ ਕਾਰਨ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਅਤੇ ਆੜ੍ਹਤੀਆਂ ਨੇ ਦੱਸਿਆ ਕਿ ਝੋਨੇ ਦੀ ਲਿਫਟਿੰਗ ਵਿੱਚ ਦੇਰੀ ਕਾਰਨ ਮੰਡੀ ਵਿੱਚ ਕੰਮਕਾਜ ਵੀ ਪ੍ਰਭਾਵਿਤ ਹੋ ਰਿਹਾ ਹੈ। ਇਸ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਤੇ ਆੜ੍ਹਤੀਆਂ ਨੂੰ ਮੰਡੀ ਦੇ ਪ੍ਰਬੰਧ ਚਲਾਉਣ ਵਿੱਚ ਦਿੱਕਤਾਂ ਆ ਰਹੀਆਂ ਹਨ। ਇਸ ਮੌਕੇ ਕੁਲਦੀਪ ਸਿੰਘ ਵੈਦ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਤ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਮੰਡੀ ਵਿੱਚ ਪਏ ਝੋਨੇ ਦੀ ਤੁਰੰਤ ਲਿਫਟਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਤੇ ਆੜ੍ਹਤੀਆਂ ਨੂੰ ਹੋਰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਅਤੇ ਉਸ ਦੀ ਫ਼ਸਲ ਦੀ ਸਮੇਂ ਸਿਰ ਖਰੀਦ ਤੇ ਚੁਕਾਈ ਕਰਨਾ ਸਰਕਾਰ ਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਇਨ੍ਹਾਂ ਦੇ ਹੱਲ ਲਈ ਆਵਾਜ਼ ਉਠਾਈ ਜਾਵੇਗੀ।