- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਵਿਖੇ ਰੈਲੀ ਦੌਰਾਨ ਦਿਖਾਈ ਦੇ ਰਹੇ ਹਰਸਿਮਰਤ ਕੌਰ ਬਾਦਲ,ਰਣਜੀਤ ਸਿੰਘ ਢਿੱਲੋਂ ਤੇ ਹੋਰ।

1 ਲਈ)
-ਹਲਕਾ ਲੁਧਿਆਣਾ ਪੂਰਬੀ 'ਚ ਮਾਵਾਂ ਧੀਆਂ ਦੀ ਲਲਕਾਰ ਮੁਹਿੰਮ ਤਹਿਤ ਹੋਈ ਰੈਲੀ
33
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ, ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਨਸ਼ਾ ਤਸਕਰੀ ਮਾਲਵਾ ਖੇਤਰ ਨੂੰ ਬਰਬਾਦ ਕਰ ਰਹੀ ਹੈ, ਪਰ ਮੁੱਖ ਮੰਤਰੀ ਭਗਵੰਤ ਮਾਨ ਪ੍ਰਾਪੇਗੰਡੇ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਹਲਕਾ ਲੁਧਿਆਣਾ ਪੂਰਬੀ ਵਿੱਚ 'ਮਾਵਾਂ ਧੀਆਂ ਦੀ ਲਲਕਾਰ' ਮੁਹਿੰਮ ਤਹਿਤ ਕਰਵਾਏ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਹੱਲ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਤਸਕਰੀ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ। ਉਨ੍ਹਾਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਤੇ ਸਵਾਲ ਚੁੱਕਦਿਆਂ ਇਸ ਨੂੰ 'ਯੁੱਧ ਪੰਜਾਬ ਵਿਰੁੱਧ' ਕਰਾਰ ਦਿੱਤਾ। ਜਗਰਾਓਂ ਵਿੱਚ 607 ਔਰਤਾਂ 'ਮਾਈ ਭਾਗੋ ਦੀ ਫੌਜ' ਨਾਲ ਜੁੜੀਆਂ ਹਨ। ਉਨ੍ਹਾਂ ਔਰਤਾਂ ਨੂੰ ਆਪਣੇ ਇਲਾਕਿਆਂ ਵਿੱਚ ਨਸ਼ਾ ਵੇਚਣ ਵਾਲਿਆਂ ਅਤੇ ਉਨ੍ਹਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਦੀ ਜਾਣਕਾਰੀ ਇਕੱਠੀ ਕਰਨ ਦੀ ਅਪੀਲ ਕੀਤੀ। ਹਰਸਿਮਰਤ ਨੇ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਮਹਿਲਾ ਡੀਜੀਪੀ ਦੀ ਅਗਵਾਈ ਹੇਠ ਵਿਸ਼ੇਸ਼ ਟਾਸਕ ਫੋਰਸ ਬਣਾਈ ਜਾਵੇਗੀ। ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ, ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਅਤੇ ਉਨ੍ਹਾਂ ਨੂੰ 10 ਸਾਲ ਤੱਕ ਜ਼ਮਾਨਤ ਨਾ ਮਿਲਣ ਸਬੰਧੀ ਨਵਾਂ ਕਾਨੂੰਨ ਲਿਆਉਣ ਦਾ ਵੀ ਵਾਅਦਾ ਕੀਤਾ। ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ 'ਤੇ ਨਸ਼ੇ ਖ਼ਤਮ ਕਰਨ ਦੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੀ ਹਾਈਕਮਾਂਡ ਦਿੱਲੀ ਵਿੱਚ ਹੈ, ਜਦਕਿ ਅਕਾਲੀ ਦਲ ਦੀ ਹਾਈਕਮਾਂਡ ਪੰਜਾਬ ਦੇ ਲੋਕ ਹਨ।
ਹਲਕਾ ਲੁਧਿਆਣਾ ਪੂਰਬੀ ਇੰਚਾਰਜ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਹਲਕਾ ਲੁਧਿਆਣਾ ਪੂਰਬੀ ਵਿੱਚ ਨਸ਼ਿਆਂ ਦਾ ਏਨਾ ਮਾੜਾ ਹਾਲ ਹੋ ਚੁੱਕਾ ਹੈ ਕਿ ਹਰ ਗਲੀ ਤੇ ਮੁਹੱਲੇ ਵਿੱਚ ਨਸ਼ਾ ਆਮ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਤੋਂ ਹਰ ਵਰਗ ਪ੍ਰੇਸ਼ਾਨ ਹੈ ਅਤੇ ਨਸ਼ਾ ਵੇਚਣ ਵਾਲੇ ਤੇ ਨਸ਼ਾ ਕਰਨ ਵਾਲਿਆਂ ਨੂੰ ਕਿਸੇ ਵੀ ਕੋਈ ਵੀ ਪ੍ਰਵਾਹ ਨਹੀਂ ਹੈ। ਢਿੱਲੋਂ ਨੇ ਕਿਹਾ ਕਿ ਸਿਰਫ਼ ਅਕਾਲੀ ਦਲ ਹੀ ਇਕੋ ਇੱਕ ਅਜਿਹੀ ਪਾਰਟੀ ਹੈ, ਜਿਸ ਦੇ ਰਾਜ ਵਿੱਚ ਹਰ ਵਰਗ ਦੀ ਭਲਾਈ ਲਈ ਜਿੱਥੇ ਉਪਰਾਲਾ ਕੀਤਾ ਜਾਂਦਾ ਹੈ,ਉੱਥੇ ਹੀ ਸਮਾਜਿਕ ਬੁਰਾਈਆਂ ਦਾ ਖਾਤਮ ਵੀ ਅਕਾਲੀ ਦਲ ਦੀ ਸਰਕਾਰ ਵਿੱਚ ਸੰਭਵ ਹੈ। ਇਸ ਮੌਕੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਤੇਜਿੰਦਰ ਕੌਰ ਸੰਧੂ ਅਤੇ ਪਵਨਦੀਪ ਕੌਰ ਗਿੱਲ ਸਮੇਤ ਹੋਰ ਆਗੂ ਮੌਜੂਦ ਸਨ।