- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ : ਧੰਨ-ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਜ਼-1, ਦੁੱਗਰੀ ਵਿਖੇ ਮਨਾਇਆ। ਇਸ ਮੌਕੇ ਗਿਆਨੀ ਜਰਨੈਲ ਸਿੰਘ ਜਗਰਾਓਂ ਵਾਲਿਆਂ ਨੇ ਸੰਗਤਾਂ ਨੂੰ ਬਾਬਾ ਦੀਪ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਦੇ ਇਤਿਹਾਸ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਪਾਲ ਸਿੰਘ ਨੇ ਗਿਆਨੀ ਜਰਨੈਲ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਦੇ ਕੀਰਤਨੀ ਜਥੇ ਨੇ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਕੀਰਤਨ ਦੌਰਾਨ ਭਾਈ ਸਾਹਿਬ ਨੇ ਕਿਹਾ ਕਿ ਸਾਨੂੰ ਬਾਬਾ ਜੀ ਦੇ ਜੀਵਨ ਤੇ ਕੁਰਬਾਨੀ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂਘਰ ਨਾਲ ਜੁੜ ਕੇ ਆਪਣਾ ਜੀਵਨ ਸਫਲਾ ਕਰੀਏ। ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਦਰਸ਼ਨ ਸਿੰਘ ਤੇ ਸੁਰਿੰਦਰ ਸਿੰਘ ਮੁਖੀਜਾ ਨੇ ਕੀਰਤਨੀ ਜਥੇ ਨੂੰ ਸਨਮਾਨਿਤ ਕੀਤਾ। ਇਸ ਮੌਕੇ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਮਲਕੀਤ ਸਿੰਘ, ਬਲਵੀਰ ਸਿੰਘ, ਚਰਨਜੀਤ ਸਿੰਘ ਪਾਇਲ, ਰਘਵੀਰ ਸਿੰਘ ਤੇ ਸਰਬਜੀਤ ਸਿੰਘ ਝੱਗੜ ਸਮੇਤ ਹੋਰ ਪਤਵੰਤਿਆਂ ਨੇ ਗੁਰੂਘਰ ’ਚ ਹਾਜ਼ਰੀਆਂ ਭਰੀਆਂ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।