- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਸਦ ਘਿਰਾਓ ਦੀਆਂ ਤਿਆਰੀਆਂ ਸਬੰਧੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਕਨਵੈਨਸ਼ਨ

ਰਵੀ ਬਿਡਲਾ, ਪੰਜਾਬੀ ਜਾਗਰਣ, ਲੁਧਿਆਣਾ
ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ 1 ਤੋਂ 3 ਦਸੰਬਰ ਨੂੰ ਦਿੱਲੀ ਵਿਖੇ ਹੋਣ ਵਾਲੇ ਮਹਾਂਪੜਾਅ ਤੇ ਸੰਸਦ ਘਿਰਾਓ ਦੀਆਂ ਤਿਆਰੀਆਂ ਸਬੰਧੀ ਵਿਸ਼ੇਸ਼ ਕਨਵੈਨਸ਼ਨ ਕੀਤੀ ਗਈ। ਇਸ ਕਨਵੈਨਸ਼ਨ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੌਲਾ ਨੇ ਕੀਤੀ। ਕਨਵੈਨਸ਼ਨ ਨੂੰ ਵਿਸ਼ੇਸ਼ ਤੌਰ 'ਤੇ ਆਲ ਇੰਡੀਆ ਫੈਡਰੇਸ਼ਨ ਆਫ ਆਂਗਨਵਾੜੀ ਵਰਕਰਜ਼ ਐਂਡ ਹੈਲਪਰਜ਼ ਦੇ ਕੌਮੀ ਪ੍ਰਧਾਨ ਕਾਮਰੇਡ ਏਆਰ ਸਿੰਧੂ ਨੇ ਸੰਬੋਧਨ ਕੀਤਾ।
ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਏਆਰ ਸਿੰਧੂ ਨੇ ਕਿਹਾ ਕਿ ਆਈਸੀਡੀਐਸ ਸਕੀਮ ਦੇਸ਼ ਦੇ ਬੱਚਿਆਂ ਦੇ ਭਵਿੱਖ, ਔਰਤਾਂ ਦੀ ਸਿਹਤ ਤੇ ਪੋਸ਼ਣ ਦੇ ਅਧਿਕਾਰਾਂ ਨਾਲ ਜੁੜੀ ਇੱਕ ਮਹੱਤਵਪੂਰਨ ਜਨਤਕ ਭਲਾਈ ਸਕੀਮ ਹੈ। ਇਸ ਸਕੀਮ ਨੂੰ ਸ਼ੁਰੂ ਹੋਇਆਂ 51 ਸਾਲ ਪੂਰੇ ਹੋ ਚੁੱਕੇ ਹਨ, ਪਰ ਇੰਨੇ ਲੰਮੇ ਸਮੇਂ ਤੋਂ ਸੇਵਾਵਾਂ ਦੇਣ ਦੇ ਬਾਵਜੂਦ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਅਜੇ ਤੱਕ ਸਰਕਾਰੀ ਮੁਲਾਜ਼ਮ ਦਾ ਦਰਜਾ ਨਹੀਂ ਦਿੱਤਾ ਗਿਆ ਅਤੇ ਨਾ ਹੀ ਉਨ੍ਹਾਂ ਨੂੰ ਘੱਟੋ-ਘੱਟ ਉਜਰਤ, ਪੈਨਸ਼ਨ ਤੇ ਹੋਰ ਸਮਾਜਿਕ ਸੁਰੱਖਿਆ ਦੇ ਲਾਭ ਦਿੱਤੇ ਜਾ ਰਹੇ ਹਨ। ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਚੰਦਰ ਸ਼ੇਖਰ ਨੇ ਦੇਸ਼ ਦੀ ਮੌਜੂਦਾ ਰਾਜਨੀਤਿਕ ਸਥਿਤੀ ਉੱਤੇ ਵਿਸਥਾਰ ਨਾਲ ਚਰਚਾ ਕੀਤੀ। ਸੁਬਾਈ ਜਨਰਲ ਸਕੱਤਰ ਸੁਭਾਸ਼ ਰਾਣੀ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਨੇ ਕੋਰੋਨਾ ਮਹਾਂਮਾਰੀ ਸਮੇਤ ਹਰ ਮੁਸ਼ਕਲ ਸਮੇਂ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ। ਇਸ ਦੇ ਬਾਵਜੂਦ ਵਰਕਰਾਂ ਅਤੇ ਹੈਲਪਰਾਂ ਨੂੰ ਉਨ੍ਹਾਂ ਦੀ ਮਿਹਨਤ ਦੇ ਮੁਤਾਬਕ ਉਜਰਤ ਅਤੇ ਸਨਮਾਨ ਨਹੀਂ ਮਿਲ ਰਿਹਾ। ਅਪ੍ਰੈਲ 2022 ਵਿੱਚ ਸੁਪਰੀਮ ਕੋਰਟ ਵੱਲੋਂ ਗ੍ਰੈਚੂਟੀ ਸਬੰਧੀ ਦਿੱਤੇ ਫੈਸਲੇ ਨੂੰ ਵੀ ਪੂਰੀ ਤਰ੍ਹਾਂ ਲਾਗੂ ਕਰਨ ਦੀ ਲੋੜ ਹੈ।
ਕਨਵੈਨਸ਼ਨ ਵਿੱਚ ਮੰਗ ਕੀਤੀ ਗਈ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਰੈਗੂਲਰ ਕੀਤਾ ਜਾਵੇ। ਜਦੋਂ ਤੱਕ ਰੈਗੂਲਰ ਨਹੀਂ ਕੀਤਾ ਜਾਂਦਾ, ਉਨ੍ਹਾਂ ਨੂੰ ਘੱਟੋ-ਘੱਟ 42 ਹਜ਼ਾਰ ਰੁਪਏ ਮਹੀਨਾ ਉਜਰਤ, 21 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਤੇ ਗ੍ਰੈਚੂਇਟੀ ਦਿੱਤੀ ਜਾਵੇ। ਇਸ ਤੋਂ ਇਲਾਵਾ 45ਵੀਂ ਅਤੇ 46ਵੀਂ ਭਾਰਤੀ ਕਿਰਤ ਸੰਮੇਲਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ, ਚਾਰ ਲੇਬਰ ਕੋਡ ਰੱਦ ਕਰਨ, ਸਕੀਮਾਂ ਦੇ ਨਿੱਜੀਕਰਨ ਅਤੇ ਐਨਜੀਓਕਰਨ ਨੂੰ ਬੰਦ ਕਰਨ, ਐੱਫਆਰਐੱਸ ਅਤੇ ਈ-ਕੇਵਾਈਸੀ ਦੇ ਨਾਂ 'ਤੇ ਲਾਭਪਾਤਰੀਆਂ ਨੂੰ ਸੂਚੀਆਂ ਵਿੱਚੋਂ ਬਾਹਰ ਕਰਨ ਦੀ ਪ੍ਰਕਿਰਿਆ ਰੋਕਣ ਅਤੇ ਵਰਕਰਾਂ ਤੋਂ ਵਾਧੂ ਕੰਮ ਲੈਣਾ ਬੰਦ ਕਰਨ ਦੀ ਮੰਗ ਕੀਤੀ ਗਈ।ਕਨਵੈਨਸ਼ਨ ਨੇ ਸੱਦਾ ਦਿੱਤਾ ਕਿ 1 ਤੋਂ 3 ਦਸੰਬਰ 2026 ਨੂੰ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚ ਕੇ ਸੰਸਦ ਘਿਰਾਓ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਇਆ ਜਾਵੇ।ਕਨਵੈਂਸ਼ਨ ਨੂੰ ਜੱਥੇਬੰਦੀ ਦੇ ਵਿੱਤ ਸਕੱਤਰ ਅੰਮ੍ਰਿਤਪਾਲ ਕੌਰ, ਮੀਤ ਪ੍ਰਧਾਨ ਕ੍ਰਿਸ਼ਨਾ ਕੁਮਾਰੀ,ਸਕੱਤਰ ਭਿੰਦਰ ਕੌਰ ਗੋਸਲ, ਸਰਜੀਤ ਕੌਰ, ਨਿਰਲੇਪ ਕੌਰ, ਸੀਟੂ ਦੇ ਸੂਬਾਈ ਵਿਤ ਸਕੱਤਰ ਸੁਖਵਿੰਦਰ ਸਿੰਘ ਲੋਟੇ, ਦਲਜੀਤ ਕੁਮਾਰ ਗੌਰਾ,ਅਮਰਨਾਥ ਕੂੰਮਕਲਾਂ ਅਤੇ ਸ਼ੇਰ ਸਿੰਘ ਫਰਵਾਹੀ ਆਦੀ ਸੰਬੋਧਨ ਕੀਤਾ।