ਚੰਨੀ ਦੇ ਕਾਰਜਕਾਲ ਨੂੰ ਲੋਕ ਕਰ ਰਹੇ ਨੇ ਯਾਦ : ਗਿੱਲ ਚੰਨੀ ਦੇ ਕਾਰਜਕਾਲ ਨੂੰ ਲੋਕ ਕਰ ਰਹੇ ਨੇ ਯਾਦ: ਲਖਵੰਤ ਸਿੰਘ ਹੈਪੀ ਗਿੱਲ
Publish Date: Sun, 22 Nov 2026 06:15 PM (IST)
Updated Date: Sun, 22 Nov 2026 06:16 PM (IST)
ਰਵੀ ਭਾਟੀਆ, ਪੰਜਾਬੀ ਜਾਗਰਣ ਲੁਧਿਆਣਾ/ਸਾਹਨੇਵਾਲ : ਪੰਜਾਬ ਵਿੱਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ਦੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਵਿਧਾਨ ਸਭਾ ਹਲਕਾ ਸਾਹਨੇਵਾਲ ਵਿੱਚ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਲੋਕਾਂ ਨੂੰ ਲਾਮਬੰਦ ਕਰਨ ਵਾਸਤੇ ਕਿਸਾਨ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਲਖਵੰਤ ਸਿੰਘ ਹੈਪੀ ਗਿੱਲ ਵੱਲੋਂ ਲਗਾਤਾਰ ਪਿੰਡ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਹਲਕਾ ਸਾਹਨੇਵਾਲ ਦੇ ਪਿੰਡ ਕਨੇਚ ਵਿਖੇ ਹੋਈ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਹੈਪੀ ਗਿੱਲ ਨੇ ਕਿਹਾ ਕਿ ਪਿੰਡਾਂ ਵਿੱਚੋਂ ਕਾਂਗਰਸ ਪਾਰਟੀ ਨੂੰ ਮਿਲ ਰਿਹਾ ਭਰਵਾਂ ਸਮਰਥਨ ਇਸ ਗੱਲ ਦਾ ਸੰਕੇਤ ਹੈ ਕਿ ਸੂਬੇ ਦੇ ਲੋਕ 2027 ਵਿੱਚ ਸੱਤਾ ਤਬਦੀਲੀ ਲਈ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕ ਖੁਦ ਅੱਗੇ ਆ ਕੇ ਕਾਂਗਰਸ ਦੀਆਂ ਮੀਟਿੰਗਾਂ ਵਿੱਚ ਸ਼ਮੂਲੀਅਤ ਕਰ ਰਹੇ ਹਨ, ਜਿਸ ਨਾਲ ਪਾਰਟੀ ਵਰਕਰਾਂ ਅਤੇ ਆਗੂਆਂ ਵਿੱਚ ਨਵਾਂ ਉਤਸ਼ਾਹ ਪੈਦਾ ਹੋ ਰਿਹਾ ਹੈ। ਹੈਪੀ ਗਿੱਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਤੇ ਹਿੱਤਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋੜਵੰਦ ਪਰਿਵਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦੇਣ ਦਾ ਫ਼ੈਸਲਾ ਉਨ੍ਹਾਂ ਦੀ ਸਰਕਾਰ ਦੀ ਦੇਣ ਸੀ। ਇਸੇ ਤਰ੍ਹਾਂ ਪੰਜ ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਰੇਤਾ ਮੁਹੱਈਆ ਕਰਵਾਉਣ ਦੀ ਨੀਤੀ ਨਾਲ ਆਮ ਲੋਕਾਂ ਨੂੰ ਰਾਹਤ ਮਿਲੀ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਰੇਤ ਦੀਆਂ ਵਧੀਆਂ ਕੀਮਤਾਂ ਕਾਰਨ ਆਮ ਅਤੇ ਗਰੀਬ ਪਰਿਵਾਰਾਂ ਲਈ ਆਪਣੇ ਘਰ ਬਣਾਉਣੇ ਵੀ ਔਖੇ ਹੋ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਪਾਣੀਆਂ ਅਤੇ ਸੂਬੇ ਦੇ ਹੋਰ ਅਹਿਮ ਮੁੱਦਿਆਂ ਦੀ ਗੱਲ ਹੋਵੇ ਤਾਂ ਕਾਂਗਰਸ ਪਾਰਟੀ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਗੱਲ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਕਾਂਗਰਸ ਪਾਰਟੀ ਦੇ ਹੱਕ ਵਿੱਚ ਫ਼ਤਵਾ ਦੇਣਗੇ ਅਤੇ ਪਾਰਟੀ ਸੂਬੇ ਵਿੱਚ ਮੁੜ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਲੋਕ ਹੁਣ ਹੋਰਨਾਂ ਪਾਰਟੀਆਂ ਦੇ ਵਾਅਦਿਆਂ ਅਤੇ ਦਾਅਵਿਆਂ ਦੀ ਬਜਾਏ ਕੰਮ ਅਤੇ ਲੋਕ ਹਿੱਤਾਂ ਦੀ ਰਾਜਨੀਤੀ ਨੂੰ ਤਰਜੀਹ ਦੇਣਗੇ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ ਇੰਦਰਜੀਤ ਸਿੰਘ ਕਨੇਚ, ਹਰਮਿੰਦਰ ਸਿੰਘ ਸਾਬਕਾ ਪੰਚ, ਬਲਵੰਤ ਸਿੰਘ ਸਾਬਕਾ ਪੰਚ, ਦਰਸ਼ਨ ਸਿੰਘ, ਜਗਦੀਪ ਸਿੰਘ, ਭੁਪਿੰਦਰ ਸਿੰਘ, ਹਰਜੀਤ ਕੌਰ, ਰਾਜਵੀਰ ਕੌਰ, ਰੁਪਿੰਦਰ ਕੌਰ, ਸਰਬਜੀਤ ਕੌਰ, ਨਸੀਬ ਕੌਰ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।