ਐਂਟੀਬਾਇਓਟਿਕ ਦਵਾਈਆਂ ਦੀ ਸਹੀ ਅਤੇ ਲੋੜ ਅਨੁਸਾਰ ਵਰਤੋਂ ਕਰਨ ’ਤੇ ਦਿੱਤਾ ਜ਼ੋਰ ਐਂਟੀਬਾਇਓਟਿਕ ਦਵਾਈਆਂ ਦੀ ਸਹੀ ਅਤੇ ਲੋੜ ਅਨੁਸਾਰ ਵਰਤੋਂ ਕਰਨ 'ਤੇ ਦਿੱਤਾ ਜ਼ੋਰ
Publish Date: Sun, 22 Nov 2026 06:52 PM (IST)
Updated Date: Sun, 22 Nov 2026 06:55 PM (IST)
ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ ਲੁਧਿਆਣਾ : ਵਿਸ਼ਵ ਐਂਟੀਮਾਈਕ੍ਰੋਬੀਅਲ ਰੈਜ਼ਿਸਟੈਂਸ ਜਾਗਰੂਕਤਾ ਹਫ਼ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਮਾਹਿਰਾਂ ਦੀ ਇੱਕ ਟੀਮ ਨੇ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ ਕੀਤਾ। ਟੀਮ ਦੀ ਅਗਵਾਈ ਡਾ. ਪਰਵਿੰਦਰ ਕੌਰ ਚਾਵਲਾ (ਫੋਰਟਿਸ ਹਸਪਤਾਲ) ਅਤੇ ਡਾ. ਨੁਸਰਤ ਸ਼ਫੀਕ (ਪੀਜੀਆਈ) ਵੱਲੋਂ ਕੀਤੀ ਗਈ। ਜ਼ਿਲ੍ਹਾ ਪੱਧਰ ’ਤੇ ਇਸ ਪ੍ਰੋਗਰਾਮ ਦਾ ਤਾਲਮੇਲ ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੇ ਮਾਰਗਦਰਸ਼ਨ ਹੇਠ ਕੀਤਾ ਗਿਆ, ਜਦਕਿ ਸਹਾਇਕ ਸਿਵਲ ਸਰਜਨ ਡਾ. ਹਰਿੰਦਰ ਸੂਦ, ਜ਼ਿਲ੍ਹਾ ਨੋਡਲ ਅਫ਼ਸਰ, ਵੱਲੋਂ ਦੌਰੇ ਅਤੇ ਸਬੰਧਤ ਗਤੀਵਿਧੀਆਂ ਦਾ ਪ੍ਰਬੰਧ ਕੀਤਾ ਗਿਆ। ਡਾ. ਪਰਵਿੰਦਰ ਕੌਰ ਚਾਵਲਾ ਨੇ ਕਿਹਾ ਕਿ ਐਂਟੀਮਾਈਕ੍ਰੋਬੀਅਲ ਰੈਜ਼ਿਸਟੈਂਸ ਅੱਜ ਵਿਸ਼ਵ ਪੱਧਰ ਤੇ ਇੱਕ ਗੰਭੀਰ ਜਨਤਕ ਸਿਹਤ ਚੁਣੌਤੀ ਬਣ ਚੁੱਕੀ ਹੈ। ਇਸ ਕਾਰਨ ਆਮ ਇਨਫੈਕਸ਼ਨਾਂ ਦਾ ਇਲਾਜ ਕਰਨਾ ਵੀ ਮੁਸ਼ਕਲ ਹੋ ਸਕਦਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਐਂਟੀਬਾਇਓਟਿਕ ਦਵਾਈਆਂ ਦੀ ਵਰਤੋਂ ਸਿਰਫ਼ ਡਾਕਟਰੀ ਲੋੜ ਅਨੁਸਾਰ ਹੀ ਕੀਤੀ ਜਾਣੀ ਚਾਹੀਦੀ ਹੈ ਅਤੇ ਬਿਨਾਂ ਲੋੜ ਇਨ੍ਹਾਂ ਦਵਾਈਆਂ ਦੀ ਵਰਤੋਂ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡਾਕਟਰਾਂ ਨੂੰ ਇਲਾਜ ਸਬੰਧੀ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ, ਬਿਨਾਂ ਲੋੜ ਐਂਟੀਬਾਇਓਟਿਕ ਦਵਾਈਆਂ ਲਿਖਣ ਤੋਂ ਗੁਰੇਜ਼ ਕਰਨ ਅਤੇ ਮਰੀਜ਼ਾਂ ਨੂੰ ਇਨ੍ਹਾਂ ਦਵਾਈਆਂ ਦੀ ਸਹੀ ਵਰਤੋਂ ਬਾਰੇ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ, ਤਾਂ ਜੋ ਭਵਿੱਖ ਦੀਆਂ ਪੀੜ੍ਹੀਆਂ ਲਈ ਇਨ੍ਹਾਂ ਦਵਾਈਆਂ ਦੀ ਪ੍ਰਭਾਵਸ਼ੀਲਤਾ ਕਾਇਮ ਰੱਖੀ ਜਾ ਸਕੇ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਹਰਿੰਦਰ ਸਿੰਘ ਸੂਦ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦਾ ਉਦੇਸ਼ ਵਨ ਹੈਲਥ ਦੇ ਸਿਧਾਂਤ ਅਨੁਸਾਰ ਮਨੁੱਖਾਂ, ਪਸ਼ੂਆਂ ਅਤੇ ਵਾਤਾਵਰਣ ਦੀ ਸਿਹਤ ਦੇ ਆਪਸੀ ਸਬੰਧ ਨੂੰ ਧਿਆਨ ਵਿੱਚ ਰੱਖਦਿਆਂ ਸਾਂਝੇ ਯਤਨਾਂ ਨੂੰ ਉਤਸ਼ਾਹਿਤ ਕਰਨਾ ਹੈ।