ਬੁੱਢੇ ਦਰਿਆ ਦੇ ਕਾਇਆਕਲਪ ਲਈ ਨਗਰ ਨਿਗਮ ਕਮਿਸ਼ਨਰ ਨੇ ਪਲਾਂਟਾਂ ਦਾ ਕੀਤਾ ਨਿਰੀਖਣ ਜ਼ਰੂਰ ਖ਼ਬਰ:ਬੁੱਢੇ ਦਰਿਆ ਦੇ ਕਾਇਆਕਲਪ ਲਈ ਨਗਰ ਨਿਗਮ ਕਮਿਸ਼ਨਰ ਨੇ ਪਲਾਂਟਾਂ ਦਾ ਕੀਤਾ ਨਿਰੀਖਣ
Publish Date: Sun, 22 Nov 2026 07:59 PM (IST)
Updated Date: Sun, 22 Nov 2026 08:01 PM (IST)
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ ਲੁਧਿਆਣਾ : ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਅਤੇ ਇਸ ਦੇ ਕਾਇਆਕਲਪ ਲਈ ਚੱਲ ਰਹੀਆਂ ਕੋਸ਼ਿਸ਼ਾਂ ਤਹਿਤ ਨਗਰ ਨਿਗਮ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਐਤਵਾਰ ਨੂੰ ਬਲੋਕੇ ਸਥਿਤ ਸੀਵਰੇਜ ਟ੍ਰੀਟਮੈਂਟ ਪਲਾਂਟ (ਐੱਸਟੀਪੀ) ਅਤੇ ਹੈਬੋਵਾਲ ਡੇਅਰੀ ਕੰਪਲੈਕਸ ਵਿਖੇ ਸਥਿਤ ਐਫਲੂਐਂਟ ਟ੍ਰੀਟਮੈਂਟ ਪਲਾਂਟ (ਈਟੀਪੀ) ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਲਾਂਟਾਂ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ ਲੈਂਦਿਆਂ ਗਊਆਂ ਦਾ ਗੋਹਾ ਸਿੱਧੇ ਜਾਂ ਅਸਿੱਧੇ ਤੌਰ ’ਤੇ ਬੁੱਢੇ ਦਰਿਆ ਵਿੱਚ ਜਾਣ ਤੋਂ ਰੋਕਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਨਿਰੀਖਣ ਦੌਰਾਨ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਲਾਲ ਵਿਸ਼ਵਾਸ ਬੈਂਸ, ਸੁਪਰਡੈਂਟਿੰਗ ਇੰਜੀਨੀਅਰ ਏਕਜੋਤ ਸਿੰਘ ਸਮੇਤ ਨਗਰ ਨਿਗਮ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। ਕਮਿਸ਼ਨਰ ਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੁੱਢੇ ਦਰਿਆ ਦੇ ਪ੍ਰਦੂਸ਼ਣ ਦੀ ਸਮੱਸਿਆ ਦਾ ਹੱਲ ਲੱਭਣ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਆਉਣ ਵਾਲੇ ਦਿਨਾਂ ਵਿੱਚ ਵੀ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਵੇਗੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸੀਵਰੇਜ ਲਾਈਨਾਂ ਅਤੇ ਬੁੱਢੇ ਦਰਿਆ ਵਿੱਚ ਗੋਹੇ ਦਾ ਵਹਾਅ ਰੋਕਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਡੇਅਰੀ ਕੰਪਲੈਕਸਾਂ ਵਿੱਚੋਂ ਗੋਬਰ ਚੁੱਕਣ ਲਈ ਨਿਯੁਕਤ ਠੇਕੇਦਾਰ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਨਿਯਮਤ ਤੌਰ ’ਤੇ ਗੋਹਾ ਚੁੱਕਣਾ ਯਕੀਨੀ ਬਣਾਏ। ਕਮਿਸ਼ਨਰ ਨੇ ਡੇਅਰੀ ਮਾਲਕਾਂ, ਸਨਅਤਕਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸਾਰੇ ਲੋਕ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤੀ ਸਰੋਤਾਂ ਅਤੇ ਜਲ ਸਰੋਤਾਂ ਨੂੰ ਸੁਰੱਖਿਅਤ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।