ਮੁਹੰਮਦ ਗੁਲਾਬ ਨੇ ਨਗਰ ਨਿਗਮ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ ਜਰੂਰੀ ਖਬਰ-ਮੁਹੰਮਦ ਗੁਲਾਬ ਨੇ ਨਗਰ ਨਿਗਮ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
Publish Date: Sun, 22 Nov 2026 08:16 PM (IST)
Updated Date: Sun, 22 Nov 2026 08:19 PM (IST)
ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ : ਸ਼ਹਿਰ ਵਿੱਚ ਸਫ਼ਾਈ ਵਿਵਸਥਾ ਦੀ ਮਾੜੀ ਹਾਲਤ, ਟੁੱਟੀਆਂ ਸੜਕਾਂ, ਖੁੱਲ੍ਹੇ ਕੂੜੇ ਦੇ ਡੰਪਾਂ ਅਤੇ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਕਾਂਗਰਸੀ ਆਗੂ ਮੁਹੰਮਦ ਗੁਲਾਬ ਨੇ ਨਗਰ ਨਿਗਮ ਕਮਿਸ਼ਨਰ ਦਮਨਜੀਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਦੀਆਂ ਵੱਖ-ਵੱਖ ਜਨਤਕ ਸਮੱਸਿਆਵਾਂ ਸਬੰਧੀ ਲਿਖਤੀ ਮੰਗ ਪੱਤਰ ਸੌਂਪਦਿਆਂ ਤੁਰੰਤ ਹੱਲ ਦੀ ਮੰਗ ਕੀਤੀ। ਮੰਗ ਪੱਤਰ ਵਿੱਚ ਗਿੱਲ ਰੋਡ, ਮਰਾਡੋ, ਕੈਨਾਲ ਰੋਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਖੁੱਲ੍ਹੀਆਂ ਨਾਲੀਆਂ, ਖੜ੍ਹੇ ਗੰਦੇ ਪਾਣੀ ਅਤੇ ਸੀਵਰੇਜ ਦੇ ਓਵਰਫਲੋਅ ਦਾ ਮੁੱਦਾ ਉਠਾਇਆ ਗਿਆ। ਉਨ੍ਹਾਂ ਕਿਹਾ ਕਿ ਨਿਯਮਿਤ ਫੌਗਿੰਗ ਅਤੇ ਸਪਰੇਅ ਨਾ ਹੋਣ ਕਾਰਨ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਇਸ ਤੋਂ ਇਲਾਵਾ ਆਵਾਰਾ ਪਸ਼ੂਆਂ ਅਤੇ ਸੜਕਾਂ ਤੇ ਮਰੇ ਹੋਏ ਪਸ਼ੂਆਂ ਕਾਰਨ ਵੀ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੁਲਾਬ ਨੇ ਟੁੱਟੀਆਂ ਸੜਕਾਂ ਅਤੇ ਡੂੰਘੇ ਟੋਇਆਂ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਸੀਵਰੇਜ ਅਤੇ ਪਾਣੀ ਦੀਆਂ ਪਾਈਪਾਂ ਪਾਉਣ ਤੋਂ ਬਾਅਦ ਸੜਕਾਂ ਦੀ ਢੁੱਕਵੀਂ ਮੁਰੰਮਤ ਨਹੀਂ ਕੀਤੀ ਜਾਂਦੀ। ਸਟਰੀਟ ਲਾਈਟਾਂ, ਚਿੱਟੇ ਨਿਸ਼ਾਨਾਂ ਅਤੇ ਦਿਸ਼ਾ-ਸੂਚਕ ਬੋਰਡਾਂ ਦੀ ਘਾਟ ਕਾਰਨ ਹਾਦਸਿਆਂ ਦਾ ਖ਼ਤਰਾ ਵਧ ਰਿਹਾ ਹੈ। ਉਨ੍ਹਾਂ ਕੈਨਾਲ ਰੋਡ ਤੇ ਡੀ-ਮਾਰਟ ਨੇੜੇ ਵਾਪਰੇ ਹਾਦਸੇ ਦਾ ਹਵਾਲਾ ਦਿੰਦਿਆਂ ਸੜਕ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਦੇਣਾ ਨਗਰ ਨਿਗਮ ਦੀ ਤਰਜੀਹ ਹੈ ਅਤੇ ਉਠਾਏ ਗਏ ਮੁੱਦਿਆਂ ਵੱਲ ਧਿਆਨ ਦੇ ਕੇ ਲੋੜੀਂਦੇ ਸੁਧਾਰਾਤਮਕ ਕਦਮ ਚੁੱਕੇ ਜਾਣਗੇ।