ਜੇਲ੍ਹ ਤੋਂ ਸੰਜੀਵ ਅਰੋੜਾ ਨੇ ਲੁਧਿਆਣਾ ਵਾਸੀਆਂ ਨੂੰ ਗੁਰਪੁਰਬ ਦੀ ਦਿੱਤੀ ਵਧਾਈ ਅਹਿਤ ਤੇ ਜ਼ਰੂਰੀ ਖ਼ਬਰ:ਜੇਲ੍ਹ ਤੋਂ ਸੰਜੀਵ ਅਰੋੜਾ ਦਾ ਲੁਧਿਆਣਾ ਵਾਸੀਆਂ ਨੂੰ ਗੁਰਪੁਰਬ ਦੀ ਦਿੱਤੀ ਵਧਾਈ
Publish Date: Sun, 22 Nov 2026 08:21 PM (IST)
Updated Date: Sun, 22 Nov 2026 08:22 PM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ : ਕੈਬਨਿਟ ਮੰਤਰੀ ਤੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਸੰਜੀਵ ਅਰੋੜਾ ਨੇ ਜੇਲ੍ਹ ਤੋਂ ਲੁਧਿਆਣਾ ਵਾਸੀਆਂ ਦੇ ਨਾਂ ਇੱਕ ਪੱਤਰ ਜਾਰੀ ਕਰਦਿਆਂ ਉਨ੍ਹਾਂ ਵੱਲੋਂ ਮਿਲੇ ਪਿਆਰ, ਸਤਿਕਾਰ ਤੇ ਸਮਰਥਨ ਲਈ ਧੰਨਵਾਦ ਪ੍ਰਗਟਾਇਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਕਿਹਾ ਕਿ ਭਾਵੇਂ ਪਿਛਲੇ ਕਾਫ਼ੀ ਸਮੇਂ ਤੋਂ ਉਨ੍ਹਾਂ ਦੀ ਲੋਕਾਂ ਨਾਲ ਮੁਲਾਕਾਤ ਨਹੀਂ ਹੋ ਸਕੀ, ਪਰ ਉਨ੍ਹਾਂ ਦਾ ਦਿਲ ਹਮੇਸ਼ਾ ਲੁਧਿਆਣਾ ਵਾਸੀਆਂ ਦੀ ਸੇਵਾ ਕਰਨ ਲਈ ਤੜਫਦਾ ਰਹਿੰਦਾ ਹੈ। ਅਰੋੜਾ ਨੇ ਲਿਖਿਆ ਕਿ ਉਹ ਉਸ ਦਿਨ ਨੂੰ ਕਦੇ ਨਹੀਂ ਭੁੱਲਣਗੇ, ਜਦੋਂ ਲੋਕ ਆਪਣਾ ਕੰਮਕਾਜ ਛੱਡ ਕੇ ਉਨ੍ਹਾਂ ਨੂੰ ਮਿਲਣ ਅਤੇ ਹੌਸਲਾ ਦੇਣ ਲਈ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਗਏ ਪਿਆਰ, ਸਤਿਕਾਰ ਤੇ ਸਮਰਥਨ ਲਈ ਉਹ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ ਅਤੇ ਉਨ੍ਹਾਂ ਦੀ ਸੇਵਾ ਲਈ ਹਰ ਸੰਭਵ ਕੋਸ਼ਿਸ਼ਾਂ ਕਰਦੇ ਰਹਿਣਗੇ। ਅਰੋੜਾ ਨੇ ਆਪਣੇ ਪੱਤਰ ਵਿੱਚ ਭਰੋਸਾ ਜਤਾਇਆ ਕਿ ਉਨ੍ਹਾਂ ਨੂੰ ਭਾਰਤੀ ਨਿਆਂਪਾਲਿਕਾ ’ਤੇ ਪੂਰਾ ਭਰੋਸਾ ਹੈ ਅਤੇ ਅਖੀਰ ਵਿੱਚ ਸੱਚ ਦੀ ਜਿੱਤ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਲੁਧਿਆਣਾ ਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ ਨੂੰ ਹੋਰ ਅੱਗੇ ਲਿਜਾਣ, ਸੜਕਾਂ ਦੀ ਹਾਲਤ ਸੁਧਾਰਨ ਅਤੇ ਆਪਣੇ ਹਲਕੇ ਨੂੰ ਸੂਬੇ ਦਾ ਨੰਬਰ ਇਕ ਹਲਕਾ ਬਣਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੁਪਨਾ ਆਪਣੇ ਹਲਕੇ ਨੂੰ ਪੰਜਾਬ ਦਾ ਮੋਹਰੀ ਹਲਕਾ ਬਣਾਉਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਲੋਕਾਂ ਦੇ ਪਿਆਰ ਅਤੇ ਸਾਥ ਨਾਲ ਇਹ ਸੁਪਨਾ ਜ਼ਰੂਰ ਪੂਰਾ ਹੋਵੇਗਾ।