ਕੇਵਲ ਢਿੱਲੋਂ ਦਾ ਵੱਡਾ ਐਲਾਨ: ਪੰਜਾਬ ’ਚ ਕਿਸੇ ਨਾਲ ਗਠਜੋੜ ਨਹੀਂ ਕਰੇਗੀ ਭਾਜਪਾ, 117 ਸੀਟਾਂ 'ਤੇ ਇਕੱਲਿਆਂ ਲੜੇਗੀ ਚੋਣ
ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦਿੰਦਿਆਂ ਢਿੱਲੋਂ ਨੇ ਕਿਹਾ ਕਿ ਉਹ ਉਨ੍ਹਾਂ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ’ਚ ਅੰਦਰੂਨੀ ਖਿੱਚੋਤਾਣ ਨਵੀਂ ਗੱਲ ਨਹੀਂ ਹੈ ਅਤੇ ਪਾਰਟੀ ਨੂੰ ਇਕਜੁੱਟ ਹੋ ਕੇ ਚੱਲਣ ਦੀ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ’ਚ ਕੋਈ ਵੀ ਵਰਗ ਪੂਰੀ ਤਰ੍ਹਾਂ ਸੰਤੁਸ਼ਟ ਨਹੀਂ ਹੈ। ਨਸ਼ਾ, ਗੈਂਗਸਟਰਵਾਦ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ ਅਤੇ ਆਰਥਿਕ ਸਮੱਸਿਆਵਾਂ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ।
Publish Date: Mon, 05 Oct 2026 08:50 AM (IST)
Updated Date: Mon, 05 Oct 2026 08:53 AM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ। ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ 117 ਦੀਆਂ 117 ਸੀਟਾਂ ’ਤੇ ਆਪਣੇ ਦਮ ’ਤੇ ਲੜੇਗੀ ਅਤੇ ਕਿਸੇ ਵੀ ਸਿਆਸੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ। ਜਾਗਰਣ ਫ਼ਿਲਮ ਫੈਸਟੀਵਲ ’ਚ ਸ਼ਾਮਲ ਹੋਣ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ’ਚ ਭਾਜਪਾ ਦੀ ਅਗਵਾਈ ਹੇਠ ਡਬਲ ਇੰਜਣ ਸਰਕਾਰ ਬਣਾਉਣਾ ਪਾਰਟੀ ਦਾ ਟੀਚਾ ਹੈ।
ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦਿੰਦਿਆਂ ਢਿੱਲੋਂ ਨੇ ਕਿਹਾ ਕਿ ਉਹ ਉਨ੍ਹਾਂ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ’ਚ ਅੰਦਰੂਨੀ ਖਿੱਚੋਤਾਣ ਨਵੀਂ ਗੱਲ ਨਹੀਂ ਹੈ ਅਤੇ ਪਾਰਟੀ ਨੂੰ ਇਕਜੁੱਟ ਹੋ ਕੇ ਚੱਲਣ ਦੀ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ’ਚ ਕੋਈ ਵੀ ਵਰਗ ਪੂਰੀ ਤਰ੍ਹਾਂ ਸੰਤੁਸ਼ਟ ਨਹੀਂ ਹੈ। ਨਸ਼ਾ, ਗੈਂਗਸਟਰਵਾਦ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ ਅਤੇ ਆਰਥਿਕ ਸਮੱਸਿਆਵਾਂ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ।
ਢਿੱਲੋਂ ਨੇ ਕਿਹਾ ਕਿ ਭਾਜਪਾ ਵੱਲੋਂ ਨਸ਼ਿਆਂ ਖ਼ਿਲਾਫ਼ ਕੱਢੀ ਗਈ ਯਾਤਰਾ ਦੌਰਾਨ ਕਰੀਬ 3970 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਗਿਆ ਅਤੇ ਪਿੰਡਾਂ-ਸ਼ਹਿਰਾਂ ’ਚ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਨਸ਼ੇ ਕਾਰਨ ਆਪਣੇ ਪੁੱਤਰ ਗੁਆ ਚੁੱਕੀਆਂ ਮਾਵਾਂ ਅਤੇ ਪਰਿਵਾਰਾਂ ਦਾ ਦਰਦ ਦੇਖਣ ਨੂੰ ਮਿਲਿਆ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਬੇਹੱਦ ਚਿੰਤਤ ਹਨ।
ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਨਸ਼ਾ ਖ਼ਤਮ ਕਰਨ ਦੇ ਦਾਅਵੇ ਕੀਤੇ ਗਏ ਸਨ, ਪਰ ਸਮੱਸਿਆ ਅਜੇ ਵੀ ਗੰਭੀਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 31 ਮਾਰਚ 2029 ਤੱਕ ਪੰਜਾਬ ਸਮੇਤ ਦੇਸ਼ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤੇ ਗੈਂਗਸਟਰਵਾਦ ਖ਼ਤਮ ਕਰਨ ਦੇ ਨਾਲ ਪੰਜਾਬ ਦੀ ਆਰਥਿਕਤਾ ਮਜ਼ਬੂਤ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਡਬਲ ਇੰਜਣ ਸਰਕਾਰ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੋ ‘ਸੀ’ ਨੇ ਖ਼ਤਮ ਕਰ ਦਿੱਤਾ ਹੈ—ਇਕ ‘ਚਿੱਟਾ’ ਅਤੇ ਦੂਜਾ ‘ਕੈਨੇਡਾ’। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਜੋ ਕਹਿੰਦੀ ਹੈ, ਉਹ ਕਰਨ ਦਾ ਰਿਕਾਰਡ ਰੱਖਦੀ ਹੈ।