ਪੱਤਰ ਪ੍ਰਰੇਰਕ, ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਮਿਲੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ 'ਚ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਤੇ ਬਲਾਕ ਪੱਧਰ 'ਤੇ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਡੀਸੀ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਅਮਰਜੀਤ ਸਿੰਘ ਬੈਂਸ (ਪੀਸੀਐੱਸ) ਵਧੀਕ ਕਮਿਸ਼ਨਰ ਲੁਧਿਆਣਾ ਨੂੰ ਬਤੌਰ ਨੋਡਲ ਅਫ਼ਸਰ ਤੇ ਨਰਿੰਦਰ ਸਿੰਘ ਬੈਨੀਪਾਲ ਮੁੱਖ ਖੇਤੀਬਾੜੀ ਅਫ਼ਸਰ, ਲੁਧਿਆਣਾ ਨੂੰ ਸਹਾਇਕ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਂਦਾ ਹੈ। ਇਨ੍ਹਾਂ ਦੇ ਨਾਲ ਜ਼ਿਲ੍ਹਾ ਲੋਕ ਸੰਪਰਕ ਅਫਸਰ ਲੁਧਿਆਣਾ ਅਤੇ ਰਜਿਸਟਰਾਰ ਕੋਅਪਰੇਟਿਵ ਸੁਸਾਇਟੀ, ਲੁਧਿਆਣਾ ਨੂੰ ਵੀ ਕੰਮ ਕਰਨ ਲਈ ਬਤੌਰ ਸਹਾਇਕ ਨੋਡਲ ਅਫਸਰ ਨਿਯੁਕਤ ਕੀਤਾ ਜਾਂਦਾ ਹੈ।

ਇਸ ਤੋਂ ਇਲਾਵਾ ਬਲਾਕ ਪੱਧਰ ਤੇ ਸਬੰਧਤ ਬੀਡੀਪੀਓ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਂਦਾ ਹੈ, ਜੋ ਕਿ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਤੇ ਲੋਕਾਂ ਨੂੰ ਜਾਗਰੂਕ ਕਰਨਗੇ ਤੇ ਪਰਾਲੀ ਨੂੰ ਅੱਗ ਲੱਗਣ ਵਾਲੀਆਂ ਘਟਨਾਵਾਂ ਬਾਰੇ ਤਸਦੀਕ ਕਰਨ ਉਪਰੰਤ ਰਿਪੋਰਟ ਕਰਨਗੇ। ਉਨ੍ਹਾਂ ਕਿਹਾ ਕਿ ਨੈਸ਼ਨਲ ਗਰੀਨ ਟਿ੍ਬਿਊਨਲ (ਐੱਨਜੀਟੀ) ਦੇ ਹੋਏ ਹੁਕਮ ਦੀ ਪਾਲਣਾ 'ਚ ਤੇ ਪ੍ਰਮੁੱਖ ਸਕੱਤਰ ਖੇਤੀਬਾੜੀ, ਪੰਜਾਬ, ਚੰਡੀਗੜ੍ਹ ਜੀ ਦੀ ਹਦਾਇਤ ਅਨੁਸਾਰ ਜ਼ਿਲ੍ਹਾ ਪੱਧਰੀ ਕਮੇਟੀ 'ਚ ਡਿਪਟੀ ਕਮਿਸ਼ਨਰ ਚੇਅਰਮੈਨ, ਡਿਪਟੀ ਕਮਿਸ਼ਨਰ ਆਫ ਪੁਲਿਸ ਲੁਧਿਆਣਾ, ਜ਼ਿਲ੍ਹਾ ਪੁਲਿਸ ਮੁਖੀ ਖੰਨਾ ਤੇ ਲੁਧਿਆਣਾ ਦਿਹਾਤੀ, ਵਧੀਕ ਡੀਸੀ ਲੁਧਿਆਣਾ, ਖੰਨਾ ਜਗਰਾਓਂ, ਵਧੀਕ ਡਿਪਟੀ ਕਮਿਸ਼ਨਰ, ਨਿਗਰਾਨ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਜ਼ਿਲ੍ਹਾ ਮਾਲ ਅਫ਼ਸਰ, ਮੁੱਖ ਖੇਤੀਬਾੜੀ ਅਫ਼ਸਰ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪੱਧਰ 'ਤੇ ਗਠਿਤ ਕੀਤੀ ਗਈ ਕਮੇਟੀ ਹਫ਼ਤੇ 'ਚ ਇਕ ਜਾਂ ਦੋ ਵਾਰ ਮੀਟਿੰਗ ਕਰੇਗੀ ਤੇ ਇਸ ਮੀਟਿੰਗ 'ਚ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਸਬੰਧੀ ਵੱਖ-ਵੱਖ ਟੀਮਾਂ/ਵਿਭਾਗਾਂ ਵੱਲੋਂ ਕੀਤੇ ਗਏ ਐਕਸ਼ਨ ਦਾ ਰੀਵੀਓ ਕਰੇਗੀ ਤੇ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਵੇਗੀ।