ਨੰਬਰਦਾਰਾਂ ਨੇ ਮੰਗਾਂ ਸਬੰਧੀ ਸਰਕਾਰ ਖਿਲਾਫ਼ ਰੋਸ ਪ੍ਰਗਟਾਇਆ
ਨੰਬਰਦਾਰਾਂ ਨੇ ਮੰਗਾਂ ਸਬੰਧੀ ਸਰਕਾਰ ਖਿਲਾਫ਼ ਰੋਸ ਪ੍ਰਗਟਾਇਆ
Publish Date: Mon, 12 Jan 2026 08:14 PM (IST)
Updated Date: Tue, 13 Jan 2026 04:13 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਖੰਨਾ : ਅੱਜ ਇਥੋਂ ਦੇ ਤਹਿਸੀਲ ਕੰਪਲੈਕਸ ਵਿਖੇ ਪੰਜਾਬ ਨੰਬਰਦਾਰਾ ਐਸੋਸੀਏਸ਼ਨ ਗਾਲਿਬ ਦੇ ਮੈਬਰਾਂ ਦੀ ਇੱਕਤਰਤਾ ਸ਼ੇਰ ਸਿੰਘ ਫੈਜ਼ਗੜ੍ਹ ਦੀ ਪ੍ਰਧਾਨਗੀ ਹੇਠਾਂ ਹੋਈ, ਜਿਸ ’ਚ ਨੰਬਰਦਾਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ਲਾਘਾ ਕਰਦਿਆਂ ਸਰਕਾਰ ਨੂੰ ਪੂਰਨ ਸਹਿਯੋਗ ਦੇਣ ਦਾ ਫੈਸਲਾ ਕੀਤਾ। ਯੂਨੀਅਨ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾ ਨੰਬਰਦਾਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿਵਾਇਆ ਸੀ ਪਰ ਹੁਣ ਇਹ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਲਾਰਾ ਲਾਊ ਨੀਤੀ ਅਪਣਾ ਕੇ ਆਪਣਾ ਸਮਾਂ ਲੰਘਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੰਬਰਦਾਰਾ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਕਾਰਨ ਨੰਬਰਦਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਐਸੋਸ਼ੀਏਸ਼ਨ ਨੇ ਮੰਗ ਕੀਤੀ ਕਿ ਨੰਬਰਦਾਰਾਂ ਨੂੰ ਤਹਿਸੀਲ ਕੰਪਲੈਕਸ ਵਿਚ ਬੈਠਣ ਲਈ ਪੱਕਾ ਦਫ਼ਤਰ ਬਣਾ ਕੇ ਦਿੱਤਾ ਜਾਵੇ, ਨੰਬਰਦਾਰੀ ਜੱਦੀਂ ਪੁਸ਼ਤੀ ਕੀਤੀ ਜਾਵੇ, ਨੰਬਰਦਾਰਾਂ ਦਾ ਮਾਣ ਭੱਤਾ ਵਧਾਇਆ ਜਾਵੇ, ਟੋਲ ਪਲਾਜ਼ਾ ਮੁਫ਼ਤ ਕੀਤਾ ਜਾਵੇ, ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਜਾਵੇ ਤੇ ਮੈਡੀਕਲ ਭੱਤਾ ਦਿੱਤਾ ਜਾਵੇ ਆਦਿ। ਉਨ੍ਹਾਂ ਕਿਹਾ ਕਿ ਰਿਹਾਇਸ਼ ਸਰਟੀਫ਼ਿਕੇਟ, ਆਮਦਨ ਸਰਟੀਫ਼ਿਕੇਟ, ਜਾਤੀ ਸਰਟੀਫ਼ਿਕੇਟ ਫਾਰਮ ’ਤੇ ਪਹਿਲਾਂ ਨੰਬਰਦਾਰ ਦੀ ਤਸਦੀਕ ਲਈ ਮੋਹਰ ਲਾਈ ਜਾਵੇ ਤਾਂ ਜੋ ਨੰਬਰਦਾਰਾਂ ਦੀ ਆਈ ਡੀ ਤਸਦੀਕ ਹੋ ਸਕੇ। ਉਨ੍ਹਾਂ ਕਿਹਾ ਕਿ ਜੇਕਰ ਉਪਰੋਕਤ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ’ਚ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਹਰਚਰਨ ਸਿੰਘ, ਪ੍ਰੇਮ ਸਿੰਘ ਮੋਹਨਪੁਰ, ਜਗਦੇਵ ਸਿੰਘ, ਮੁਖਤਿਆਰ ਸਿੰਘ, ਹਰਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਰੋਹਿਤ ਕੁਮਾਰ, ਗੁਰਮੀਤ ਸਿੰਘ ਭੱਟੀ, ਗੁਰਨਾਮ ਸਿੰਘ, ਸੰਤੋਖ ਸਿੰਘ, ਸਵਰਨ ਸਿੰਘ, ਇੰਦਰਜੀਤ ਸਿੰਘ, ਹਰਸੇਵਕ ਸਿੰਘ ਆਦਿ ਹਾਜ਼ਰ ਸਨ।