
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਨੇ ਕਿਹਾ ਕਿ 17 ਅਗਸਤ ਤੋਂ ਲਗਾਤਾਰ ਚੱਲ ਰਹੀ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਨੂੰ ਪੰਜਾਬ ਭਰ ਦੇ ਮੁਲਾਜ਼ਮਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਕੋਈ ਠੋਸ ਪਹਿਲ ਨਾ ਕੀਤੇ ਜਾਣ ਕਾਰਨ ਮੁਲਾਜ਼ਮ ਵਰਗ ਵਿੱਚ ਰੋਸ ਲਗਾਤਾਰ ਵਧ ਰਿਹਾ ਹੈ।

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਭਰ ਵਿੱਚ ਦਫ਼ਤਰੀ ਕਾਮਿਆਂ ਵੱਲੋਂ ਸ਼ੁਰੂ ਕੀਤੀ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਅੱਜ ਵੀ ਪੂਰੇ ਜੋਸ਼ ਨਾਲ ਜਾਰੀ ਰਹੀ। ਵੱਖ-ਵੱਖ ਵਿਭਾਗਾਂ ਦੇ ਦਫ਼ਤਰੀ ਕਾਮਿਆਂ ਵੱਲੋਂ ਸਰਕਾਰੀ ਕੰਮਕਾਜ ਦਾ ਬਾਈਕਾਟ ਕਰਕੇ ਪੰਜਾਬ ਸਰਕਾਰ ਦੀ ਮੁਲਾਜ਼ਮ ਵਿਰੋਧੀ ਨੀਤੀ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ।
ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਨੇ ਕਿਹਾ ਕਿ 17 ਅਗਸਤ ਤੋਂ ਲਗਾਤਾਰ ਚੱਲ ਰਹੀ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਨੂੰ ਪੰਜਾਬ ਭਰ ਦੇ ਮੁਲਾਜ਼ਮਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਕੋਈ ਠੋਸ ਪਹਿਲ ਨਾ ਕੀਤੇ ਜਾਣ ਕਾਰਨ ਮੁਲਾਜ਼ਮ ਵਰਗ ਵਿੱਚ ਰੋਸ ਲਗਾਤਾਰ ਵਧ ਰਿਹਾ ਹੈ।
ਇਸੇ ਕਰਕੇ ਜਥੇਬੰਦੀ ਨੇ ਹੜਤਾਲ ਨੂੰ 26 ਅਗਸਤ ਤੱਕ ਜਾਰੀ ਰੱਖਣ ਅਤੇ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ “ਪੰਜਾਬ ਮਹਾਂਬੰਦ” ਵਿੱਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਹੈ। ਕੱਲ੍ਹ 25 ਅਗਸਤ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਰੋਸ ਰੈਲੀਆਂ ਤੇ ਪ੍ਰਦਰਸ਼ਨ ਕੀਤੇ ਜਾਣਗੇ। ਜਥੇਬੰਦੀ ਵੱਲੋਂ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀਆਂ ਮੁਲਾਜ਼ਮ ਨੀਤੀਆਂ ਦੇ ਵਿਰੋਧ ਵਿੱਚ ਰੋਸ ਮਾਰਚ ਕਰਕੇ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸੌਰਭ ਦਾਸ ਦੇ ਪੁਤਲੇ ਫੂਕੇ ਜਾਣਗੇ।
ਆਗੂਆਂ ਨੇ ਕਿਹਾ ਕਿ ਇਹ ਰੋਸ ਪ੍ਰਦਰਸ਼ਨ ਸਰਕਾਰ ਤੱਕ ਮੁਲਾਜ਼ਮਾਂ ਦੀ ਆਵਾਜ਼ ਪਹੁੰਚਾਉਣ ਅਤੇ 27 ਅਗਸਤ ਦੇ ਪੰਜਾਬ ਮਹਾਂਬੰਦ ਲਈ ਮੁਲਾਜ਼ਮ ਵਰਗ ਨੂੰ ਲਾਮਬੰਦ ਕਰਨ ਦਾ ਹਿੱਸਾ ਹਨ। ਗੁਰਪ੍ਰੀਤ ਸਿੰਘ ਖੱਟੜਾ ਸੂਬਾ ਪ੍ਰੈੱਸ ਸਕੱਤਰ ਤੇ ਪ੍ਰਧਾਨ ਸਿੱਖਿਆ ਵਿਭਾਗ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਅਤੇ ਹੋਰ ਮਸਲਿਆਂ ਸਬੰਧੀ ਫੈਲਾਏ ਜਾ ਰਹੇ ਭਰਮਾਂ ਦਾ ਤੱਥਾਂ ਨਾਲ ਜਵਾਬ ਦਿੱਤਾ ਜਾਵੇਗਾ।
ਇਸ ਲਈ ਮੁਲਾਜ਼ਮਾਂ ਦੀਆਂ ਅਸਲ ਮੰਗਾਂ ਅਤੇ ਸੰਘਰਸ਼ ਦੇ ਕਾਰਨਾਂ ਬਾਰੇ ਪੈਂਫਲੈਟ, ਪੋਸਟਰ ਅਤੇ ਹੋਰਡਿੰਗਾਂ ਰਾਹੀਂ ਆਮ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ ਅਤੇ ਸੋਸ਼ਲ ਮੀਡੀਆ ਰਾਹੀਂ ਵੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਖੱਟੜਾ ਨੇ ਕਿਹਾ ਕਿ ਇਹ ਸੰਘਰਸ਼ ਸਿਰਫ਼ ਮੌਜੂਦਾ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਾਂ ਵਿੱਤੀ ਲਾਭਾਂ ਤੱਕ ਸੀਮਤ ਨਹੀਂ ਹੈ, ਸਗੋਂ ਪੰਜਾਬ ਦੇ ਨੌਜਵਾਨਾਂ ਦੇ ਰੁਜ਼ਗਾਰ, ਪੁਰਾਣੀ ਪੈਨਸ਼ਨ, ਪੱਕੀ ਭਰਤੀ, ਪੂਰੀ ਤਨਖ਼ਾਹ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਰੱਖਿਅਤ ਭਵਿੱਖ ਨਾਲ ਵੀ ਜੁੜਿਆ ਹੋਇਆ ਹੈ। ਇਸ ਲਈ ਮੁਲਾਜ਼ਮ ਵਰਗ ਆਪਣੀਆਂ ਮੰਗਾਂ ਦੇ ਠੋਸ ਹੱਲ ਤੱਕ ਸੰਘਰਸ਼ ਜਾਰੀ ਰੱਖੇਗਾ।
ਆਗੂਆਂ ਨੇ ਦੱਸਿਆ ਕਿ 26 ਅਗਸਤ ਨੂੰ ਵੀ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਤਹਿਤ ਦਫ਼ਤਰੀ ਕੰਮਕਾਜ ਦਾ ਮੁਕੰਮਲ ਬਾਈਕਾਟ ਕੀਤਾ ਜਾਵੇਗਾ ਅਤੇ ਮੁਲਾਜ਼ਮ ਆਪਣੀਆਂ ਸੀਟਾਂ ਛੱਡ ਕੇ ਰੋਸ ਮੁਜ਼ਾਹਰਿਆਂ ’ਚ ਹਿੱਸਾ ਲੈਣਗੇ। ਇਸ ਤੋਂ ਬਾਅਦ 27 ਅਗਸਤ ਨੂੰ ਪੰਜਾਬ ਭਰ ਦੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਦੇ ਦਫ਼ਤਰੀ ਕਾਮੇ ਸਮੂਹਿਕ ਛੁੱਟੀ ਲੈ ਕੇ “ਪੰਜਾਬ ਮਹਾਂਬੰਦ” ਵਿੱਚ ਸ਼ਾਮਲ ਹੋਣਗੇ।
ਜਥੇਬੰਦੀ ਨੇ ਹੋਰ ਮੁਲਾਜ਼ਮ, ਅਧਿਕਾਰੀ, ਪੈਨਸ਼ਨਰ ਤੇ ਭਾਈਚਾਰਕ ਜਥੇਬੰਦੀਆਂ ਨੂੰ ਵੀ ਇਸ ਐਕਸ਼ਨ ਵਿੱਚ ਸ਼ਾਂਤਮਈ ਢੰਗ ਨਾਲ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।ਜਥੇਬੰਦੀ ਨੇ ਸਪੱਸ਼ਟ ਕੀਤਾ ਕਿ ਸਮੁੱਚਾ ਸੰਘਰਸ਼ ਸ਼ਾਂਤਮਈ ਤੇ ਜਮਹੂਰੀ ਢੰਗ ਨਾਲ ਕੀਤਾ ਜਾਵੇਗਾ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਮੁਲਾਜ਼ਮਾਂ ਦੇ ਸਬਰ ਨੂੰ ਉਨ੍ਹਾਂ ਦੀ ਕਮਜ਼ੋਰੀ ਨਾ ਸਮਝਿਆ ਜਾਵੇ ਅਤੇ ਟਕਰਾਅ ਦੀ ਸਥਿਤੀ ਪੈਦਾ ਕਰਨ ਦੀ ਬਜਾਏ ਜਥੇਬੰਦੀ ਨੂੰ ਗੱਲਬਾਤ ਲਈ ਬੁਲਾ ਕੇ ਲੰਬਿਤ ਮੰਗਾਂ ਦਾ ਸਮਾਂਬੱਧ ਅਤੇ ਠੋਸ ਹੱਲ ਕੀਤਾ ਜਾਵੇ।
ਇਸ ਮੌਕੇ ਆਗੂਆਂ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਪ੍ਰਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਕਰਨਾ 17-07-2020 ਦਾ ਪੱਤਰ ਰੱਦ ਕਰਕੇ ਪੰਜਾਬ ਦਾ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨਾ, ਬਕਾਇਆ ਡੀ.ਏ. ਦੀਆਂ ਕਿਸ਼ਤਾਂ ਅਤੇ ਏਰੀਅਰ ਜਾਰੀ ਕਰਨਾ, ਏ.ਸੀ.ਪੀ. ਸਕੀਮ ਅਧੀਨ 4-9-14 ਸਾਲਾ ਸੇਵਾ ਲਾਭ ਦੇਣਾ, ਪ੍ਰੋਬੇਸ਼ਨ ਸਮਾਂ ਇੱਕ ਸਾਲ ਕਰਕੇ ਪੂਰੀ ਤਨਖ਼ਾਹ ਤੇ ਭੱਤੇ ਦੇਣਾ, ਆਊਟਸੋਰਸ ਅਤੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨਾ ਅਤੇ ਤਰਸ ਦੇ ਆਧਾਰ ’ਤੇ ਭਰਤੀ ਮੁਲਾਜ਼ਮਾਂ ਤੋਂ ਟਾਈਪ ਟੈਸਟ ਦੀ ਸ਼ਰਤ ਖ਼ਤਮ ਕਰਨਾ ਸਮੇਤ ਹੋਰ ਬਕਾਇਆ ਮੰਗਾਂ ਸ਼ਾਮਲ ਹਨ।
ਆਗੂਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਹਿੱਤ ਨੂੰ ਵੇਖਦਿਆਂ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ , ਤਾਂ ਜੋ ਦਫ਼ਤਰਾਂ ਵਿੱਚ ਆਮ ਦਿਨਾਂ ਵਾਂਗ ਕੰਮ ਸ਼ੁਰੂ ਹੋ ਸਕੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇ ਅਤੇ ਉਨ੍ਹਾਂ ਦੇ ਰੁਕੇ ਕੰਮ ਪੂਰੇ ਕੀਤੇ ਜਾ ਸਕਣ।