ਪੁਰਾਣੀ ਰੰਜਿਸ਼ ਨੇ ਧਾਰਿਆ ਖ਼ੂਨੀ ਰੂਪ, ਬੁੱਢੇਵਾਲ ’ਚ ਚੱਲੀ ਗੋਲੀ
ਪੁਰਾਣੀ ਰੰਜਿਸ਼ ਨੇ ਲਿਆ ਖੂਨੀ ਰੂਪ, ਬੁੱਢੇਵਾਲ ’ਚ ਚੱਲੀ ਗੋਲੀ
Publish Date: Wed, 22 Apr 2026 10:27 PM (IST)
Updated Date: Thu, 23 Apr 2026 04:13 AM (IST)
-ਲੱਤ ਟੁੱਟਣ ਕਾਰਨ ਇਕ ਵਿਅਕਤੀ ਗੰਭੀਰ ਜ਼ਖਮੀ, ਇਕ ਕਾਬੂ
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ : ਮਹਾਨਗਰ ਲੁਧਿਆਣਾ ਦੇ ਬੁੱਢੇਵਾਲ ਪਿੰਡ ਵਿੱਚ ਮੰਗਲਵਾਰ ਦੇਰ ਰਾਤ ਪੁਰਾਣੀ ਰੰਜਿਸ਼ ਨੇ ਖੂਨੀ ਰੂਪ ਧਾਰ ਲਿਆ, ਜਦੋਂ ਦੋ ਧਿਰਾਂ ਵਿਚਾਲੇ ਤਕਰਾਰ ਹਿੰਸਕ ਝੜਪ ਵਿੱਚ ਤਬਦੀਲ ਹੋ ਗਈ। ਇਸ ਘਟਨਾ ਦੌਰਾਨ ਇੱਕ ਵਿਅਕਤੀ ਲੱਤ ਟੁੱਟਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ, ਜਦਕਿ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਹ ਮਾਮਲਾ ਥਾਣਾ ਜਮਾਲਪੁਰ ਦੇ ਅਧੀਨ ਆਉਂਦਾ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਦੋਵਾਂ ਧਿਰਾਂ ਵਿਚਾਲੇ ਪੁਰਾਣੀ ਦੁਸ਼ਮਨੀ ਕਾਰਨ ਪਹਿਲਾਂ ਤਿੱਖੀ ਬਹਿਸ ਹੋਈ, ਜੋ ਕੁਝ ਹੀ ਸਮੇਂ ਵਿੱਚ ਹੱਥਾਪਾਈ ਅਤੇ ਹਿੰਸਕ ਝਗੜੇ ਵਿੱਚ ਬਦਲ ਗਈ। ਮੌਕੇ ‘ਤੇ ਮੌਜੂਦ ਲੋਕਾਂ ਮੁਤਾਬਕ ਹਾਲਾਤ ਇਸ ਕਦਰ ਬੇਕਾਬੂ ਹੋ ਗਏ ਕਿ ਇਕ ਧਿਰ ਵੱਲੋਂ ਲਾਇਸੰਸੀ ਹਥਿਆਰ ਨਾਲ ਗੋਲੀ ਚਲਾ ਦਿੱਤੀ ਗਈ।
ਇਸ ਹੰਗਾਮੇ ਦੌਰਾਨ ਇੱਕ ਵਿਅਕਤੀ ਦੀ ਲੱਤ ਟੁੱਟ ਗਈ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਗੋਲੀ ਚੱਲਣ ਦੀ ਆਵਾਜ਼ ਨਾਲ ਇਲਾਕੇ ਵਿੱਚ ਅਫ਼ਰਾਤਫ਼ਰੀ ਮੱਚ ਗਈ ਅਤੇ ਡਰੇ ਸਹਿਮੇ ਲੋਕ ਆਪਣੇ ਘਰਾਂ ਵਿੱਚ ਦਾਖ਼ਲ ਹੋ ਗਏ। ਥਾਣਾ ਜਮਾਲਪੁਰ ਦੇ ਐਸਐਚਓ ਦਲਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਇੱਕ ਦੋਸ਼ੀ ਨੂੰ ਕਾਬੂ ਕਰ ਲਿਆ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ, ਜੋ ਬੁੱਢੇਵਾਲ ਪਿੰਡ ਦਾ ਵਸਨੀਕ ਹੈ। ਪੁਲਿਸ ਵੱਲੋਂ ਉਸ ਦੇ ਕੋਲੋਂ ਲਾਇਸੰਸੀ ਹਥਿਆਰ ਵੀ ਬਰਾਮਦ ਕੀਤਾ ਗਿਆ ਹੈ, ਜਿਸ ਨਾਲ ਉਸ ਨੇ ਗੋਲੀ ਚਲਾਈ ਸੀ। ਥਾਣਾ ਮੁਖੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਬਲਵਿੰਦਰ ਸਿੰਘ ਤੋਂ ਪੁੱਛ ਗਿੱਛ ਜਾਰੀ ਹੈ ਤਾਂ ਜੋ ਪੂਰੇ ਮਾਮਲੇ ਦੀ ਤਫ਼ਸੀਲ ਸਾਹਮਣੇ ਆ ਸਕੇ। ਇਸ ਮਾਮਲੇ ਵਿੱਚ ਉਸ ਦਾ ਭਰਾ ਬਲਵੰਤ ਸਿੰਘ ਅਜੇ ਫਰਾਰ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪਿੰਡ ਦੇ ਸਰਪੰਚ ਇੰਦਰਜੀਤ ਸਿੰਘ ਦੀ ਸ਼ਿਕਾਇਤ ’ਤੇ ਪੁਲਿਸ ਨੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰ ਲਿਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਪੁਲਿਸ ਵੱਲੋਂ ਗਸ਼ਤ ਵਧਾ ਦਿੱਤੀ ਗਈ ਹੈ, ਤਾਂ ਜੋ ਕਿਸੇ ਵੀ ਹੋਰ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਹਾਲਾਤ ਕਾਬੂ ਵਿੱਚ ਹਨ ਅਤੇ ਜਲਦ ਹੀ ਬਾਕੀ ਦੋਸ਼ੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।