ਜੰਗਲਾਤ ਵਿਭਾਗ ਦੀ ਟੀਮ ਨੇ ਦਿੱਤਾ ਹਰਿਆਵਲ ਦਾ ਸੰਦੇਸ਼
ਵਿਸ਼ਵ ਵਾਤਾਵਰਨ ਦਿਵਸ ਮੌਕੇ ਜੰਗਲਾਤ ਵਿਭਾਗ ਦੀ ਟੀਮ ਨੇ ਪੌਦੇ ਲਗਾ ਕੇ ਦਿੱਤਾ ਹਰਿਆਵਲ ਦਾ ਸੰਦੇਸ਼
Publish Date: Fri, 05 Jun 2026 08:19 PM (IST)
Updated Date: Sat, 06 Jun 2026 04:11 AM (IST)

ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ, ਲੁਧਿਆਣਾ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਜੰਗਲਾਤ ਵਿਭਾਗ ਦੀ ਟੀਮ ਵੱਲੋਂ ਲੁਧਿਆਣਾ ਚਿੜੀਆਘਰ ’ਚ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਵਾਤਾਵਰਨ ਸੁਰੱਖਿਆ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਲਈ ਪੌਦੇ ਲਾਏ ਗਏ। ਸਮਾਗਮ ’ਚ ਇਲਾਕੇ ਦੇ ਪ੍ਰਮੁੱਖ ਸਮਾਜ ਸੇਵੀ, ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਅਤੇ ਪ੍ਰਕਿਰਤੀ ਪ੍ਰੇਮੀਆਂ ਨੇ ਸ਼ਿਰਕਤ ਕਰਦਿਆਂ ਵਾਤਾਵਰਣ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਠੇਕੇਦਾਰ ਜਤਿੰਦਰ ਸਿੰਘ, ਸਰਪੰਚ ਨਿਰਵੈਰ ਸਿੰਘ ਲਾਹੌਰੀਆ, ਸਰਪੰਚ ਅਜੈ ਮਲਹੋਤਰਾ, ਸਰਪੰਚ ਵਿਜੈ ਸਿੰਘ, ਸੇਵਾ ਮੁਕਤ ਇੰਸਪੈਕਟਰ ਰਵਿੰਦਰ ਆਦੀਆ ਅਤੇ ਸੇਵਾ ਮੁਕਤ ਇੰਸਪੈਕਟਰ ਰਸ਼ਪਾਲ ਸਿੰਘ ਸਮੇਤ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਮਿਲ ਕੇ ਚਿੜੀਆ ਘਰ ਵਿੱਚ ਵੱਖ-ਵੱਖ ਕਿਸਮਾਂ ਦੇ ਪੌਦੇ ਲਾਏ ਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਵੀ ਲਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਬੂਲਾਰਿਆਂ ਨੇ ਕਿਹਾ ਕਿ ਵਿਸ਼ਵ ਵਾਤਾਵਰਣ ਦਿਵਸ ਸਾਨੂੰ ਕੁਦਰਤ ਅਤੇ ਵਾਤਾਵਰਨ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਦਾ ਅਹਿਸਾਸ ਕਰਵਾਉਂਦਾ ਹੈ। ਇਹ ਦਿਨ ਸਾਨੂੰ ਇਹ ਯਾਦ ਦਿਵਾਉਂਦਾ ਹੈ ਕਿ ਜੇਕਰ ਅਸੀਂ ਅੱਜ ਵਾਤਾਵਰਣ ਦੀ ਰੱਖਿਆ ਲਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕਦੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਵਧਦੇ ਪ੍ਰਦੂਸ਼ਣ, ਜੰਗਲਾਂ ਦੀ ਕਟਾਈ ਅਤੇ ਮੌਸਮੀ ਤਬਦੀਲੀਆਂ ਦੇ ਮੱਦੇਨਜ਼ਰ ਰੁੱਖ ਲਾਉਣਾ ਤੇ ਉਨ੍ਹਾਂ ਦੀ ਸੰਭਾਲ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਬਣ ਚੁੱਕੀ ਹੈ। ਇਸ ਦੌਰਾਨ ਹਾਜ਼ਰੀਨ ਨੇ ਵਾਤਾਵਰਣ ਦੀ ਸੰਭਾਲ ਲਈ ਮਿਲਜੁਲ ਕੇ ਕੰਮ ਕਰਨ, ਵੱਧ ਤੋਂ ਵੱਧ ਰੁੱਖ ਲਗਾਉਣ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਦਾ ਅਹਿਦ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਵੀ ਆਪਣੇ ਘਰਾਂ, ਸਕੂਲਾਂ, ਦਫ਼ਤਰਾਂ ਅਤੇ ਜਨਤਕ ਥਾਵਾਂ ’ਤੇ ਪੌਦੇ ਲਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਚਿੜੀਆਘਰ ਲੁਧਿਆਣਾ ਦੇ ਇੰਚਾਰਜ ਨਰਿੰਦਰ ਸਿੰਘ ਨੇ ਕਿਹਾ ਕਿ ਰੁੱਖ ਧਰਤੀ ਦੇ ਫੇਫੜੇ ਹਨ ਅਤੇ ਮਨੁੱਖੀ ਜੀਵਨ ਲਈ ਬੇਹੱਦ ਜ਼ਰੂਰੀ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਪੌਦੇ ਲਗਾਉਣ ਤੱਕ ਹੀ ਸੀਮਤ ਨਾ ਰਹਿਣ, ਸਗੋਂ ਉਨ੍ਹਾਂ ਦੀ ਸੰਭਾਲ ਵੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਵਾਤਾਵਰਨ ਸੁਰੱਖਿਆ ਲਈ ਆਪਣਾ ਯੋਗਦਾਨ ਪਾਏ ਅਤੇ ਧਰਤੀ ਨੂੰ ਹਰਿਆ-ਭਰਿਆ ਬਣਾਉਣ ਵਿੱਚ ਸਹਿਯੋਗ ਦੇਵੇ। ਸਮਾਗਮ ਦਾ ਸਮਾਪਨ ਵਾਤਾਵਰਣ ਸੁਰੱਖਿਆ ਦੇ ਸੰਕਲਪ ਨਾਲ ਹੋਇਆ, ਜਿੱਥੇ ਸਾਰੇ ਹਾਜ਼ਰ ਲੋਕਾਂ ਨੇ ਸਾਫ਼-ਸੁਥਰੇ ਅਤੇ ਸਿਹਤਮੰਦ ਵਾਤਾਵਰਣ ਲਈ ਮਿਲ ਕੇ ਕੰਮ ਕਰਨ ਦਾ ਵਚਨ ਦਿੱਤਾ।