ਭੁੱਕੀ ਦੀ ਤਸਕਰੀ ਦੇ ਮਾਮਲੇ ’ਚ ਇੱਕ ਗ੍ਰਿਫ਼ਤਾਰ
ਭੁੱਕੀ ਦੀ ਤਸਕਰੀ ਦੇ ਮਾਮਲੇ ਵਿੱਚ ਇੱਕ ਮੁਲਜ਼ਮ ਗ੍ਰਿਫਤਾਰ
Publish Date: Tue, 06 Jan 2026 08:31 PM (IST)
Updated Date: Wed, 07 Jan 2026 04:09 AM (IST)

ਕੈਂਟਰ ’ਚੋਂ 25 ਕਿੱਲੋ ਚੂਰਾ-ਪੋਸਤ ਬਰਾਮਦ ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਮਹਾਨਗਰ ਲੁਧਿਆਣਾ ਦੇ ਸੀਆਈਏ ਦੀ ਟੀਮ ਨੇ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ 25 ਕਿੱਲੋ ਚੂਰਾ-ਪੋਸਤ ਸਮੇਤ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਮਾਮਲੇ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਏਡੀਸੀਪੀ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲੁਧਿਆਣਾ ਦੇ ਰਹਿਣ ਵਾਲੇ ਬਿਕਰਮਜੀਤ ਸਿੰਘ ਉਰਫ ਵਿੱਕੀ ਵਜੋਂ ਹੋਈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਏਡੀਸੀਪੀ ਅਮਨਦੀਪ ਸਿੰਘ ਬਰਾੜ, ਏਸੀਪੀ ਅਰਸ਼ਪ੍ਰੀਤ ਸਿੰਘ ਤੇ ਸੀਆਈਏ ਦੇ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਭਰੋਸੇਯੋਗ ਸੂਤਰਾਂ ਕੋਲੋਂ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਬਿਕਰਮਜੀਤ ਸਿੰਘ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਧੰਦਾ ਕਰਦਾ ਹੈ। ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮ ਬਿਕਰਮਜੀਤ ਸਿੰਘ ਉਰਫ ਵਿੱਕੀ ਨੇ ਮਲੇਰਕੋਟਲਾ ਰੋਡ ਦੇ ਇੱਕ ਖਾਲੀ ਪਲਾਟ ’ਚ ਕੈਂਟਰ ਖੜ੍ਹਾ ਕਰ ਕੇ ਉਸ ’ਚ ਭੁੱਕੀ ਰੱਖੀ ਹੋਈ ਹੈ। ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ ਦਬਿਸ਼ ਦੇ ਕੇ ਮੁਲਜ਼ਮ ਨੂੰ 25 ਕਿੱਲੋ ਭੁੱਕੀ ਸਮੇਤ ਹਿਰਾਸਤ ’ਚ ਲਿਆ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕੀਤਾ, ਜਿੱਥੋਂ ਅਦਾਲਤ ਵੱਲੋਂ ਉਸ ਤੋਂ ਪੁੱਛਗਿਛ ਕਰਨ ਲਈ 2 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੜਤਾਲ ਦੌਰਾਨ ਮੁਲਜ਼ਮ ਕੋਲੋਂ ਨਸ਼ੀਲੇ ਪਦਾਰਥਾਂ ਦੇ ਧੰਦੇ ਸਬੰਧੀ ਕਈ ਖੁਲਾਸੇ ਹੋਣ ਦੀ ਉਮੀਦ ਹੈ।