ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਦਫ਼ਤਰ ਅੱਗੇ ਦਿੱਤਾ ਰੋਸ ਧਰਨਾ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ ਦਿਵਾਉਣ ਲਈ ਸਮਰਾਲਾ ’ਚ ਇੱਕਜੁੱਟ ਹੋਈਆਂ ਜਥੇਬੰਦੀਆਂ
Publish Date: Tue, 20 Oct 2026 06:30 PM (IST)
Updated Date: Tue, 20 Oct 2026 06:33 PM (IST)
ਸਰਵਣ ਸਿੰਘ ਭੰਗਲਾਂ, ਪੰਜਾਬੀ ਜਾਗਰਣ ਸਮਰਾਲਾ : ਮੰਗਲਵਾਰ ਨੂੰ ਹਲਕਾ ਸਮਰਾਲਾ ’ਚ ਨਸ਼ਿਆਂ ਦੇ ਖ਼ਿਲਾਫ਼ ਅਵਾਜ ਚੁੱਕਣ ਵਾਲੇ ਮਾਨਸਾ ਦੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ ਦਿਵਾਉਣ ਲਈ ਤੇ ਨਸ਼ਿਆਂ ਦੇ ਮੁੱਦੇ ਤੇ ਫੇਲ੍ਹ ਹੋ ਚੁਕੀ ਸਰਕਾਰ ਨੂੰ ਘੇਰਨ ਲਈ ਵਾਰਿਸ ਪੰਜਾਬ ਜਥੇਬੰਦੀ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਬੱਬਲੂ ਲੋਪੋਂ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਅਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਲੋਂ ਇੱਕਜੁੱਟ ਹੋ ਕੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਦਫਤਰ ਅੱਗੇ ਰੋਸ ਧਰਨਾ ਦੇ ਕੇ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਸਾਂਝੇ ਧਰਨੇ ਨੂੰ ਸੰਬੋਧਨ ਕਰਦਿਆਂ ਵਾਰਿਸ ਪੰਜਾਬ ਜਥੇਬੰਦੀ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਬਬਲੂ ਲੋਪੋਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਨੇ ਸਾਂਝੇ ਤੌਰ ਤੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿਹੜੇ ਨਸ਼ਿਆਂ ਦੇ ਮੁੱਦੇ ’ਤੇ ਹੀ ਪੰਜਾਬ ਦੀ ਜਨਤਾ ਨਾਲ ਇਹ ਵਾਅਦਾ ਕਰ ਕੇ ਆਏ ਸੀ ਤੇ ਉਹ ਪੰਜਾਬ ਵਿੱਚੋਂ ਨਸ਼ੇ ਨੂੰ ਜੜ੍ਹਾਂ ਤੋਂ ਪੁੱਟ ਕੇ ਪੰਜਾਬ ਦੀ ਨੌਜਵਾਨੀ ਨੂੰ ਬਚਾਉਣਗੇ ਪਰ ਅੱਜ ਸਰਕਾਰ ਦੇ ਕਾਰਜਕਾਲ ਦੇ ਸਾਢੇ ਚਾਰ ਸਾਲ ਲੰਘਣ ਦੇ ਬਾਵਜੂਦ ਵੀ ਹਾਲਾਤ ਇਸ ਕਦਰ ਖਰਾਬ ਹੋ ਚੁੱਕੇ ਹਨ ਕਿ ਨਸ਼ਾ ਪੰਜਾਬ ਦੇ ਸ਼ਹਿਰਾਂ ਤੋਂ ਲੈ ਕੇ ਪਿੰਡਾਂ ਦੀਆਂ ਗਲੀਆਂ ਵਿੱਚ ਵੀ ਸ਼ਰੇਆਮ ਮਿਲਣ ਲੱਗ ਪਿਆ ਹੈ। ਨਸ਼ਿਆਂ ਦੇ ਖ਼ਿਲਾਫ਼ ਬੋਲਣ ਵਾਲੀਆਂ ਅਵਾਜ਼ਾਂ ਨੂੰ ਨਸ਼ਾ ਤਸਕਰਾਂ ਵੱਲੋਂ ਕਤਲ ਕਰ ਕੇ ਹਮੇਸ਼ਾ ਲਈ ਖਾਮੋਸ਼ ਕੀਤਾ ਜਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਵੀ ਬਿਲਕੁਲ ਢਿੱਲਾ ਚੱਲ ਰਿਹਾ ਹੈ। ਸਰਕਾਰ ਵੱਲੋਂ ਚਲਾਈ ਗਈ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਹਵਾ ਵਿੱਚ ਹੀ ਉਡ ਗਈ ਜਾਪਦੀ ਹੈ, ਸਰਕਾਰ ਦੀ ਸ਼ਹਿ ਤੇ ਪੁਲਿਸ ਪ੍ਰਸ਼ਾਸਨ ਵੀ ਨਸ਼ਿਆਂ ਦੇ ਖ਼ਿਲਾਫ਼ ਕਾਰਵਾਈ ਕਰਨ ਦੇ ਨਾਂ ’ਤੇ ਸਿਰਫ਼ ਖਾਨਾਪੂਰਤੀ ਕੀਤੀ ਜਾ ਰਹੀ ਹੈ ਜਦ ਕਿ ਨਸ਼ੇ ਦੇ ਵੱਡੇ ਸੌਦਾਗਰ ਕਦੇ ਵੀ ਪੁਲਿਸ ਕਾਬੂ ਨਹੀਂ ਕਰ ਸਕੀ। ਬਬਲੂ ਲੋਪੋਂ ਅਤੇ ਪਰਮਜੀਤ ਢਿੱਲੋਂ ਨੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਨਾਮ ਤੇ ਉਨ੍ਹਾਂ ਦੇ ਪੀਏ ਨੂੰ ਵਿਰੋਧ ਪੱਤਰ ਸੌਂਪਦੇ ਹੋਏ ਇਹ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀਜੀਪੀ ਤੁਰੰਤ ਅਸਤੀਫ਼ਾ ਦੇਣ। ਕਿਸਾਨ ਜਥੇਬੰਦੀਆਂ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੁਖਵਿੰਦਰ ਸਿੰਘ ਭੱਟੀਆਂ, ਕੁਲਵਿੰਦਰ ਸਿੰਘ ਪੂਰਬਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸੱਕਤਰ ਪਰਮਿੰਦਰ ਸਿੰਘ ਪਾਲਮਾਜਰਾ, ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਪਿੰਦਰ ਸਿੰਘ ਬੱਗਾ ਅਤੇ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਨੇ ਵੀ ਸਰਕਾਰ ਦੀ ਨਾਕਾਮਯਾਬੀ ਤੇ ਕਿਹਾ ਤੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਨਸ਼ਾ ਬੰਦ ਨਹੀਂ ਕਰ ਸਕੇ, ਜਿਸ ਦਾ ਖਮਿਆਜਾ ਅੱਜ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਚੁੱਕਣ ਵਾਲਾ ਪੰਜਾਬ ਦੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਨੂੰ ਆਪਣੀ ਜਾਨ ਗੁਆ ਕੇ ਦੇਣਾ ਪਿਆ, ਇਸ ਲਈ ਮੁੱਖ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਇਸ ਮੌਕੇ ਵਾਰਿਸ ਪੰਜਾਬ ਜਥੇਬੰਦੀ ਦੇ ਮਨਰਾਜ ਸਿੰਘ ਲੁਬਾਨਗੜ੍ਹ, ਗੁਰਦੀਪ ਸਿੰਘ ਦੀਪਾ ਸਾਬਕਾ ਸਰਪੰਚ ਕੁੱਲੇਵਾਲ, ਸ਼੍ਰੋਅਦ ਦੇ ਯੂਥ ਪੰਜਾਬ ਪ੍ਰਧਾਨ ਅੰਮ੍ਰਿਤਪਾਲ ਸਿੰਘ ਗੁਰੋਂ, ਹਲਕਾ ਯੂਥ ਪ੍ਰਧਾਨ ਹਰਜੋਤ ਸਿੰਘ ਮਾਂਗਟ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਦੇ ਹੋਰ ਆਗੂ ਵੀ ਹਾਜ਼ਰ ਸਨ।