- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੇਂਟ ਮਦਰ ਟੈਰੇਸਾ ਪਬਲਿਕ ਸਕੂਲ ਖੰਨਾ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ
ਖੰਨਾ : ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਸਿੱਖ ਧਰਮ ਦੇ ਪਹਿਲੇ ਗੁਰੂ ਤੇ ਮਹਾਨ ਅਧਿਆਤਮਿਕ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਭਗਤੀ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਮੁੱਚਾ ਸਕੂਲ ਅਧਿਆਤਮਿਕ ਰੰਗ ’ਚ ਰੰਗਿਆ ਨਜ਼ਰ ਆਇਆ। ਪ੍ਰੋਗਰਾਮ ਦੀ ਸ਼ੁਰੂਆਤ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਸ਼ਰਧਾ ਪ੍ਰਗਟ ਕਰਦਿਆਂ ਕੀਤੀ ਗਈ। ਵਿਦਿਆਰਥੀਆਂ ਨੇ ਸ਼ਬਦ ਗਾਇਨ, ਪ੍ਰੇਰਨਾਦਾਇਕ ਵਿਚਾਰਾਂ ਤੇ ਸੁੰਦਰ ਕਵਿਤਾਵਾਂ ਰਾਹੀਂ ਗੁਰੂ ਜੀ ਦੀਆਂ ਸਿੱਖਿਆਵਾਂ ਅਤੇ ਮਹਾਨ ਆਦਰਸ਼ਾਂ ਨੂੰ ਪੇਸ਼ ਕੀਤਾ। ਬੱਚਿਆਂ ਦੀਆਂ ਭਾਵਪੂਰਨ ਪੇਸ਼ਕਾਰੀਆਂ ਨੇ ਸਾਰਿਆਂ ਦਾ ਮਨ ਮੋਹ ਲਿਆ। ਇਸ ਪਵਿੱਤਰ ਮੌਕੇ ਸਕੂਲ ਵੱਲੋਂ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸ੍ਰੀ ਕਲਗੀਧਰ ਗੁਰਦੁਆਰਾ ਸਾਹਿਬ ਸੇਹ ਖੰਨਾ ਤੋਂ ਆਰੰਭ ਹੋਣ ਵਾਲੇ ਵਿਸ਼ਾਲ ਨਗਰ ਕੀਰਤਨ ’ਚ ਸ਼ਾਮਲ ਹੋਣ ਦਾ ਮੌਕਾ ਵੀ ਪ੍ਰਦਾਨ ਕੀਤਾ ਗਿਆ। ਇਸ ਦੌਰਾਨ ਸਕੂਲ ਦੇ ਬੈਂਡ ਨੇ ਸ਼ਾਨਦਾਰ ਪੇਸ਼ਕਾਰੀ ਦਿੱਤੀ ਤੇ ਵਿਦਿਆਰਥੀਆਂ ਨੇ ਸ਼ਰਧਾਪੂਰਵਕ ਸ਼ਬਦ ਗਾਇਨ ਕਰਕੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਬੱਚਿਆਂ ਦੀ ਇਸ ਭਗਤੀ ਭਰੀ ਸ਼ਮੂਲੀਅਤ ਨੇ ਮਾਹੌਲ ਨੂੰ ਹੋਰ ਵੀ ਅਧਿਆਤਮਿਕ ਤੇ ਉਤਸ਼ਾਹਪੂਰਨ ਬਣਾ ਦਿੱਤਾ। ਇਸ ਸਰਗਰਮੀ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੁੜਨ ਦਾ ਸੁਨਹਿਰੀ ਮੌਕਾ ਮਿਲਿਆ।
ਇਸ ਪਾਵਨ ਮੌਕੇ ’ਤੇ ਸਕੂਲ ਦੇ ਚੇਅਰਮੈਨ ਸੁਰਿੰਦਰ ਸ਼ਾਹੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਨੇ ਹਮੇਸ਼ਾ ਸੱਚ, ਪਿਆਰ, ਬਰਾਬਰਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਤੇ ਦੂਜਿਆਂ ਦੀ ਮਦਦ ਕਰਨ ਦੇ ਨਾਲ-ਨਾਲ ਸਮਾਜ ’ਚ ਆਪਸੀ ਸਦਭਾਵਨਾ ਬਣਾਈ ਰੱਖਣ ਦਾ ਯਤਨ ਕਰਨ। ਸਕੂਲ ਦੀ ਪ੍ਰਿੰਸੀਪਲ ਅੰਜੂ ਭਾਟੀਆ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਉਨੀਆਂ ਹੀ ਸਾਰਥਕ ਹਨ, ਜਿੰਨੀਆਂ ਉਨ੍ਹਾਂ ਦੇ ਸਮੇਂ ਵਿੱਚ ਸਨ। ਉਨ੍ਹਾਂ ਵੱਲੋਂ ਦਿੱਤੇ ਗਏ ਤਿੰਨ ਮਹਾਨ ਸਿਧਾਂਤ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਸਾਨੂੰ ਇੱਕ ਆਦਰਸ਼ ਜੀਵਨ ਜਿਊਣ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਇਮਾਨਦਾਰੀ, ਨਿਮਰਤਾ ਤੇ ਪਰਉਪਕਾਰ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਮੈਨੇਜਮੈਂਟ ਮੈਂਬਰ ਡਾ. ਪੂਜਾ ਸ਼ਾਹੀ ਸਹਿਗਲ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਉਨ੍ਹਾਂ ਦੇ ਅਧਿਆਤਮਿਕ ਵਿਚਾਰਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਗੁਰੂ ਜੀ ਨੇ ਹਮੇਸ਼ਾ ਮਨੁੱਖਤਾ ਨੂੰ ਸਭ ਤੋਂ ਉੱਪਰ ਰੱਖਿਆ ਤੇ ਸਮਾਜ ’ਚ ਫੈਲੇ ਭੇਦਭਾਵ ਅਤੇ ਅਸਮਾਨਤਾ ਨੂੰ ਦੂਰ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਬੱਚਿਆਂ ਨੂੰ ਸਮਝਾਇਆ ਕਿ ਸੱਚੀ ਸਿੱਖਿਆ ਉਹੀ ਹੈ ਜੋ ਸਾਨੂੰ ਇੱਕ ਚੰਗਾ ਇਨਸਾਨ ਬਣਾਉਂਦੀ ਹੈ। ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਤੇ ਪਿਆਰ, ਦਇਆ, ਸੇਵਾ ਅਤੇ ਸਹਿਯੋਗ ਦੀ ਭਾਵਨਾ ਨਾਲ ਜੀਵਨ ਬਤੀਤ ਕਰਨਾ ਚਾਹੀਦਾ ਹੈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਮਹਾਨ ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਨਾਲ ਜੋੜਨਾ ਅਤੇ ਉਨ੍ਹਾਂ ਵਿੱਚ ਸੇਵਾ, ਨਿਮਰਤਾ ਅਤੇ ਮਨੁੱਖਤਾ ਵਰਗੇ ਨੈਤਿਕ ਗੁਣਾਂ ਦਾ ਵਿਕਾਸਕਰਨਾ ਸੀ। ਅੰਤ ’ਚ ਸਾਰਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਦਾ ਸੰਕਲਪ ਲਿਆ। ਸਕੂਲ ’ਚ ਆਯੋਜਿਤ ਇਹ ਸਮਾਗਮ ਸ਼ਰਧਾ, ਭਗਤੀ, ਸੱਭਿਆਚਾਰਕ ਸ਼ਮੂਲੀਅਤ ਤੇ ਅਧਿਆਤਮਿਕ ਪ੍ਰੇਰਨਾ ਦਾ ਇੱਕ ਸੁੰਦਰ ਸੰਗਮ ਸਾਬਤ ਹੋਇਆ।