- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਇਹ ਕਾਰਵਾਈ ਪਿੰਡ ਧੌਲ ਖੁਰਦ ਦੇ ਇਕ ਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਅਮਲ ’ਚ ਲਿਆਂਦੀ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸ ਦੇ ਮਾਪਿਆਂ ਦੀ 2016 ’ਚ ਮੌਤ ਹੋ ਚੁੱਕੀ ਹੈ ਤੇ ਉਸ ਦੀ ਮਾਤਾ ਦੇ ਨਾਮ 'ਤੇ ਪਿੰਡ ਧੌਲ ਖੁਰਦ ’ਚ ਤਿੰਨ ਬਿਸਵੇ ਦਾ ਇਕ ਪਲਾਟ ਦਰਜ ਹੈ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਇਕ ਹੋਰ ਸਰਕਾਰੀ ਮੁਲਾਜ਼ਮ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ। ਇਸ ਕਾਰਵਾਈ ਦੌਰਾਨ ਲੁਧਿਆਣਾ ਦੇ ਮਾਲ ਹਲਕਾ ਧੌਲ ਖੁਰਦ ’ਚ ਤਾਇਨਾਤ ਪਟਵਾਰੀ ਗੁਰਜੀਤ ਸਿੰਘ ਨੂੰ 3500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਇਹ ਕਾਰਵਾਈ ਪਿੰਡ ਧੌਲ ਖੁਰਦ ਦੇ ਇਕ ਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਅਮਲ ’ਚ ਲਿਆਂਦੀ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸ ਦੇ ਮਾਪਿਆਂ ਦੀ 2016 ’ਚ ਮੌਤ ਹੋ ਚੁੱਕੀ ਹੈ ਤੇ ਉਸ ਦੀ ਮਾਤਾ ਦੇ ਨਾਮ 'ਤੇ ਪਿੰਡ ਧੌਲ ਖੁਰਦ ’ਚ ਤਿੰਨ ਬਿਸਵੇ ਦਾ ਇਕ ਪਲਾਟ ਦਰਜ ਹੈ। ਇਸ ਜਾਇਦਾਦ ਦਾ ਵਿਰਾਸਤੀ ਇੰਤਕਾਲ ਉਸ ਤੇ ਉਸ ਦੇ 6 ਭੈਣ-ਭਰਾਵਾਂ ਦੇ ਨਾਮ ਕੀਤਾ ਜਾਣਾ ਸੀ।
ਸ਼ਿਕਾਇਤਕਰਤਾ ਨੇ ਇੰਤਕਾਲ ਲਈ ਲੋੜੀਂਦੇ ਸਾਰੇ ਦਸਤਾਵੇਜ਼ ਪਟਵਾਰੀ ਗੁਰਜੀਤ ਸਿੰਘ ਨੂੰ ਸੌਂਪ ਦਿੱਤੇ। ਦੋਸ਼ ਹੈ ਕਿ ਦਸਤਾਵੇਜ਼ ਪ੍ਰਾਪਤ ਕਰਨ ਤੋਂ ਬਾਅਦ ਪਟਵਾਰੀ ਨੇ ਇੰਤਕਾਲ ਦੀ ਕਾਰਵਾਈ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਕਾਫ਼ੀ ਗੱਲਬਾਤ ਤੋਂ ਬਾਅਦ ਇਹ ਸੌਦਾ 3500 ਰੁਪਏ ’ਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਨਾਲ ਸਬੰਧਤ ਗੱਲਬਾਤ ਨੂੰ ਵੀ ਰਿਕਾਰਡ ਕਰ ਲਿਆ। ਰਿਸ਼ਵਤ ਦੇਣ ਦੀ ਬਜਾਏ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕਰ ਕੇ ਪੂਰੇ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਯੋਜਨਾਬੱਧ ਢੰਗ ਨਾਲ ਜਾਲ ਵਿਛਾਇਆ। ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਟੀਮ ਨੇ ਪਟਵਾਰੀ ਗੁਰਜੀਤ ਸਿੰਘ ਨੂੰ ਸ਼ਿਕਾਇਤਕਰਤਾ ਤੋਂ 3500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਨੇ ਦੋਸ਼ੀ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਤੇ ਇਹ ਵੀ ਖੰਗਾਲਿਆ ਜਾ ਰਿਹਾ ਹੈ ਕਿ ਕੀ ਦੋਸ਼ੀ ਇਸ ਤਰ੍ਹਾਂ ਦੀਆਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ’ਚ ਵੀ ਸ਼ਾਮਲ ਰਿਹਾ ਹੈ।