ਪਾਣੀ ਤੇ ਬਿਜਲੀ ਦੀ ਸਪਲਾਈ ਬੰਦ ਹੋਣ ਤੋਂ ਦੁਖੀ ਲੋਕਾਂ ਵੱਲੋਂ ਹਾਈਵੇ ’ਤੇ ਚੱਕਾ ਜ਼ਾਮ

-ਚੱਕਾ ਜਾਮ ਕਰ ਕੇ ਲੋਕਾਂ ਤੇ ਵਾਹਨ ਚਾਲਕਾਂ ਨੂੰ ਹੋਣਾ ਪਿਆ ਖੱਜਲ-ਖੁਆਰ
-ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਤਲਵਾੜ ਵੱਲੋਂ ਧਰਨੇ ਦੀ ਹਮਾਇਤ
---
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਜੈ ਸ਼ਕਤੀ ਨਗਰ ਦੇ ਵਸਨੀਕਾਂ ਵੱਲੋਂ ਪਿਛਲੇ ਇੱਕ ਹਫ਼ਤੇ ਤੋਂ ਪਾਣੀ ਦੀ ਸਪਲਾਈ ਅਤੇ ਬਿਜਲੀ ਬੰਦ ਹੋਣ ਕਾਰਨ ਟਿੱਬਾ ਰੋਡ ਹਾਈਵੇ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸੜਕ ’ਤੇ ਚੱਕਾ ਜ਼ਾਮ ਹੋਣ ਕਰਕੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨ ਪਿਆ ਅਤੇ ਵਾਹਨ ਚਾਲਕ ਕਾਫ਼ੀ ਖੱਜਲ ਖੁਆਰ ਹੋਏ। ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਤੇ ਪਿੱਟ ਸਿਆਪਾ ਕੀਤਾ। ਧਰਨੇ ਦੌਰਾਨ ਲੋਕਾਂ ਨੇ ਮੌਜੂਦਾ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਦੇ ਖ਼ਿਲਾਫ਼ ਵੀ ਜੰਮ ਕੇ ਨਾਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਪਾਣੀ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਧਰਨੇ ਦੀ ਅਗਵਾਈ ਰੋਹਿਤ ਅਰੋੜਾ ਨੇ ਕੀਤੀ ਅਤੇ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ, ਬਜ਼ੁਰਗ ਮਾਤਾਵਾਂ ਅਤੇ ਬੱਚਿਆਂ ਨੇ ਸ਼ਮੂਲੀਅਤ ਕੀਤੀ। ਲੋਕਾਂ ਦਾ ਕਹਿਣਾ ਸੀ ਕਿ ਪਿਛਲੇ ਕਈ ਦਿਨਾਂ ਤੋਂ ਪਾਣੀ ਨਾ ਆਉਣ ਕਾਰਨ ਉਹਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰੰਤੂ ਪ੍ਰਸ਼ਾਸਨ ਵੱਲੋਂ ਕੋਈ ਵੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਰਾਹਤ ਪ੍ਰਦਾਨ ਕੀਤੀ ਗਈ ਹੈ।
---
ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ’ਚ ਸਰਕਾਰ ਨਾਕਾਮ : ਸੰਜੇ ਤਲਵਾੜ
ਸਾਬਕਾ ਵਿਧਾਇਕ ਹਲਕਾ ਲੁਧਿਆਣਾ ਪੂਰਬੀ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਸੰਜੇ ਤਲਵਾੜ ਵੀ ਧਰਨੇ ਵਿੱਚ ਸ਼ਾਮਿਲ ਹੋਏ ਅਤੇ ਪੰਜਾਬ ਸਰਕਾਰ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਜਨਤਾ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਇਸ ਇਲਾਕੇ ਦੇ 6 ਕੌਂਸਲਰ ਆਪ ਨਾਲ ਸਬੰਧਤ ਹਨ। ਪਰ ਕਿਸੇ ਨੇ ਵੀ ਇਹਨਾਂ ਦੀ ਪੀਣ ਵਾਲੇ ਪਾਣੀ ਤੇ ਬਿਜਲੀ ਸਪਲਾਈ ਦੀ ਸਮੱਸਿਆ ਦਾ ਹੱਲ ਕਰਨ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ ਅਤੇ ਨਾ ਹੀ ਕਿਸੇ ਰੋਸ ਧਰਨੇ ’ਤੇ ਬੈਠੇ ਲੋਕਾਂ ਨਾਲ ਮੁਲਾਕਾਤ ਕਰਨੀ ਜ਼ਰੂਰੀ ਸਮਝੀ ਹੈ। ਉਨ੍ਹਾਂ ਕਿਹਾ ਕਿ ਉਹ ਲੁਧਿਆਣਾ ਸ਼ਹਿਰ ਦੇ ਹਰ ਉਸ ਨਾਗਰਿਕ ਨਾਲ ਖੜ੍ਹੇ ਹਨ, ਜਿੰਨ੍ਹਾਂ ਨਾਲ ਧੱਕਾ ਹੋ ਰਿਹਾ ਹੈ, ਜਿੰਨ੍ਹਾਂ ਨੂੰ ਪੀਣ ਵਾਲਾ ਪਾਣੀ, ਬਿਜਲੀ ਸਪਲਾਈ ਜਾਂ ਹੋਰ ਕੋਈ ਵੀ ਬੁਨਿਆਦੀ ਸਹੂਲਤ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਧਰਨਾ ਨੂੰ ਆਪਣੀ ਹਮਾਇਤ ਹੀ ਨਹੀਂ ਦਿੱਤੀ ਗਈ, ਸਗੋਂ ਮਸਲਾ ਹੱਲ ਹੋਣ ਤੱਕ ਉਹ ਲੋਕਾਂ ਦੇ ਨਾਲ ਖੜ੍ਹੇ ਹਨ।