ਪੈਟਰੋਲ-ਡੀਜ਼ਲ ਦੀ ਮਹਿੰਗਾਈ ਨੇ ਲੋਕਾਂ ਦਾ ਬਜਟ ਵਿਗਾੜਿਆ, ਕਿਸਾਨਾਂ ‘ਤੇ ਵੀ ਪਵੇਗਾ ਵਾਧੂ ਬੋਝ : ਵਿਧਾਇਕ ਕੁਲਵੰਤ ਸਿੰਘ ਸਿੱਧੂ

ਕਿਹਾ, ਭਾਜਪਾ ਅਗਵਾਈ ਵਾਲੀ ਕੇਂਦਰ ਸਰਕਾਰ ਮਹਿੰਗਾਈ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ
---
ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ
ਮਹਾਨਗਰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋ ਰਹੇ ਲਗਾਤਾਰ ਵਾਧੇ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਤਿੱਖਾ ਸ਼ਬਦੀ ਹਮਲਾ ਬੋਲਿਆ ਹੈ। ਸੋਮਵਾਰ ਨੂੰ ਕੀਤੀ ਇੱਕ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਆਮ ਆਦਮੀ ਦੀ ਕਮਰ ਟੁੱਟ ਚੁੱਕੀ ਹੈ ਅਤੇ ਮਹਿੰਗਾਈ ਨੇ ਘਰੇਲੂ ਬਜਟ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਅਗਵਾਈ ਵਾਲੀ ਕੇਂਦਰ ਸਰਕਾਰ ਮਹਿੰਗਾਈ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ।
ਵਿਧਾਇਕ ਸਿੱਧੂ ਨੇ ਕਿਹਾ ਕਿ ਪਹਿਲਾਂ ਹੀ ਰੋਜ਼ਾਨਾ ਦੀਆਂ ਜ਼ਰੂਰਤਾਂ ਦੀਆਂ ਵੱਧ ਰਹੀਆਂ ਕੀਮਤਾਂ ਨਾਲ ਲੋਕ ਪ੍ਰੇਸ਼ਾਨ ਹਨ, ਉੱਪਰੋਂ ਪੈਟਰੋਲ ਅਤੇ ਡੀਜ਼ਲ ਦੇ ਭਾਅ ਵਿੱਚ ਹੋ ਰਹੇ ਵਾਧੇ ਨੇ ਮੱਧ ਵਰਗ ਅਤੇ ਗਰੀਬ ਪਰਿਵਾਰਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਹਰ ਵਰਗ ਦਾ ਵਿਅਕਤੀ ਇਸ ਮਹਿੰਗਾਈ ਦੀ ਮਾਰ ਝੱਲ ਰਿਹਾ ਹੈ ਅਤੇ ਲੋਕਾਂ ਲਈ ਘਰ ਦਾ ਖਰਚ ਚਲਾਉਣਾ ਵੀ ਔਖਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਫਰਜ਼ ਹੁੰਦਾ ਹੈ ਕਿ ਔਖੇ ਸਮੇਂ ਵਿੱਚ ਲੋਕਾਂ ਨੂੰ ਰਾਹਤ ਦਿੱਤੀ ਜਾਵੇ, ਪਰ ਕੇਂਦਰ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣ ਦੀ ਬਜਾਏ ਚੁੱਪ ਬੈਠੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਕਾਰਨ ਮਹਿੰਗਾਈ ਲਗਾਤਾਰ ਵੱਧ ਰਹੀ ਹੈ ਅਤੇ ਆਮ ਜਨਤਾ ਆਰਥਿਕ ਦਬਾਅ ਹੇਠ ਜੀਵਨ ਬਿਤਾਉਣ ਲਈ ਮਜਬੂਰ ਹੋ ਰਹੀ ਹੈ। ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਆਉਣ ਵਾਲੇ ਝੋਨੇ ਦੇ ਸੀਜ਼ਨ ਨੂੰ ਲੈ ਕੇ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਡੀਜ਼ਲ ਮਹਿੰਗਾ ਹੋਣ ਨਾਲ ਕਿਸਾਨਾਂ ਨੂੰ ਟਰੈਕਟਰਾਂ, ਟਿਊਬਵੈੱਲਾਂ ਅਤੇ ਹੋਰ ਖੇਤੀਬਾੜੀ ਮਸ਼ੀਨਰੀ ਚਲਾਉਣ ਲਈ ਵਧੇਰੇ ਖਰਚ ਕਰਨਾ ਪਵੇਗਾ। ਇਸ ਨਾਲ ਖੇਤੀ ਦੀ ਲਾਗਤ ਵਧੇਗੀ ਅਤੇ ਕਿਸਾਨਾਂ ‘ਤੇ ਵਾਧੂ ਆਰਥਿਕ ਬੋਝ ਪਵੇਗਾ।
ਉਨ੍ਹਾਂ ਨੇ ਕਿਹਾ ਕਿ ਡੀਜ਼ਲ ਦੀਆਂ ਵਧੀਆਂ ਕੀਮਤਾਂ ਕਾਰਨ ਆਵਾਜਾਈ ਖਰਚ ਵੀ ਵਧੇਗਾ, ਜਿਸ ਦਾ ਸਿੱਧਾ ਅਸਰ ਸਬਜ਼ੀਆਂ, ਫਲਾਂ, ਅਨਾਜ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ‘ਤੇ ਪਵੇਗਾ। ਉਨ੍ਹਾਂ ਮੁਤਾਬਕ ਕਿਸਾਨਾਂ, ਮਜ਼ਦੂਰਾਂ, ਦਿਹਾੜੀਦਾਰਾਂ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਇਸ ਦਾ ਸਭ ਤੋਂ ਵੱਧ ਨੁਕਸਾਨ ਝੱਲਣਾ ਪਵੇਗਾ। ਅੰਤ ਵਿੱਚ ਵਿਧਾਇਕ ਸਿੱਧੂ ਨੇ ਕੇਂਦਰ ਸਰਕਾਰ ਤੋਂ ਤੁਰੰਤ ਦਖਲ ਦੇ ਕੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ ਕਾਬੂ ਪਾਉਣ ਅਤੇ ਲੋਕਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ।