ਸੂਬਾ ਪੱਧਰੀ ਮੀਟਿੰਗ ’ਚ ਸੰਘਰਸ਼ ਤੇਜ਼ ਕਰਨ ਲਈ ਹੋਈ ਵਿਉਂਤਬੰਦੀ
ਸੂਬਾ ਪੱਧਰੀ ਮੀਟਿੰਗ ਦੌਰਾਨ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਕੀਤੀ ਵਿਉਂਤਬੰਦੀ
Publish Date: Wed, 06 May 2026 06:39 PM (IST)
Updated Date: Thu, 07 May 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਲੁਧਿਆਣਾ
ਪੰਜਾਬ ਸੁਬਾਰਾਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਸੂਬਾ ਫੈਡਰਲ ਕੌਸਲ ਦੀ ਮੀਟਿੰਗ ਰੇਲਵੇ ਦੇ ਦਫਤਰ ਲੁਧਿਆਣਾ ਵਿਖੇ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਫੈਡਰਲ ਕੌਂਸਲ ਦੇ ਮੈਂਬਰਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਜੱਥੇਬੰਦੀ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਵਲੋਂ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਪਿਛਲੇ ਕੀਤੇ ਐਕਸ਼ਨਾਂ ਦਾ ਰੀਵਿਊ ਕੀਤਾ ਗਿਆ।
ਇਸ ਉਪਰੰਤ ਜੱਥੇਬੰਦੀ ਨੂੰ ਮਜ਼ਬੂਤ ਕਰਨ ਲਈ ਵੱਖ ਵੱਖ ਆਗੂਆਂ ਵੱਲੋਂ ਆਪਣੇ ਆਪਣੇ ਵਿਚਾਰ ਪੇਸ਼ ਕੀਤੇ ਗਏ, ਵਿਭਾਗੀ ਜੱਥੇਬੰਦੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਉਪਰੰਤ ਅਗਲੇ ਸੰਘਰਸ਼ਾਂ ਦਾ ਐਲਾਨ ਕੀਤਾ ਗਿਆ ਜਿਸ ਅਨੁਸਾਰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ 17 ਮਈ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੀਤੀ ਜਾ ਰਹੀ ਪ੍ਰਤੀਨਿੱਧ ਕਨਵੈਨਸ਼ਨ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਮੁਲਾਜ਼ਮਾਂ ਦੀ ਸ਼ਮੂਲੀਅਤ ਕਰਵਾਉਣ ਸਬੰਧੀ ਪ੍ਰੋਗਰਾਮ ਉਲੀਕਿਆ ਗਿਆ, ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਵਲੋਂ 27 ਮਈ ਨੂੰ ਜਲੰਧਰ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਕਨਵੈਨਸ਼ਨ ਦੀ ਤਿਆਰੀ ਕੀਤੀ ਗਈ, ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਭਵਿੱਖ ਵਿੱਚ ਕੀਤੇ ਜਾ ਰਹੇ ਐਕਸ਼ਨਾਂ ਦੀ ਤਿਆਰੀ ਕੀਤੀ ਗਈ, ਮਿਡ ਡੇ ਮੀਲ ਵਰਕਰਜ਼ ਯੂਨੀਅਨ ਵਲੋਂ 9 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ ਅਨੰਦਪੁਰ ਸਾਹਿਬ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਵਰਕਰਾਂ ਦੀ ਸ਼ਮੂਲੀਅਤ ਕਰਵਾਉਣ ਸਬੰਧੀ ਡਿਊਟੀਆਂ ਲਗਾਈਆਂ ਗਈਆਂ।ਜੱਥੇਬੰਦੀ ਦੇ ਸੂਬਾ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਵਲੋਂ ਜਥੇਬੰਦੀ ਦੇ ਖ਼ਰਚਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਦੇ ਅੰਤ ਵਿੱਚ ਸੂਬਾ ਪ੍ਰਧਾਨ ਵਲੋਂ ਧੰਨਵਾਦ ਕਰਦਿਆਂ ਇਹਨਾਂ ਐਕਸ਼ਨਾਂ ਨੂੰ ਕਾਮਯਾਬ ਕਰਨ ਲਈ 23-24 ਮਈ ਨੂੰ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਨ ਦੀ ਹਿਦਾਇਤ ਕੀਤੀ ਗਈ। ਮੀਟਿੰਗ ਵਿੱਚ ਉਪਰੋਕਤ ਆਗੂਆਂ ਤੋਂ ਇਲਾਵਾ ਸੁਖਵਿੰਦਰ ਸਿੰਘ ਚਾਹਲ, ਲਖਵਿੰਦਰ ਖਾਨਪੁਰ, ਜਤਿੰਦਰ ਕੁਮਾਰ, ਅਮਨਦੀਪ ਸ਼ਰਮਾ, ਬਲਵਿੰਦਰ ਭੁੱਟੋ, ਗੁਰਵਿੰਦਰ ਸਿੰਘ ਸਸਕੌਰ, ਕੁਲਦੀਪ ਦੌੜਕਾ, ਸੁੱਚਾ ਸਿੰਘ ਟਰਪਈ, ਪ੍ਰਿਤਪਾਲ ਸਿੰਘ, ਮਨੋਹਰ ਲਾਲ ਸ਼ਰਮਾ, ਰਜੇਸ਼ ਕੁਮਾਰ ਅਮਲੋਹ, ਧਰਮਿੰਦਰ ਸਿੰਘ ਭੰਗੂ ਆਦਿ ਆਗੂ ਵੀ ਹਾਜ਼ਰ ਸਨ।