ਮਨਰੇਗਾ ਮੁਲਾਜ਼ਮਾਂ ’ਤੇ ਪੁਲਿਸ ਕਾਰਵਾਈ ਲੋਕਤੰਤਰ ’ਤੇ ਹਮਲਾ, ਸਰਕਾਰ ਤੇ ਮੰਤਰੀ ਸੌਂਦ ਜਵਾਬ ਦੇਣ ਮਨਰੇਗਾ ਮੁਲਾਜ਼ਮਾਂ 'ਤੇ ਪੁਲਿਸ ਕਾਰਵਾਈ ਲੋਕਤੰਤਰ 'ਤੇ ਹਮਲਾ, ਸਰਕਾਰ ਤੇ ਮੰਤਰੀ ਸੌਂਦ ਜਵਾਬ ਦੇਣ
Publish Date: Mon, 20 Jul 2026 08:35 PM (IST)
Updated Date: Mon, 20 Jul 2026 08:37 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖੰਨਾ : ਸ਼੍ਰੋਮਣੀ ਅਕਾਲੀ ਦਲ ਸਰਕਲ ਖੰਨਾ ਦਿਹਾਤੀ ਦੇ ਪ੍ਰਧਾਨ ਪਵਨਜੋਤ ਸਿੰਘ ਹਰਿਓ, ਅਕਾਲੀ ਦਲ ਵਾਰਿਸ ਪੰਜਾਬ ਦੇ ਖੰਨਾ ਤੋਂ ਸੀਨੀਅਰ ਆਗੂ ਗੁਰਜੀਤ ਸਿੰਘ ਢਿੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਾਰਡ 12 ਦੇ ਇੰਚਾਰਜ ਭੁਪਿੰਦਰ ਸਿੰਘ ਸਰਾਂ ਨੇ ਮਨਰੇਗਾ ਮੁਲਾਜ਼ਮਾਂ ’ਤੇ ਹੋਈ ਪੁਲਿਸ ਕਾਰਵਾਈ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨਾਲ ਇਸ ਤਰ੍ਹਾਂ ਦਾ ਵਤੀਰਾ ਕਿਸੇ ਵੀ ਲੋਕਤੰਤਰੀ ਸਰਕਾਰ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਲਾਠੀਚਾਰਜ, ਅੱਥਰੂ ਗੈਸ, ਪਾਣੀ ਦੀਆਂ ਬੌਛਾੜਾਂ ਅਤੇ ਹੁਣ ਵੱਡੀ ਗਿਣਤੀ ’ਚ ਗ੍ਰਿਫ਼ਤਾਰੀਆਂ ਕਰਕੇ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਪਣੀ ਆਵਾਜ਼ ਉਠਾਉਣ ਵਾਲਿਆਂ ਨੂੰ ਦਬਾਉਣ ਦੀ ਨੀਤੀ ’ਤੇ ਚੱਲ ਰਹੀ ਹੈ। ਇਸ ਮੌਕੇ ਗੁਰਜੀਤ ਸਿੰਘ ਢਿੱਲੋਂ, ਪਵਨਜੋਤ ਸਿੰਘ ਤੇ ਭੁਪਿੰਦਰ ਸਿੰਘ ਨੇ ਕਿਹਾ ਕਿ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਪਹਿਲਾਂ ਮਨਰੇਗਾ ਮੁਲਾਜ਼ਮਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਸੀ, ਪਰ ਕੁਝ ਹੀ ਦਿਨਾਂ ਬਾਅਦ ਹਾਲਾਤ ਮੁੜ ਟਕਰਾਅ ਵਾਲੇ ਬਣ ਗਏ। ਜੇਕਰ ਸਰਕਾਰ ਅਤੇ ਮੰਤਰੀ ਗੰਭੀਰ ਹੁੰਦੇ ਤਾਂ ਅੱਜ ਮੁਲਾਜ਼ਮਾਂ ਨੂੰ ਸੜਕਾਂ ਤੇ ਉਤਰਣ ਤੇ ਗ੍ਰਿਫ਼ਤਾਰੀਆਂ ਦੇਣ ਲਈ ਮਜਬੂਰ ਨਾ ਹੋਣਾ ਪੈਂਦਾ। ਉਨ੍ਹਾਂ ਕਿਹਾ ਕਿ ਵਾਅਦੇ ਕਰ ਕੇ ਮੁਕਰ ਜਾਣਾ ਤੇ ਫਿਰ ਪੁਲਿਸ ਦੇ ਸਹਾਰੇ ਸੰਘਰਸ਼ ਨੂੰ ਦਬਾਉਣਾ ਲੋਕਾਂ ਦੇ ਭਰੋਸੇ ਨਾਲ ਧੋਖਾ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਸਰਕਾਰ ਉਨ੍ਹਾਂ ਨੂੰ ਧੱਕੇ ਨਾਲ ਚੁੱਕ ਰਹੀ ਹੈ ਅਤੇ ਜੇਲ੍ਹਾਂ ਵਿੱਚ ਭੇਜ ਰਹੀ ਹੈ, ਜੋ ਬਹੁਤ ਹੀ ਨਿੰਦਣਯੋਗ ਹੈ। ਕਿਸੇ ਵੀ ਮੁਲਾਜ਼ਮ ਨੂੰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨ ਦੀ ਸਜ਼ਾ ਨਹੀਂ ਮਿਲਣੀ ਚਾਹੀਦੀ। ਗੁਰਜੀਤ ਸਿੰਘ ਢਿੱਲੋਂ ਨੇ ਐਲਾਨ ਕੀਤਾ ਕਿ ਅਕਾਲੀ ਦਲ ਵਾਰਿਸ ਪੰਜਾਬ ਮਨਰੇਗਾ ਮੁਲਾਜ਼ਮਾਂ ਦੇ ਸੰਘਰਸ਼ ਦੇ ਨਾਲ ਡਟ ਕੇ ਖੜ੍ਹਾ ਹੈ। ਜੇਕਰ ਸਰਕਾਰ ਨੇ ਜਲਦੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਅਤੇ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਨੂੰ ਰਿਹਾਅ ਨਾ ਕੀਤਾ ਤਾਂ ਪਾਰਟੀ ਸੂਬਾ ਪੱਧਰ ’ਤੇ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਵਨਜੋਤ ਸਿੰਘ ਅਤੇ ਭੁਪਿੰਦਰ ਸਿੰਘ ਨੇ ਕਿਹਾ ਕਿ ਹੱਕਾਂ ਦੀ ਲੜਾਈ ਲੜ ਰਹੇ ਮੁਲਾਜ਼ਮਾਂ ਦੀ ਆਵਾਜ਼ ਨੂੰ ਕਿਸੇ ਵੀ ਕੀਮਤ ’ਤੇ ਦਬਾਉਣ ਨਹੀਂ ਦਿੱਤਾ ਜਾਵੇਗਾ ਤੇ ਲੋਕਤੰਤਰੀ ਢੰਗ ਨਾਲ ਉਨ੍ਹਾਂ ਦੇ ਸੰਘਰਸ਼ ਦਾ ਹਰ ਪੱਧਰ ’ਤੇ ਸਮਰਥਨ ਕੀਤਾ ਜਾਵੇਗਾ।