ਸ਼ਰਾਬ ਦੀ ਤਸਕਰੀ ਖ਼ਿਲਾਫ਼ ਪੁਲਿਸ ਦੀ ਸਖ਼ਤੀ, ਦੋ ਥਾਵਾਂ ਤੋਂ ਕਾਰਾਂ ਸਮੇਤ ਨਾਜਾਇਜ਼ ਸ਼ਰਾਬ ਬਰਾਮਦ
ਲੁਧਿਆਣਾ ’ਚ ਨਾਜਾਇਜ਼ ਸ਼ਰਾਬ ਦੀ ਤਸਕਰੀ ’ਤੇ ਨਕੇਲ ਕੱਸਦਿਆਂ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਦੋ ਵੱਡੀਆਂ ਕਾਰਵਾਈਆਂ ਕੀਤੀਆਂ ਹਨ। ਇੱਕ ਮਾਮਲੇ ’ਚ ਦੋ ਕਥਿਤ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਕਾਰ ’ਚੋਂ ਭਾਰੀ ਮਾਤਰਾ ’ਚ ਸ਼ਰਾਬ ਬਰਾਮਦ ਕੀਤੀ ਗਈ, ਜਦਕਿ ਦੂਜੇ ਮਾਮਲੇ ਵਿੱਚ ਪੁਲਿਸ ਨੂੰ ਦੇਖ ਕੇ ਤਸਕਰ ਕਾਰ ਛੱਡ ਕੇ ਫ਼ਰਾਰ ਹੋ ਗਿਆ।
Publish Date: Fri, 24 Jul 2026 11:24 AM (IST)
Updated Date: Fri, 24 Jul 2026 11:29 AM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਲੁਧਿਆਣਾ ’ਚ ਨਾਜਾਇਜ਼ ਸ਼ਰਾਬ ਦੀ ਤਸਕਰੀ ’ਤੇ ਨਕੇਲ ਕੱਸਦਿਆਂ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਦੋ ਵੱਡੀਆਂ ਕਾਰਵਾਈਆਂ ਕੀਤੀਆਂ ਹਨ। ਇੱਕ ਮਾਮਲੇ ’ਚ ਦੋ ਕਥਿਤ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਕਾਰ ’ਚੋਂ ਭਾਰੀ ਮਾਤਰਾ ’ਚ ਸ਼ਰਾਬ ਬਰਾਮਦ ਕੀਤੀ ਗਈ, ਜਦਕਿ ਦੂਜੇ ਮਾਮਲੇ ਵਿੱਚ ਪੁਲਿਸ ਨੂੰ ਦੇਖ ਕੇ ਤਸਕਰ ਕਾਰ ਛੱਡ ਕੇ ਫ਼ਰਾਰ ਹੋ ਗਿਆ।
ਦੋਵੇਂ ਮਾਮਲਿਆਂ ’ਚ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਮਾਲਪੁਰ ਪੁਲਿਸ ਨੇ ਕਾਰ ’ਚੋਂ 31 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਦੋ ਮੁਲਜ਼ਮ ਕਾਬੂ ਕੀਤੇ ਹਨ।
ਥਾਣਾ ਜਮਾਲਪੁਰ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਕਾਰਵਾਈ ਦੌਰਾਨ ਇੱਕ ਕਾਰ ਵਿੱਚੋਂ 31 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਪਿੰਡ ਫਤਿਹਗੜ੍ਹ ਮੋਗਾ ਦੇ ਵਾਸੀ ਸਤਵੰਤ ਸਿੰਘ ਅਤੇ ਗੁਰਿੰਦਰ ਸਿੰਘ ਵਜੋਂ ਹੋਈ ਹੈ।
ਪੁਲਿਸ ਮੁਤਾਬਕ ਗਸ਼ਤ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਸਾਹਿਬਾਣਾ ਪੁਲੀ ਨੇੜੇ ਨਾਕਾਬੰਦੀ ਕਰਕੇ ਵਰਨਾ ਕਾਰ ਨੂੰ ਰੋਕਿਆ ਗਿਆ। ਤਲਾਸ਼ੀ ਦੌਰਾਨ ਕਾਰ ’ਚੋਂ 17 ਪੇਟੀਆਂ ਹਾਈਸਪੀਡ ਵਿਸਕੀ, 13 ਪੇਟੀਆਂ ਜਨਤਾ ਮਸਤ ਸੋਫੀਆ ਅਤੇ ਇੱਕ ਪੇਟੀ ਜਮੀਲਾ ਸੰਤਰਾ ਬਰਾਂਡ ਦੀ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਸ਼ਰਾਬ ਅਤੇ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਦੋਵੇਂ ਮੁਲਜ਼ਮਾਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ।
ਪੁਲਿਸ ਨੂੰ ਦੇਖ ਤਸਕਰ ਕਾਰ ਛੱਡ ਕੇ ਫ਼ਰਾਰ, 10 ਪੇਟੀਆਂ ਸ਼ਰਾਬ ਬਰਾਮਦ
ਦੂਜੇ ਮਾਮਲੇ ਵਿੱਚ ਥਾਣਾ ਕੂਮਕਲਾਂ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਰਵਾਈ ਕਰਦਿਆਂ 10 ਪੇਟੀਆਂ ਨਾਜਾਇਜ਼ ਦੇਸੀ ਸ਼ਰਾਬ ਅਤੇ ਇੱਕ ਸਵਿਫਟ ਕਾਰ ਬਰਾਮਦ ਕੀਤੀ ਹੈ। ਹਾਲਾਂਕਿ ਕਾਰ ਚਾਲਕ ਪੁਲਿਸ ਨੂੰ ਦੇਖ ਕੇ ਮੌਕੇ ਤੋਂ ਫ਼ਰਾਰ ਹੋ ਗਿਆ।
ਪੁਲਿਸ ਅਨੁਸਾਰ ਗਸ਼ਤ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਕੋਟ ਗੰਗੂ ਰਾਏ ਨੇੜੇ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਚਿੱਟੇ ਰੰਗ ਦੀ ਦਿੱਲੀ ਨੰਬਰ ਸਵਿਫਟ ਕਾਰ ਆਉਂਦੀ ਨਜ਼ਰ ਆਈ। ਪੁਲਿਸ ਨੂੰ ਦੇਖਦੇ ਹੀ ਚਾਲਕ ਕਾਰ ਛੱਡ ਕੇ ਫ਼ਰਾਰ ਹੋ ਗਿਆ। ਤਲਾਸ਼ੀ ਲੈਣ ’ਤੇ ਕਾਰ ’ਚੋਂ 10 ਪੇਟੀਆਂ ਸੌਂਫੀ ਮਾਰਕਾ ਦੇਸੀ ਸ਼ਰਾਬ ਬਰਾਮਦ ਹੋਈ।
ਪੁਲਿਸ ਨੇ ਕਾਰ ਅਤੇ ਸ਼ਰਾਬ ਨੂੰ ਕਬਜ਼ੇ ਵਿੱਚ ਲੈ ਕੇ ਅਣਪਛਾਤੇ ਤਸਕਰ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।