- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੂਜੇ ਪਾਸੇ, ਗੁਰਵਿੰਦਰ ਸਿੰਘ ਨੇ ਸਬ-ਇੰਸਪੈਕਟਰ ਵੱਲੋਂ ਪੈਸਿਆਂ ਦੀ ਮੰਗ ਕਰਨ ਦੀ ਵੀਡੀਓ ਰਿਕਾਰਡ ਕਰ ਲਈ ਸੀ। ਇਸ ਵੀਡੀਓ ਦੇ ਆਧਾਰ ’ਤੇ ਉਸ ਦੀ ਪਤਨੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਅਧਿਕਾਰੀਆਂ ਵੱਲੋਂ ਮੁੱਢਲੀ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਸਬ-ਇੰਸਪੈਕਟਰ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੇ ਹੁਕਮ ਦਿੱਤੇ ਗਏ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਨਸ਼ਾ ਤਸਕਰੀ ਦੇ ਦੋਸ਼ ਹੇਠ ਫੜੇ ਗਏ ਇਕ ਵਿਅਕਤੀ ਤੋਂ ਕਥਿਤ ਤੌਰ ’ਤੇ 20 ਹਜ਼ਾਰ ਰੁਪਏ ਮੰਗਣ ਦੇ ਦੋਸ਼ਾਂ ਹੇਠ ਮਰਾਡੋ ਪੁਲਿਸ ਚੌਕੀ ਵਿਚ ਤਾਇਨਾਤ ਸਬ-ਇੰਸਪੈਕਟਰ ਖੁਦ ਕਾਨੂੰਨੀ ਸ਼ਿਕੰਜੇ ਵਿਚ ਫਸ ਗਿਆ। ਹੈਰਾਨੀ ਦੀ ਗੱਲ ਇਹ ਹੈ ਕਿ ਜਿਸ ਪੁਲਿਸ ਮੁਲਾਜ਼ਮ ਨੇ 4 ਗ੍ਰਾਮ ਹੈਰੋਇਨ ਸਣੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ, ਉਸੇ ਨੇ ਕਥਿਤ ਤੌਰ ’ਤੇ ਉਸ ਨੂੰ ਸਖ਼ਤ ਕਾਨੂੰਨੀ ਕਾਰਵਾਈ ਤੋਂ ਬਚਾਉਣ ਅਤੇ ਅਦਾਲਤ ਵਿਚੋਂ ਜ਼ਮਾਨਤ ਦਿਵਾਉਣ ਵਿਚ ਮਦਦ ਕਰਨ ਬਦਲੇ 20 ਹਜ਼ਾਰ ਰੁਪਏ ਦੀ ਮੰਗ ਕਰ ਦਿੱਤੀ। ਹਾਲਾਂਕਿ, ਮੁਲਜ਼ਮ ਗੁਰਵਿੰਦਰ ਸਿੰਘ ਉਰਫ਼ ਗੈਵੀ ਨੇ ਸਬ-ਇੰਸਪੈਕਟਰ ਵੱਲੋਂ ਪੈਸੇ ਮੰਗਣ ਦੀ ਵੀਡੀਓ ਆਪਣੇ ਮੋਬਾਈਲ ਵਿਚ ਰਿਕਾਰਡ ਕਰ ਲਈ। ਇਸ ਤੋਂ ਬਾਅਦ ਉਸ ਦੀ ਪਤਨੀ ਨੇ ਪੁਲਿਸ ਅਧਿਕਾਰੀਆਂ ਕੋਲ ਸ਼ਿਕਾਇਤ ਪਹੁੰਚਾ ਕੇ ਮਾਮਲੇ ਨੂੰ ਉਜਾਗਰ ਕੀਤਾ। ਮੁੱਢਲੀ ਜਾਂਚ ਤੋਂ ਬਾਅਦ ਸਦਰ ਥਾਣੇ ਵਿਚ ਸਬ-ਇੰਸਪੈਕਟਰ ਹਰਬੰਸ ਸਿੰਘ ਖ਼ਿਲਾਫ਼ ਜਬਰੀ ਵਸੂਲੀ ਦਾ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਨਾਲ ਹੀ ਉਸ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ, ਰਾਏਕੋਟ ਦੇ ਪਿੰਡ ਜਲਾਲਦੀਵਾਲ ਦਾ ਰਹਿਣ ਵਾਲੇ ਗੁਰਵਿੰਦਰ ਸਿੰਘ ਉਰਫ਼ ਗੈਵੀ ਮਰਾਡੋ ਨੂੰ ਪੁਲਿਸ ਵੱਲੋਂ ਗਿੱਲ ਰਿੰਗ ਰੋਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਣ ਦਾ ਦਾਅਵਾ ਕਰਦਿਆਂ ਉਸ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਸੀ। ਇਸੇ ਮਾਮਲੇ ਵਿਚ ਕਾਰਵਾਈ ਅੱਗੇ ਵਧਾਉਣ ਦੌਰਾਨ ਸਬ-ਇੰਸਪੈਕਟਰ ਹਰਬੰਸ ਸਿੰਘ ਵੱਲੋਂ ਕਥਿਤ ਤੌਰ ’ਤੇ ਪੈਸਿਆਂ ਦੀ ਮੰਗ ਕਰਨ ਦਾ ਮਾਮਲਾ ਸਾਹਮਣੇ ਆਇਆ। ਗੁਰਵਿੰਦਰ ਸਿੰਘ ਦੀ ਪਤਨੀ ਕਮਲਦੀਪ ਕੌਰ ਨੇ ਸ਼ਿਕਾਇਤ ਦਿੱਤੀ ਕਿ ਪਹਿਲੀ ਨਵੰਬਰ ਨੂੰ ਸਬ-ਇੰਸਪੈਕਟਰ ਨੇ ਉਸ ਨੂੰ ਮਰਾਡੋ ਪੁਲਿਸ ਚੌਕੀ ਵਿਖੇ ਬੁਲਾਇਆ ਸੀ। ਜਦੋਂ ਉਹ ਪੁਲਿਸ ਚੌਕੀ ’ਚ ਪਹੁੰਚੀ ਤਾਂ ਉਸ ਨੂੰ ਦੱਸਿਆ ਗਿਆ ਕਿ ਉਸ ਦੇ ਪਤੀ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਸਬ-ਇੰਸਪੈਕਟਰ ਨੇ ਕਥਿਤ ਤੌਰ ’ਤੇ ਉਸ ਤੋਂ 20 ਹਜ਼ਾਰ ਰੁਪਏ ਦੀ ਮੰਗ ਕੀਤੀ। ਸ਼ਿਕਾਇਤ ਅਨੁਸਾਰ ਪੈਸੇ ਨਾ ਦੇਣ ਦੀ ਸੂਰਤ ਵਿਚ ਉਸ ਦੇ ਪਤੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਧਮਕੀ ਵੀ ਦਿੱਤੀ ਗਈ।
ਦੂਜੇ ਪਾਸੇ, ਗੁਰਵਿੰਦਰ ਸਿੰਘ ਨੇ ਸਬ-ਇੰਸਪੈਕਟਰ ਵੱਲੋਂ ਪੈਸਿਆਂ ਦੀ ਮੰਗ ਕਰਨ ਦੀ ਵੀਡੀਓ ਰਿਕਾਰਡ ਕਰ ਲਈ ਸੀ। ਇਸ ਵੀਡੀਓ ਦੇ ਆਧਾਰ ’ਤੇ ਉਸ ਦੀ ਪਤਨੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਅਧਿਕਾਰੀਆਂ ਵੱਲੋਂ ਮੁੱਢਲੀ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਸਬ-ਇੰਸਪੈਕਟਰ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੇ ਹੁਕਮ ਦਿੱਤੇ ਗਏ। ਏਡੀਸੀਪੀ ਸਿਟੀ-2 ਜਸਕਰਨ ਸਿੰਘ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਸਦਰ ਥਾਣੇ ਵਿਚ ਮੁਕੱਦਮਾ ਦਰਜ ਕੀਤਾ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸਬ-ਇੰਸਪੈਕਟਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।