ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵੱਲੋਂ ਪਰਿਵਾਰ ਤੋਂ ਖੋਹਣਾ ਸ਼ਰਮਨਾਕ : ਇਆਲੀ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵੱਲੋਂ ਪਰਿਵਾਰ ਤੋ ਖੋਹਣਾ ਸ਼ਰਮਨਾਕ - ਇਆਲੀ
Publish Date: Tue, 27 Oct 2026 08:44 PM (IST)
Updated Date: Tue, 27 Oct 2026 08:46 PM (IST)
ਸੁਰਿੰਦਰ ਅਰੋੜਾ, ਪੰਜਾਬੀ ਜਾਗਰਣ, ਮੁੱਲਾਂਪੁਰ ਦਾਖਾ: ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦੀ ਨਸ਼ੇ ਨਾਲ ਹੋਈ ਮੌਤ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਪਰਿਵਾਰ ਵੱਲੋਂ ਕੀਤੀ ਜਾ ਰਹੀ ਇਨਸਾਫ਼ ਦੀ ਮੰਗ ਦੌਰਾਨ ਪੁਲਿਸ ਵੱਲੋਂ ਮ੍ਰਿਤਕ ਦੇਹ ਨੂੰ ਧੱਕੇ ਨਾਲ ਚੁੱਕ ਕੇ ਲੈ ਜਾਣਾ ਅਤਿ ਸ਼ਰਮਨਾਕ ਅਤੇ ਮੰਦਭਾਗੀ ਘਟਨਾ ਹੈ। ਪੰਜਾਬ ਪੁਲਿਸ ਮੂਕ ਦਰਸ਼ਕ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਪੁਲਿਸ ਸਰਕਾਰ ਦੇ ਰਾਜਨੀਤਿਕ ਵਿੰਗ ਵਜੋਂ ਕੰਮ ਕਰ ਰਹੀ ਹੈ । ਇਆਲੀ ਨੇ ਸਰਕਾਰ ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅੱਜ ਕਤਲ ਦੀਆਂ ਵਾਰਦਾਤਾਂ ਨੇ ਪੰਜਾਬ ਨੂੰ ਦਹਿਲਾ ਕੇ ਰੱਖ ਦਿੱਤਾ ਹੈ। ਮੋਗਾ ਦੇ ਪਿੰਡ ਵਿੱਚ ਵਾਪਰੀ ਦੋਹਰੇ ਕਤਲ ਦੀ ਘਟਨਾ ਤੋਂ ਬਾਅਦ ਸਪੱਸ਼ਟ ਹੈ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰਾਂ ਖਰਾਬ ਹੋ ਚੁੱਕੀ ਹੈ ਅਤੇ ਪੰਜਾਬ ਜੰਗਲ ਰਾਜ ਵਿੱਚ ਤਬਦੀਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਜਰੀਏ ਪੰਜਾਬ ਦੀ ਜਵਾਨੀ ਦੀ ਸਾਜਿਸ਼ੀ ਢੰਗ ਨਾਲ ਨਸਲਕੁਸ਼ੀ ਕੀਤੀ ਜਾ ਰਹੀ ਹੈ। ਨਸ਼ੇ ਨਾਲ ਹੋ ਰਹੀਆਂ ਮੌਤਾਂ ਨੂੰ ਸਿਆਸੀ ਪੁਸ਼ਤਪਨਾਹੀ ਹੇਠ ਕੀਤੀ ਜਾ ਰਹੀ ਨਸਲਕੁਸ਼ੀ ਕਰਾਰ ਦਿੰਦਿਆਂ ਇਆਲੀ ਨੇ ਕਿਹਾ ਕਿ ਅੱਜ ਪੰਜਾਬ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵੱਲ ਵੇਖ ਰਿਹਾ ਹੈ। ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਖਾਲਸਾ ਵਹੀਰ ਜਰੀਏ ਹਜਾਰਾਂ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚੋ ਬਾਹਰ ਕੱਢਿਆ ਪਰ ਸਰਕਾਰੀ ਤੰਤਰ ਨੂੰ ਇਹ ਮਨਜ਼ੂਰ ਨਹੀਂ ਸੀ। ਇਆਲੀ ਨੇ ਸਮੂਹ ਪੰਜਾਬ ਹਿਤੈਸ਼ੀ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਅਤੇ ਪੰਜਾਬੀਆਂ ਨਾਲ਼ ਕੀਤੀਆਂ ਜਾ ਰਹੀਆਂ ਜ਼ਿਆਦਤੀਆਂ ਖ਼ਿਲਾਫ਼ ਇਕਜੁਟ ਹੋਣ।