ਰਾਹੁਲ ਸ਼ਰਮਾ ਕਤਲ ਕਾਂਡ ਮਾਮਲੇ ’ਚ ਮੁਲਜ਼ਮਾਂ ਨੂੰ ਪਨਾਹ ਦੇਣ ਵਾਲਿਆਂ 'ਤੇ ਪੁਲਿਸ ਦਾ ਸ਼ਿਕੰਜਾ, ਦੋ ਨਵੇਂ ਮੁਕੱਦਮੇ ਦਰਜ
ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਰਾਹੁਲ ਸ਼ਰਮਾ ਦੀ ਹੱਤਿਆ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਨੇ ਇਸ ਸਬੰਧੀ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ। ਜਾਂਚ ਦੌਰਾਨ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਕਤਲ ਦੇ ਮਾਮਲੇ ਵਿੱਚ ਨਾਮਜ਼ਦ ਕੁਝ ਮੁਲਜ਼ਮਾਂ ਨੂੰ ਉਨ੍ਹਾਂ ਦੇ ਜਾਣਕਾਰਾਂ ਅਤੇ ਰਿਸ਼ਤੇਦਾਰਾਂ ਵੱਲੋਂ ਪਨਾਹ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਉਨ੍ਹਾਂ ਦੀ ਮਦਦ ਕਰਨ ਅਤੇ ਮਾਮਲੇ ਦੀ ਪੈਰਵੀ ਕਰਨ ਦੀਆਂ ਸੂਚਨਾਵਾਂ ਵੀ ਪੁਲਿਸ ਦੇ ਧਿਆਨ ਵਿੱਚ ਆਈਆਂ। ਇਸ ਤੋਂ ਬਾਅਦ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਮਿਲੀ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਦੋ ਨਵੇਂ ਮੁਕੱਦਮੇ ਦਰਜ ਕੀਤੇ।
Publish Date: Sat, 24 Oct 2026 11:08 AM (IST)
Updated Date: Sat, 24 Oct 2026 11:12 AM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਜਨਮਦਿਨ ਦੀ ਪਾਰਟੀ ਦੌਰਾਨ ਗੋਲੀ ਮਾਰ ਕੇ 34 ਸਾਲਾ ਰਾਹੁਲ ਸ਼ਰਮਾ ਦੀ ਹੱਤਿਆ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਜਾਂਚ ਦਾ ਘੇਰਾ ਵਧਾਉਂਦਿਆਂ ਕਤਲ ਦੇ ਮੁਲਜ਼ਮਾਂ ਨੂੰ ਪਨਾਹ ਦੇਣ ਅਤੇ ਉਨ੍ਹਾਂ ਦੀ ਮਦਦ ਕਰਨ ਦੇ ਦੋਸ਼ ਹੇਠ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਹਨ। ਥਾਣਾ ਸਦਰ ਅਤੇ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਗੁਪਤ ਸੂਚਨਾਵਾਂ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਹੈ।
ਇੱਕ ਮਾਮਲੇ ਵਿੱਚ ਟਿੱਬਾ ਰੋਡ ਸਥਿਤ ਰਾਮ ਨਗਰ ਦੇ ਵਸਨੀਕ ਵਿਕਾਸ ਜੋਸ਼ੀ ਨੂੰ ਨਾਮਜ਼ਦ ਕੀਤਾ ਗਿਆ ਹੈ, ਜਦਕਿ ਦੂਜੇ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਪੁਲਿਸ ਹੁਣ ਕਤਲ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੀ ਭਾਲ ਦੇ ਨਾਲ-ਨਾਲ ਉਨ੍ਹਾਂ ਨੂੰ ਕਥਿਤ ਤੌਰ ’ਤੇ ਪਨਾਹ ਦੇਣ ਵਾਲਿਆਂ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੀ ਹੈ।
ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਰਾਹੁਲ ਸ਼ਰਮਾ ਦੀ ਹੱਤਿਆ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਨੇ ਇਸ ਸਬੰਧੀ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ। ਜਾਂਚ ਦੌਰਾਨ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਕਤਲ ਦੇ ਮਾਮਲੇ ਵਿੱਚ ਨਾਮਜ਼ਦ ਕੁਝ ਮੁਲਜ਼ਮਾਂ ਨੂੰ ਉਨ੍ਹਾਂ ਦੇ ਜਾਣਕਾਰਾਂ ਅਤੇ ਰਿਸ਼ਤੇਦਾਰਾਂ ਵੱਲੋਂ ਪਨਾਹ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਉਨ੍ਹਾਂ ਦੀ ਮਦਦ ਕਰਨ ਅਤੇ ਮਾਮਲੇ ਦੀ ਪੈਰਵੀ ਕਰਨ ਦੀਆਂ ਸੂਚਨਾਵਾਂ ਵੀ ਪੁਲਿਸ ਦੇ ਧਿਆਨ ਵਿੱਚ ਆਈਆਂ। ਇਸ ਤੋਂ ਬਾਅਦ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਮਿਲੀ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਦੋ ਨਵੇਂ ਮੁਕੱਦਮੇ ਦਰਜ ਕੀਤੇ।
ਪਹਿਲਾ ਮੁਕੱਦਮਾ ਥਾਣਾ ਸਦਰ ਵਿੱਚ ਦਰਜ ਕੀਤਾ ਗਿਆ। ਇਸ ਮਾਮਲੇ ਵਿੱਚ ਟਿੱਬਾ ਰੋਡ ਸਥਿਤ ਰਾਮ ਨਗਰ ਦੇ ਵਸਨੀਕ ਵਿਕਾਸ ਜੋਸ਼ੀ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 249 ਤੋਂ 253 ਤਹਿਤ ਕਾਰਵਾਈ ਕੀਤੀ ਗਈ ਹੈ। ਪੁਲਿਸ ਮੁਤਾਬਕ ਜਾਂਚ ਦੌਰਾਨ ਸੂਚਨਾ ਮਿਲੀ ਸੀ ਕਿ ਉਹ ਕਤਲ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਨੂੰ ਪਨਾਹ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਮਾਲੀ ਮਦਦ ਅਤੇ ਮਾਮਲੇ ਦੀ ਪੈਰਵੀ ਕਰ ਰਿਹਾ ਹੈ। ਇਸ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਮੁਲਜਮ ਵਿਕਾਸ ਜੋਸ਼ੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ।
ਦੂਜਾ ਮੁਕੱਦਮਾ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਪੁਰਾਣੇ ਬਾਜ਼ਾਰ ਇਲਾਕੇ ਜੇ ਕੁਝ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਦਰਜ ਕੀਤਾ । ਇਸ ਮਾਮਲੇ ਵਿੱਚ ਫਿਲਹਾਲ ਕਿਸੇ ਵਿਅਕਤੀ ਪਛਾਣ ਸਾਹਮਣੇ ਨਹੀਂ ਆਈ । ਪੁਲਿਸ ਅਨੁਸਾਰ, ਕਤਲ ਦੇ ਮਾਮਲੇ ਵਿੱਚ ਨਾਮਜ਼ਦ ਅਖਿਲ ਜੋਸ਼ੀ, ਗਗਨਦੀਪ ਅਰੋੜਾ, ਅੰਮ੍ਰਿਤਪਾਲ, ਗੌਰਵ, ਗੌਤਮ, ਸਾਗਰ, ਕਰਨ, ਸਾਕਸ਼ਮ ਅਤੇ ਪਰਮਰਾਜ ਦੀ ਮਦਦ ਕਰਨ ਵਾਲਿਆਂ ਬਾਰੇ ਸੂਚਨਾ ਮਿਲੀ ਸੀ। ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਦੱਸੀ ਗਈ ਹੈ।
ਪੁਲਿਸ ਨੂੰ ਸ਼ੱਕ ਹੈ ਕਿ ਕੁਝ ਵਿਅਕਤੀ ਉਨ੍ਹਾਂ ਨੂੰ ਪਨਾਹ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਮਾਲੀ ਮਦਦ ਅਤੇ ਮਾਮਲੇ ਦੀ ਪੈਰਵੀ ਵਿੱਚ ਸਹਿਯੋਗ ਕਰ ਰਹੇ ਹਨ। ਇਸੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਰਾਹੁਲ ਸ਼ਰਮਾ ਦੀ ਇਕ ਜਨਮਦਿਨ ਦੀ ਪਾਰਟੀ ਦੌਰਾਨ ਹੋਏ ਝਗੜੇ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਕਤਲ ਦੇ ਮਾਮਲੇ ਵਿੱਚ ਕਈ ਨੌਜਵਾਨਾਂ ਨੂੰ ਨਾਮਜ਼ਦ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕੀਤੀ ਸੀ। ਹੁਣ ਜਾਂਚ ਦੌਰਾਨ ਸਾਹਮਣੇ ਆਏ ਪਨਾਹ ਦੇਣ ਅਤੇ ਮਦਦ ਕਰਨ ਦੇ ਸ਼ੱਕ ਨੇ ਪੁਲਿਸ ਦੀ ਕਾਰਵਾਈ ਦਾ ਦਾਇਰਾ ਹੋਰ ਵਧਾ ਦਿੱਤਾ ਹੈ।
ਪੁਲਿਸ ਵੱਲੋਂ ਦਰਜ ਕੀਤੇ ਗਏ ਦੋਵੇਂ ਮੁਕੱਦਮਿਆਂ ਤੋਂ ਬਾਅਦ ਹੁਣ ਜਾਂਚ ਦਾ ਮੁੱਖ ਕੇਂਦਰ ਕਤਲ ਦੇ ਮੁਲਜ਼ਮਾਂ ਤੱਕ ਪਹੁੰਚਣਾ ਅਤੇ ਉਨ੍ਹਾਂ ਨੂੰ ਕਥਿਤ ਤੌਰ ’ਤੇ ਪਨਾਹ ਦੇਣ ਵਾਲਿਆਂ ਦੀ ਪਛਾਣ ਕਰਨਾ ਹੈ। ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮੁਲਜ਼ਮ ਕਿੱਥੇ ਲੁਕੇ ਹੋਏ ਹਨ ਅਤੇ ਉਨ੍ਹਾਂ ਨੂੰ ਕਿਹੜੇ ਵਿਅਕਤੀਆਂ ਵੱਲੋਂ ਸਹਾਇਤਾ ਦਿੱਤੀ ਜਾ ਰਹੀ ਹੈ। ਪੁਲਿਸ ਅਨੁਸਾਰ, ਕਤਲ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੀ ਭਾਲ ਜਾਰੀ ਹੈ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜਮਾਂ ਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾਵੇਗਾ।