ਪਾਵਰਕਾਮ ਠੇਕਾ ਕਾਮਿਆਂ ਨੇ ਅਰੋੜਾ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਪਾਵਰਕਾਮ ਠੇਕਾ ਕਾਮਿਆਂ ਨੇ ਬਿਜਲੀ ਮੰਤਰੀ ਅਰੋੜਾ ਦੇ ਘਰ ਨੇੜੇ ਕੀਤਾ ਰੋਸ ਪ੍ਰਦਰਸ਼ਨ
Publish Date: Thu, 07 May 2026 09:59 PM (IST)
Updated Date: Fri, 08 May 2026 04:18 AM (IST)

ਪ੍ਰਿੰਸ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣ ਪਾਵਰਕਾਮ ਅਤੇ ਟਰਾਂਸਕੋ ਦੇ ਠੇਕਾ ਕਾਮਿਆਂ ਨੇ ਆਪਣੀਆਂ ਲੰਬਿਤ ਮੰਗਾਂ ਦੇ ਹੱਕ ਵਿੱਚ ਵੀਰਵਾਰ ਨੂੰ ਗੁਰਦੇਵ ਨਗਰ ਨੇੜੇ ਬਿਜਲੀ ਮੰਤਰੀ ਸੰਜੀਵ ਅਰੋੜਾ ਦੇ ਘਰ ਦੇ ਨੇੜੇ ਸਥਿਤ ਫਿਰੋਜਪੁਰ ਰੋਡ ਤੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਠੇਕਾ ਕਾਮਿਆਂ ਨੇ ਫਿਰੋਜ਼ਪੁਰ ਰੋਡ ਦੇ ਇੱਕ ਪਾਸੇ ਧਰਨਾ ਲਗਾ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ, ਜਿਸ ਕਾਰਨ ਕੁਝ ਸਮੇਂ ਲਈ ਟ੍ਰੈਫਿਕ ਵਿਵਸਥਾ ਪ੍ਰਭਾਵਿਤ ਰਹੀ ਅਤੇ ਰਾਹਗੀਰਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਸਥਿਤੀ ਨੂੰ ਦੇਖਦਿਆਂ ਪੁਲਿਸ ਨੇ ਬਿਜਲੀ ਮੰਤਰੀ ਦੇ ਘਰ ਵੱਲ ਜਾਣ ਵਾਲੇ ਰਸਤੇ ‘ਤੇ ਬੈਰੀਕੇਡਿੰਗ ਕਰਕੇ ਸੁਰੱਖਿਆ ਕੜੀ ਕਰ ਦਿੱਤੀ ਅਤੇ ਟ੍ਰੈਫਿਕ ਨੂੰ ਬਦਲਵੇਂ ਰੂਟਾਂ ਵੱਲ ਮੋੜਿਆ ਗਿਆ। ਇਸ ਮੌਕੇ ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਪਾਵਰਕਾਮ ਐਂਡ ਟਰਾਂਸਕੋ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਕਟਾਰੀਆ, ਸ਼ੇਰ ਸਿੰਘ ਖੰਨਾ, ਸੂਬਾ ਜਨਰਲ ਸਕੱਤਰ ਰਾਜੇਸ਼ ਕੁਮਾਰ ਅਤੇ ਇੰਦਰਪ੍ਰੀਤ ਸਿੰਘ ਨੇ ਕਿਹਾ ਕਿ ਆਊਟਸੋਰਸ ਠੇਕਾ ਕਾਮੇ ਲੰਬੇ ਸਮੇਂ ਤੋਂ ਵਿਭਾਗ ਵਿੱਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਾਰ-ਵਾਰ ਮੀਟਿੰਗਾਂ ਦੇ ਭਰੋਸੇ ਦੇ ਕੇ ਮਾਮਲੇ ਨੂੰ ਟਾਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਬਿਜਲੀ ਖੇਤਰ ਵਿੱਚ ਨਿੱਜੀਕਰਨ ਦੀ ਨੀਤੀ ਨੂੰ ਅੱਗੇ ਵਧਾਉਣ ਲਈ ਨਵੇਂ ਟੈਂਡਰ ਜਾਰੀ ਕਰ ਰਹੀ ਹੈ, ਜਿਸ ਨਾਲ ਠੇਕਾ ਕਾਮਿਆਂ ਦਾ ਭਵਿੱਖ ਅਸੁਰੱਖਿਅਤ ਹੋ ਰਿਹਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਆਊਟਸੋਰਸ ਕਰਮਚਾਰੀਆਂ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਲ ਕਰਨਾ, ਘੱਟੋ-ਘੱਟ ਗੁਜ਼ਾਰੇਯੋਗ ਤਨਖਾਹ ਲਾਗੂ ਕਰਨਾ, ਕਰੰਟ ਲੱਗਣ ਕਾਰਨ ਮਾਰੇ ਜਾਂ ਅਪਾਹਜ ਹੋਏ ਕਾਮਿਆਂ ਦੇ ਪਰਿਵਾਰਾਂ ਨੂੰ ਪੱਕੀ ਨੌਕਰੀ ਅਤੇ ਪੈਨਸ਼ਨ ਦੀ ਗਰੰਟੀ ਦੇਣਾ ਅਤੇ ਠੇਕਾ ਪ੍ਰਣਾਲੀ ਨੂੰ ਖਤਮ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਕਈ ਨਿੱਜੀ ਕੰਪਨੀਆਂ ਵੱਲੋਂ ਕਾਮਿਆਂ ਦੇ ਬਕਾਇਆ ਭੁਗਤਾਨ ਵੀ ਰੋਕੇ ਹੋਏ ਹਨ, ਜਿਸ ਕਾਰਨ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਲੁਧਿਆਣਾ ਦੌਰੇ ਦੌਰਾਨ ਬਿਜਲੀ ਮੰਤਰੀ ਦਾ ਕਾਲੇ ਝੰਡਿਆਂ ਨਾਲ ਵਿਰੋਧ ਕੀਤਾ ਜਾਵੇਗਾ।