ਅਦਾਲਤ ’ਚ ਪੇਸ਼ ਕਰਨ ਤੋਂ ਬਾਅਦ ਥਾਣੇ ਲਿਆ ਰਹੀ ਸੀ ਪੁਲਿਸ, ਕਾਰ ਦੀ ਤਾਕੀ ਖੋਲ੍ਹ ਕੇ ਮੁਲਜ਼ਮ ਰਫੂ ਚੱਕਰ, ਪੁਲਿਸ ਨੂੰ ਪਈਆਂ ਭਾਜੜਾਂ
ਵਾਹਨ ਚੋਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਮੁਲਜ਼ਮ ਫਰਾਰ ਹੋ ਗਿਆ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਮੁਲਜ਼ਮ ਨੂੰ ਉਸ ਦੇ ਸਾਥੀਆਂ ਸਮੇਤ ਅਦਾਲਤ ਵਿੱਚ ਪੇਸ਼ ਕਰਕੇ ਥਾਣੇ ਲਿਆ ਰਹੀ ਸੀ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਮੁਲਜ਼ਮ ਵਿੱਕੀ ਰਾਜ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
Publish Date: Mon, 26 Jan 2026 10:36 AM (IST)
Updated Date: Mon, 26 Jan 2026 10:41 AM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਵਾਹਨ ਚੋਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਮੁਲਜ਼ਮ ਫਰਾਰ ਹੋ ਗਿਆ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਮੁਲਜ਼ਮ ਨੂੰ ਉਸ ਦੇ ਸਾਥੀਆਂ ਸਮੇਤ ਅਦਾਲਤ ਵਿੱਚ ਪੇਸ਼ ਕਰਕੇ ਥਾਣੇ ਲਿਆ ਰਹੀ ਸੀ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਮੁਲਜ਼ਮ ਵਿੱਕੀ ਰਾਜ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਬੀਤੇ ਦਿਨੀਂ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਇੱਕ ਗੁਪਤ ਸੂਚਨਾ ਦੇ ਆਧਾਰ ’ਤੇ ਸਮਰਾਲਾ ਚੌਂਕ ਦੇ ਰਹਿਣ ਵਾਲੇ ਜਮੀਪਾਲ , ਜਗਦੀਪ ਸਿੰਘ ਅਤੇ ਰੇਲਵੇ ਸਟੇਸ਼ਨ ਦੇ ਵਾਸੀ ਵਿੱਕੀ ਰਾਜ ਨੂੰ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਚੋਰੀਸ਼ੁਦਾ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਸੀ। ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਮੁਲਜ਼ਮਾਂ ਦੇ ਮਚੋਰੀ ਦਾ ਮੁਕਦਮਾ ਦਰਜ ਕਰਕੇ ਬੀਤੇ ਦਿਨ ਉਹਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ।
ਏਐੱਸਆਈ ਜਸਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਇੱਕ ਦਿਨ ਦਾ ਰਿਮਾਂਡ ਹਾਸਿਲ ਕਰਕੇ ਮੁਲਜ਼ਮਾਂ ਨੂੰ ਥਾਣੇ ਲਿਆ ਰਹੀ ਸੀ। ਜਿਵੇਂ ਹੀ ਉਹ ਜੇਐੱਮਡੀ ਮਾਲ ਦੇ ਲਾਗੇ ਪਹੁੰਚੇ ਤਾਂ ਗੱਡੀ ਵਿੱਚ ਬੈਠੇ ਵਿਕੀ ਰਾਜ ਨੇ ਬੜੀ ਹੀ ਚਤੁਰਾਈ ਨਾਲ ਹੱਥ ਕੜੀ ’ਚੋਂ ਆਪਣਾ ਹੱਥ ਕੱਢ ਲਿਆ। ਮੌਕਾ ਮਿਲਦੇ ਹੀ ਮੁਲਜ਼ਮ ਗੱਡੀ ਦੀ ਤਾਕੀ ਖੋਲ੍ਹ ਕੇ ਫਰਾਰ ਹੋ ਗਿਆ। ਸਾਥੀ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਪਰ ਮੁਲਜ਼ਮ ਸਬੰਧੀ ਕੋਈ ਜਾਣਕਾਰੀ ਨਾ ਮਿਲ ਸਕੀ।
ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਵਿੱਕੀ ਰਾਜ ਦੇ ਖ਼ਿਲਾਫ਼ ਇੱਕ ਹੋਰ ਮੁਕਦਮਾ ਦਰਜ ਕਰਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।