ਰੇਹੜੇ ’ਤੇ ਬਾਈਕ ਰੱਖ ਕੇ ਕੀਤਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਪੈਟਰੋਲ 'ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਚੱਲਦੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
Publish Date: Tue, 19 May 2026 09:14 PM (IST)
Updated Date: Wed, 20 May 2026 04:13 AM (IST)
ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ
ਮਹਾਨਗਰ ਲੁਧਿਆਣਾ ਦੇ ਕਸਬਾ ਸਾਹਨੇਵਾਲ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਪੈਟਰੋਲ 'ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਚੱਲਦੇ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇ ਖਿਲਾਫ ਅਨੋਖੋ ਢੰਗ ਨਾਲ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੀ ਅਗਵਾਈ ਵਾਰਡ ਨੰਬਰ 5 ਤੋਂ ਆਪ ਦੇ ਇੰਚਾਰਜ ਧਰਮਿੰਦਰ ਕੁਮਾਰ ਕਾਲੀ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰ ਦੀਪਕ ਦੀਨੂੰ ਨੇ ਕੀਤੀ।
ਇਸ ਦੌਰਾਨ ਉਨ੍ਹਾਂ ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਕਾਰਨ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ। ਪ੍ਰਦਰਸ਼ਨ ਦੌਰਾਨ ਉਨ੍ਹਾਂ ਵੱਲੋਂ ਰੇਹੜੀ ‘ਤੇ ਮੋਟਰਸਾਈਕਲ ਰੱਖ ਕੇ ਕੇਂਦਰ ਸਰਕਾਰ ਤੋਂ ਵਧੀਆਂ ਕੀਮਤਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ। ਇਸ ਮੌਕੇ ਧਰਮਿੰਦਰ ਕੁਮਾਰ ਕਾਲੀ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਵਿੱਚ ਹੋ ਰਹੇ ਲਗਾਤਾਰ ਵਾਧੇ ਕਾਰਨ ਆਮ ਜਨਤਾ ਦੀ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਨੇ ਪਹਿਲਾਂ ਹੀ ਲੋਕਾਂ ਦੀ ਕਮਰ ਤੋੜ ਦਿੱਤੀ ਹੈ ਅਤੇ ਹੁਣ ਤੇਲ ਦੀਆਂ ਕੀਮਤਾਂ ਵੱਧਣ ਦੇ ਕਾਰਨ ਹਰ ਇੱਕ ਚੀਜ ਤੇ ਮਹਿੰਗਾਈ ਦੀ ਮਾਰ ਪਵੇਗੀ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਵਾਪਸ ਨਾ ਲਿਆ ਗਿਆ ਤਾਂ ਮਜਬੂਰਨ ਸਾਨੂੰ ਸੰਘਰਸ਼ ਨੂੰ ਹੋਰ ਤਿੱਖਾ ਕਰਨਾ ਪਵੇਗਾ। ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਸ਼ਸ਼ੀਕਾਂਤ, ਤਿੰਦੀ, ਲੱਖਾ, ਰਿੰਕੂ, ਜਿਨਕਾ, ਮਨਪ੍ਰੀਤ ਸਿੰਘ ਹਾਜ਼ਰ ਸਨ।