ਸ਼ੱਕੀ ਹਾਲਾਤ ’ਚ ਔਰਤ ਦੀ ਮੌਤ ਦੇ ਮਾਮਲੇ ’ਚ ਥਾਣੇ ਅੱਗੇ ਧਰਨਾ
ਸ਼ੱਕੀ ਹਾਲਾਤਾਂ ਵਿੱਚ ਔਰਤ ਦੀ ਹੋਈ ਮੌਤ ਦੇ ਮਾਮਲੇ ਵਿੱਚ ਥਾਣੇ ਅੱਗੇ ਧਰਨਾ
Publish Date: Sat, 21 Mar 2026 10:32 PM (IST)
Updated Date: Sun, 22 Mar 2026 04:17 AM (IST)

ਪੁਲਿਸ ’ਤੇ ਲੱਗੇ ਕਾਰਵਾਈ ’ਚ ਦੇਰੀ ਦੇ ਦੋਸ਼ ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ ਸਨਅਤੀ ਸ਼ਹਿਰ ਲੁਧਿਆਣਾ ਦੇ ਡਾਬਾ ਥਾਣਾ ਇਲਾਕੇ ’ਚ ਇੱਕ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ ਤੋਂ ਬਾਅਦ ਮਾਹੌਲ ਤਣਾਅ ਭਰਿਆ ਬਣ ਗਿਆ। ਕਾਰਵਾਈ ’ਚ ਦੇਰੀ ਦੇ ਦੋਸ਼ ਲਾਉਂਦੇ ਹੋਏ ਗੁੱਸੇ ’ਚ ਆਏ ਪਰਿਵਾਰਕ ਮੈਂਬਰਾਂ ਨੇ ਥਾਣੇ ਦੇ ਮੁੱਖ ਗੇਟ ਅੱਗੇ ਧਰਨਾ ਦੇ ਕੇ ਪੁਲਿਸ ਖ਼ਿਲਾਫ਼ ਜ਼ੋਰਦਾਰ ਨਾਰੇਬਾਜ਼ੀ ਕੀਤੀ। ਜਾਣਕਾਰੀ ਅਨੁਸਾਰ 19 ਮਾਰਚ ਨੂੰ ਬਾਗੀ ਸਟੈਂਡ ਦੀ ਰਹਿਣ ਵਾਲੀ 32 ਸਾਲਾ ਅਮਨਦੀਪ ਕੌਰ ਦੀ ਲਾਸ਼ ਘਰ ’ਚ ਪੱਖੇ ਨਾਲ ਲਟਕੀ ਹੋਈ ਮਿਲੀ ਸੀ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ ’ਤੇ ਪਹੁੰਚੀ ਡਾਬਾ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ। ਮ੍ਰਿਤਕਾ ਦੀ ਮਾਂ ਕੁਲਵੰਤ ਕੌਰ ਨੇ ਦੋਸ਼ ਲਾਇਆ ਕਿ ਉਸ ਦੀ ਧੀ ਦੀ ਸ਼ਾਦੀ ਹੋਈ ਹੋਈ ਸੀ ਅਤੇ ਉਸ ਦੇ 2 ਬੱਚੇ ਵੀ ਹਨ ਪਰ ਉਹ ਆਪਣੇ ਪਤੀ ਤੋਂ ਵੱਖ ਰਹਿ ਕੇ ਇੱਕ ਨੌਜਵਾਨ ਨਾਲ ਲਿਵ-ਇਨ ਰਿਲੇਸ਼ਨ ’ਚ ਰਹਿ ਰਹੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਘਟਨਾ ਤੋਂ ਪਹਿਲਾਂ ਧੀ ਦਾ ਉਸ ਨੌਜਵਾਨ ਨਾਲ ਝਗੜਾ ਹੋਇਆ ਸੀ ਤੇ ਇਸ ਤੋਂ ਬਾਅਦ ਉਸ ਦੀ ਹੱਤਿਆ ਕਰ ਕੇ ਲਾਸ਼ ਨੂੰ ਪੱਖੇ ਨਾਲ ਲਟਕਾ ਕੇ ਇਸ ਨੂੰ ਖੁਦਕੁਸ਼ੀ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ ਗਈ। ਪਰਿਵਾਰ ਦਾ ਦੋਸ਼ ਹੈ ਕਿ 3 ਦਿਨ ਬੀਤਣ ਦੇ ਬਾਵਜੂਦ ਪੁਲਿਸ ਵੱਲੋਂ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਉਨ੍ਹਾਂ ਨੂੰ ਮਜਬੂਰਨ ਥਾਣੇ ਦੇ ਬਾਹਰ ਧਰਨਾ ਦੇਣਾ ਪਿਆ। ਉਨ੍ਹਾਂ ਨੇ ਦੱਸਿਆ ਕਿ ਨੌਜਵਾਨ ਵਾਰਦਾਤ ਤੋਂ ਬਾਅਦ ਤੋਂ ਫਰਾਰ ਹੈ ਪਰ ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਮਾਮਲੇ ਨੂੰ ਟਾਲ ਰਹੀ ਹੈ। ਇਸ ਦੇ ਨਾਲ ਹੀ ਪਰਿਵਾਰ ਨੇ ਇਹ ਵੀ ਦੋਸ਼ ਲਾਇਆ ਕਿ ਜਦੋਂ ਉਹ ਸ਼ਿਕਾਇਤ ਦੇਣ ਲਈ ਥਾਣੇ ਗਏ ਤਾਂ ਉਨ੍ਹਾਂ ਨਾਲ ਠੀਕ ਵਤੀਰਾ ਨਹੀਂ ਕੀਤਾ ਗਿਆ ਤੇ ਉਨ੍ਹਾਂ ਨੂੰ ਬਾਹਰ ਕੱਢ ਦਿੱਤਾ ਗਿਆ। ਪਰਿਵਾਰ ਨੇ ਇਹ ਵੀ ਕਿਹਾ ਕਿ ਪੁਲਿਸ ਉਨ੍ਹਾਂ ’ਤੇ ਸਮਝੌਤਾ ਕਰਨ ਲਈ ਦਬਾਅ ਬਣਾ ਰਹੀ ਹੈ ਤੇ ਮਾਮਲੇ ਨੂੰ ਰਫਾ-ਦਫਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਦੋਸ਼ੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਕੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਉਧਰ, ਥਾਣਾ ਡਾਬਾ ਦੇ ਪੁਲਿਸ ਕਰਮੀ ਸੁਭਾਸ਼ ਰਾਏ ਨੇ ਦੱਸਿਆ ਕਿ ਔਰਤ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਮੁਤਾਬਕ ਦੋਹਾਂ ਪੱਖਾਂ ’ਚ ਸਮਝੌਤਾ ਹੋ ਗਿਆ ਹੈ, ਜਿਸ ਦੇ ਚੱਲਦੇ ਧਾਰਾ 194 ਬੀਐੱਨਐੱਸ ਅਧੀਨ ਕਾਰਵਾਈ ਕੀਤੀ ਗਈ ਹੈ।