ਕੀਮਤਾਂ ’ਚ ਵਾਧਾ ਕਰ ਕੇ ਕੇਂਦਰ ਨੇ ਤੋੜਿਆ ਲੋਕਾਂ ਦਾ ਲੱਕ : ਬੈਂਸ
ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਦੇ ਵਿਰੋਧ ’ਚ ਆਤਮ ਨਗਰ ਤੇ ਦੱਖਣੀ ਹਲਕੇ ਦੇ ਕਾਂਗਰਸੀਆਂ ਵੱਲੋਂ ਰੋਸ ਮਾਰਚ
Publish Date: Sat, 30 May 2026 07:58 PM (IST)
Updated Date: Sun, 31 May 2026 04:06 AM (IST)

ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਦੇ ਵਿਰੋਧ ’ਚ ਆਤਮ ਨਗਰ ਤੇ ਦੱਖਣੀ ਹਲਕੇ ਦੇ ਕਾਂਗਰਸੀਆਂ ਵੱਲੋਂ ਰੋਸ ਮਾਰਚ --- ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਦੇਸ਼ ਅੰਦਰ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਹਰ ਰੋਜ਼ ਵਧ ਰਹੀਆਂ ਕੀਮਤਾਂ ਅਤੇ ਅਸਮਾਨ ਛੂਹ ਰਹੀ ਮਹਿੰਗਾਈ ਦੇ ਖ਼ਿਲਾਫ਼ ਅੱਜ ਹਲਕਾ ਆਤਮ ਨਗਰ ਅਤੇ ਹਲਕਾ ਲੁਧਿਆਣਾ ਦੱਖਣੀ ਦੇ ਕਾਂਗਰਸੀਆਂ ਨੇ ਮਾਡਲ ਟਾਊਨ ਮੇਨ ਮਾਰਕੀਟ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਤੇ ਰੋਸ ਪ੍ਰਦਰਸ਼ਨ ਕੀਤਾ ਅਤੇ ਜੰਮ ਕੇ ਹੋਈ ਨਾਅਰੇਬਾਜ਼ੀ ਵੀ ਕੀਤੀ। ਰੋਸ ਪ੍ਰਦਰਸ਼ਨ ਕੀਤ ਅਗਵਾਈ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਸਾਬਕਾ ਵਿਧਾਇਕ ਤੇ ਮੈਂਬਰ ਐਸਜੀਪੀਸੀ ਬਲਵਿੰਦਰ ਸਿੰਘ ਬੈਂਸ (ਬੈਂਸ ਭਰਾਵਾਂ) ਨੇ ਕੀਤੀ। ਇਹ ਰੋਸ ਮਾਰਚ ਹਲਕਾ ਆਤਮ ਨਗਰ ਅਤੇ ਦੱਖਣੀ ਦੇ ਅਧੀਨ ਆਉਂਦੇ ਮਾਡਲ ਟਾਊਨ ਦੀ ਮੇਨ ਮਾਰਕੀਟ ਵਿੱਚ ਕੱਢਿਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ, ਦੁਕਾਨਦਾਰਾਂ ਅਤੇ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਕੇਂਦਰ ਸਰਕਾਰ ਦੀਆਂ ਜਨਤਾ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਹਰ ਰੋਜ਼ ਪੈਟਰੋਲ, ਡੀਜ਼ਲ ਅਤੇ ਘਰੇਲੂ ਗੈਸ ਸਿਲੰਡਰਾਂ ਦੇ ਰੇਟ ਵਧਣ ਕਾਰਨ ਆਮ ਤੇ ਮੱਧ ਵਰਗੀ ਪਰਿਵਾਰਾਂ ਦਾ ਬਜਟ ਪੂਰੀ ਤਰ੍ਹਾਂ ਵਿਗੜ ਚੁੱਕਾ ਹੈ। ਮਹਿੰਗਾਈ ਨੇ ਗਰੀਬ ਜਨਤਾ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਅਤੇ ਲੋਕਾਂ ਲਈ ਦੋ ਵੇਲੇ ਦੀ ਰੋਟੀ ਕਮਾਉਣੀ ਵੀ ਦੁਭਰ ਹੋ ਗਈ ਹੈ। ਕਾਂਗਰਸੀ ਆਗੂਆਂ ਨੇ ਆਖਿਆ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਆਮ ਲੋਕਾਂ ਦੀ ਜੇਬ ਤੇ ਡਾਕਾ ਮਾਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਵਧੀਆਂ ਹੋਈਆਂ ਕੀਮਤਾਂ ਨੂੰ ਤੁਰੰਤ ਵਾਪਸ ਲਿਆ ਜਾਵੇ, ਤਾਂ ਜੋ ਜਨਤਾ ਨੂੰ ਰਾਹਤ ਮਿਲ ਸਕੇ। ਇਸ ਰੋਸ ਪ੍ਰਦਰਸ਼ਨ ਦੌਰਾਨ ਹਾਜ਼ਰ ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਪਾਰਟੀ ਦੇ ਝੰਡੇ ਅਤੇ ਤਖ਼ਤੀਆਂ ਫੜ ਕੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵੱਖ-ਵੱਖ ਵਾਰਡਾਂ ਦੇ ਕਾਂਗਰਸੀ ਆਗੂ, ਮਹਿਲਾ ਵਿੰਗ ਦੀਆਂ ਬੀਬੀਆਂ ਅਤੇ ਭਾਰੀ ਗਿਣਤੀ ਵਿੱਚ ਸਥਾਨਕ ਲੋਕ ਮੌਜੂਦ ਸਨ, ਜਿਨ੍ਹਾਂ ਨੇ ਮਹਿੰਗਾਈ ਖ਼ਿਲਾਫ਼ ਇਸ ਮੁਹਿੰਮ ਨੂੰ ਜਨ-ਅੰਦੋਲਨ ਬਣਾਉਣ ਦਾ ਅਹਿਦ ਲਿਆ। ਇਸ ਮੌਕੇ ’ਤੇ ਕੌਂਸਲਰ ਹਰਵਿੰਦਰ ਸਿੰਘ ਸਿੰਘ ਕਲੇਰ, ਅਰਜਨ ਸਿੰਘ ਚੀਮਾ, ਬਲਾਕ ਪ੍ਰਧਾਨ ਟੋਨੀ ਅਰੋੜਾ, ਬਲਾਕ ਪ੍ਰਧਾਨ ਬਲਜੀਤ ਸਿੰਘ ਮਾਨ, ਬਲਦੇਵ ਸਿੰਘ, ਪ੍ਰਧਾਨ ਰਜੇਸ਼ ਖੋਖਰ, ਪਾਰਿਕ ਸ਼ਰਮਾ, ਮੋਹਣ ਸਿੰਘ ਲੰਬੜਦਾਰ, ਜਸਵਿੰਦਰ ਸਿੰਘ ਮਾਨ, ਬਿੱਟੂ ਘਟੋੜੇ ਆਦਿ ਹਾਜ਼ਰ ਸਨ।